ਨਵੀਂ ਦਿੱਲੀ: ਕੋਲਕਾਤਾ ਦੇ ਡਾਕਟਰ ਜਬਰਜਨਾਹ ਤੇ ਕਤਲ ਦੇ ਮਾਮਲੇ ਨੂੰ ਲੈ ਕੇ ਡਾਕਟਰ ਕਾਫੀ ਨਾਰਾਜ਼ ਹਨ। ਦੇਸ਼ ਭਰ ਵਿੱਚ ਡਾਕਟਰਾਂ ਅਤੇ ਨਰਸਾਂ ਨੇ ਹੜਤਾਲ ਕਰ ਦਿੱਤੀ ਹੈ, ਜਿਸ ਕਾਰਨ ਸਿਹਤ ਸੇਵਾਵਾਂ ਠੱਪ ਹੋ ਗਈਆਂ ਹਨ। ਭਲਕੇ ਵੀ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਹੜਤਾਲੀ ਡਾਕਟਰਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਸਾਰੇ ਸਿਹਤ ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਬਣਾਏ।
ਇਸ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦੇ ਹੋਏ ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਹੁਕਮ ਜਾਰੀ ਕੀਤਾ ਹੈ ਕਿ ਜੇਕਰ ਕਿਸੇ ਡਾਕਟਰ ਨਾਲ ਕਿਸੇ ਤਰ੍ਹਾਂ ਦੀ ਹਿੰਸਾ ਹੁੰਦੀ ਹੈ ਤਾਂ ਉਸ ਲਈ ਮੈਡੀਕਲ ਕਾਲਜ ਜਾਂ ਹਸਪਤਾਲ ਦਾ ਮੁਖੀ ਜ਼ਿੰਮੇਵਾਰ ਹੋਵੇਗਾ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਿਹਤ ਕਰਮਚਾਰੀਆਂ ’ਤੇ ਕਿਸੇ ਵੀ ਤਰ੍ਹਾਂ ਦੀ ਹਿੰਸਾ ਹੋਣ ’ਤੇ ਘਟਨਾ ਦੇ 6 ਘੰਟਿਆਂ ਦੇ ਅੰਦਰ ਐੱਫ.ਆਈ.ਆਰ. ਦਰਜ ਕਰਵਾਈ ਜਾਵੇ। ਅਜਿਹਾ ਨਾ ਹੋਣ ’ਤੇ ਮੈਡੀਕਲ ਕਾਲਜ ਦੇ ਮੁਖੀ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਸਕਦੀ ਹੈ।
ਦਰਅਸਲ, ਹੜਤਾਲੀ ਡਾਕਟਰਾਂ ਦੀ ਸਭ ਤੋਂ ਅਹਿਮ ਮੰਗ ਸੀ ਕਿ ਕੇਂਦਰ ਸਰਕਾਰ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਾਨੂੰਨ ਪਾਸ ਕਰੇ। ਉਨ੍ਹਾਂ ਅਨੁਸਾਰ ਹਰ ਰੋਜ਼ ਕਿਤੇ ਨਾ ਕਿਤੇ ਡਾਕਟਰਾਂ ’ਤੇ ਹਮਲੇ ਹੋ ਰਹੇ ਹਨ। ਉਨ੍ਹਾਂ ਦੀ ਜਾਨ-ਮਾਲ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਅਜਿਹੇ ਵਿੱਚ ਡਾਕਟਰਾਂ ਦੀ ਮੰਗ ਸੀ ਕਿ ਕੇਂਦਰ ਸਰਕਾਰ ਇੱਕ ਕਾਨੂੰਨ ਰਾਹੀਂ ਪੂਰੇ ਦੇਸ਼ ਵਿੱਚ ਡਾਕਟਰਾਂ ਦੀ ਸੁਰੱਖਿਆ ਲਈ ਢੁਕਵਾਂ ਕਾਨੂੰਨ ਬਣਾਏ। ਹੜਤਾਲੀ ਡਾਕਟਰਾਂ ਨੇ ਇਸ ਸਬੰਧੀ ਕੇਂਦਰ ਸਰਕਾਰ ਅਤੇ ਸਿਹਤ ਮੰਤਰੀ ਨੂੰ ਪੱਤਰ ਵੀ ਲਿਖਿਆ ਸੀ।
ਕੇਂਦਰ ਸਰਕਾਰ ਨੇ ਡਾਕਟਰਾਂ ਦਾ ਸਮਰਥਨ ਕਰਨ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਗੱਲ ਕੀਤੀ ਸੀ। ਹਾਲਾਂਕਿ ਸਿਹਤ ਕਰਮਚਾਰੀਆਂ ਦੀ ਸੁਰੱਖਿਆ ਲਈ ਕੋਈ ਕਾਨੂੰਨ ਲਿਆਉਣ ਦੀ ਗੱਲ ਨਹੀਂ ਹੈ ਪਰ ਅੱਜ ਕੇਂਦਰ ਸਰਕਾਰ ਵੱਲੋਂ ਇਕ ਹੁਕਮ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਸਿਹਤ ਕਰਮਚਾਰੀਆਂ ਨਾਲ ਕਿਸੇ ਵੀ ਤਰ੍ਹਾਂ ਦੀ ਹਿੰਸਾ ਹੋਣ ਦੀ ਸੂਰਤ ’ਚ ਮੈਡੀਕਲ ਕਾਲਜ ਦੇ ਮੁਖੀ ਨੂੰ ਤਤਕਾਲ ਇਸ ਦੀ ਸੂਚਨਾ ਪੁਲਿਸ ਨੂੰ ਦੇਣੀ ਲਾਜ਼ਮੀ ਹੋਵੇਗੀ ਅਤੇ ਘਟਨਾ ਦੀ ਐਫਆਈਆਰ ਦਰਜ ਕਰਨਾ ਵੀ ਜ਼ਰੂਰੀ ਹੋਵੇਗਾ।