ਫਰੀਦਕੋਟ : ਕੋਟਕਪੂਰਾ ਗੋਲੀ ਕਾਂਡ ਮਾਮਲਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ । ਕੋਟਕਪੂਰਾ ਗੋਲੀ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਗ੍ਰਿਫ਼ਤਾਰੀ ਤੋਂ ਬਚਣ ਲਈ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਪਾਈ ਸੀ। ਇਸ ਉੱਪਰ ਮੰਗਲਵਾਰ ਨੂੰ ਕਰੀਬ ਤਿੰਨ ਘੰਟੇ ਲੰਬੀ ਬਹਿਸ ਹੋਈ। ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਜ਼ਮਾਨਤ ਦੀਆਂ ਅਰਜ਼ੀਆਂ ਉੱਪਰ ਬਹਿਸ ਮੁਕੰਮਲ ਹੋਣ ਤੋਂ ਬਾਅਦ ਇਸ ਕੇਸ ਦੀ ਸੁਣਵਾਈ 15 ਮਾਰਚ ਤੱਕ ਮੁਲਤਵੀ ਕਰ ਦਿੱਤੀ ਸੀ। ਪਰ ਅੱਜ ਫਰੀਦਕੋਟ ਦੀ ਅਦਾਲਤ ਨੇ ਇਹ ਫ਼ੈਸਲਾ 16 ਮਾਰਚ ਤੱਕ ਸੁਰੱਖਿਅਤ ਰੱਖ ਲਿਆ ਹੈ।
ਦੱਸ ਦਈਏ ਕਿ ਕੋਟਕਪੂਰਾ ਗੋਲੀਕਾਂਡ ਵਿੱਚ ਗ੍ਰਿਫਤਾਰੀ ਤੋਂ ਬਚਣ ਦੇ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਫਰੀਦਕੋਟ ਅਦਾਲਤ ਦਾ ਰੁਖ ਕੀਤਾ ਸੀ। ਦੋਵਾਂ ਨੇ ਅਗਾਊਂ ਜ਼ਮਾਨਤ ਦੀ ਪਟੀਸ਼ਨ ਅਦਾਲਤ ਵਿੱਚ ਦਾਖਲ ਕੀਤੀ ਸੀ ਜਿਸ ਦੀ ਸੁਣਵਾਈ ਲੰਘੇ ਕੱਲ੍ਹ 14 ਮਾਰਚ ਨੂੰ ਹੋਈ ਸੀ । ਇਸ ਤੋਂ ਪਹਿਲਾਂ ਕੋਟਕਪੂਰਾ ਗੋਲੀਕਾਂਡ ਵਿੱਚ SIT ਨੇ ਚਾਰਜਸ਼ੀਟ ਫਾਈਲ ਕੀਤੀ ਸੀ ਜਿਸ ਤੋਂ ਬਾਅਦ ਫਰੀਦਕੋਟ ਅਦਾਲਤ ਨੇ 23 ਮਾਰਚ ਨੂੰ ਪ੍ਰਕਾਸ਼ ਸਿੰਘ ਬਾਦਲ,ਸੁਖਬੀਰ ਬਾਦਲ ਸਾਬਕਾ ਡੀਜੀਪੀ ਸੁਮੇਧ ਸੈਣੀ,ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ,ਤਤਕਾਲੀ ਐਸਐਸਪੀ ਚਰਨਜੀਤ ਸ਼ਰਮਾ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ ।
24 ਫਵਰਰੀ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਐਸਆਈਟੀ ਨੇ ਚਾਰਜਸ਼ੀਟ ਦਾਖਲ ਕਰ ਦਿੱਤੀ ਸੀ । ਐਸਆਈਟੀ ਨੇ ਫਰੀਦਕੋਟ ਦੀ ਅਦਾਲਤ ਵਿੱਚ ਇਸ ਨੂੰ ਪੇਸ਼ ਕੀਤਾ ਸੀ। ਚਲਾਨ ‘ਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਗ੍ਰਹਿ ਮੰਤਰੀ ਸੁਖਬੀਰ ਬਾਦਲ,ਸਾਬਕਾ ਡੀਜੀਪੀ ਸੁਮੇਧ ਸੈਣੀ,ਆਈਜੀ ਪਰਮਰਾਜ ਉਮਰਾਨੰਗਲ ਤੇ ਚਰਨਜੀਤ ਸ਼ਰਮਾ ਤੇ ਹੋਰ ਕਈ ਪੁਲਿਸ ਅਧਿਕਾਰੀਆਂ ਦੇ ਨਾਂ ਸ਼ਾਮਲ ਹਨ। 7000 ਪੰਨਿਆਂ ਦੀ ਇਸ ਚਾਰਜਸ਼ੀਟ ਵਿੱਚ ਧਾਰਾ 307,153,119,109,120 ਸਣੇ ਹੋਰ ਕਈ ਧਾਰਾਵਾਂ ਲਗਾਈਆਂ ਗਈਆਂ ਹਨ। ਐਲ ਕੇ ਯਾਦਵ ਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ SIT ਨੇ ਕੋਟਕਪੂਰਾ ਮਾਮਲੇ ਦੀ ਜਾਂਚ ਕੀਤੀ ਸੀ । ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਸ ਵੇਲੇ ਦੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਕੀਤੀ ਸੀ।