The Khalas Tv Blog Punjab ਕੋਟਕਪੂਰਾ ਬੇਅਦਬੀ ਮਾਮਲਾ : ਕੇਸ ਨੂੰ ਮਿਲੀ ਇੱਕ ਹੋਰ ਨਵੀਂ ਐੱਸਆਈਟੀ
Punjab

ਕੋਟਕਪੂਰਾ ਬੇਅਦਬੀ ਮਾਮਲਾ : ਕੇਸ ਨੂੰ ਮਿਲੀ ਇੱਕ ਹੋਰ ਨਵੀਂ ਐੱਸਆਈਟੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਵੱਲੋਂ ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਨਵੀਂ ਤਿੰਨ ਮੈਂਬਰੀ ਐੱਸਆਈਟੀ ਦਾ ਗਠਨ ਕੀਤਾ ਗਿਆ ਹੈ। ਇਸ ਐੱਸਆਈਟੀ ਵਿੱਚ ਏਡੀਜੀਪੀ ਵਿਜੀਲੈਂਸ ਐੱਲਕੇ ਯਾਦਵ, ਫਰੀਦਕੋਟ ਦੇ ਡੀਆਈਜੀ ਸੁਰਜੀਤ ਸਿੰਘ ਅਤੇ ਲੁਧਿਆਣਾ ਦੇ ਕਮਿਸ਼ਨਰ ਰਾਕੇਸ਼ ਅਗਰਵਾਲ ਸ਼ਾਮਿਲ ਹਨ। ਜਾਣਕਾਰੀ ਮੁਤਾਬਕ ਇਸ ਐੱਸਆਈਟੀ ਨੂੰ ਆਪਣੀ ਜਾਂਚ ਮੁਕੰਮਲ ਕਰਨ ਲਈ 6 ਮਹੀਨਿਆਂ ਦਾ ਸਮਾਂ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਨਵੀਂ ਐੱਸਆਈਟੀ ਦੇ ਮੈਂਬਰਾਂ ਨੂੰ ਕੁੱਝ ਵੀ ਲੀਕ ਨਾ ਕਰਨ ਦੀ ਹਦਾਇਤ ਦਿੱਤੀ ਹੈ ਕਿ ਜਾਂਚ ਵਿੱਚ ਕੀ ਖੁਲਾਸਾ ਹੋਇਆ ਹੈ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 10 ਅਪ੍ਰੈਲ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸਿਟ ਦੀ ਜਾਂਚ ਨੂੰ ਖਾਰਜ ਕਰ ਦਿੱਤਾ ਸੀ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ IG ਕੁੰਵਰ ਵਿਜੇ ਪ੍ਰਤਾਪ ਸਿੰਘ ਤੋਂ ਬਿਨਾਂ ਨਵੀਂ SIT ਬਣਾਉਣ ਦੇ ਹੁਕਮ ਦੇ ਦਿੱਤੇ ਸਨ। ਹਾਈਕੋਰਟ ਨੇ ਮਾਮਲੇ ‘ਚ ਮੁਲਜ਼ਮ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕਿਹਾ ਸੀ ਕਿ ਜਾਂਚ ਟੀਮ ਦੇ ਮੁੱਖ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਇਸ ਮਾਮਲੇ ਵਿੱਚ ਕੀਤੀ ਗਈ ਪੜਤਾਲ ਪੱਖਪਾਤੀ ਜਾਪਦੀ ਹੈ।

ਹਾਈ ਕੋਰਟ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਜੇਕਰ ਅਜਿਹੀ ਕਮੇਟੀ ਨਹੀਂ ਬਣਾਈ ਜਾਂਦੀ ਤਾਂ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਹਰਿਆਣਾ ਸਰਕਾਰ ਨੂੰ ਸੌਂਪੀ ਜਾ ਸਕਦੀ ਹੈ ਅਤੇ ਜਾਂ ਫਿਰ ਇਹ ਜਾਂਚ ਸੀਬੀਆਈ ਦੇ ਹਵਾਲੇ ਕਰ ਦਿੱਤੀ ਜਾਵੇਗੀ।

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੇ ਸਨ ਤਿੰਨ ਬਦਲ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਤਿੰਨ ਬਦਲ ਦਿੱਤੇ ਸਨ।

  • ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਦਿੱਤੀ ਜਾਵੇ।
  • ਮਾਮਲਾ ਹਰਿਆਣਾ ਪੁਲਿਸ ਨੂੰ ਸੌਂਪਿਆ ਜਾਵੇ।
  • ਨਵੀਂ ਐੱਸਆਈਟੀ ਬਣਾਈ ਜਾਵੇ, ਜਿਸ ਵਿੱਚ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਸ਼ਾਮਿਲ ਨਾ ਹੋਵੇ।

ਹਾਲਾਂਕਿ, ਪੰਜਾਬ ਸਰਕਾਰ ਨੇ ਤੀਜੇ ਬਦਲ ‘ਤੇ ਸਹਿਮਤੀ ਪ੍ਰਗਟਾਉਂਦਿਆਂ ਅੱਜ ਨਵੀਂ ਐੱਸਆਈਟੀ ਦਾ ਗਠਨ ਕਰ ਦਿੱਤਾ ਹੈ।

Exit mobile version