Punjab

ਕੋਟਕਪੂਰਾ ਬੇਅਦਬੀ ਮਾਮਲਾ : ਨਵੀਂ ਐੱਸਆਈਟੀ ਦੀ ਜਾਂਚ ਸ਼ੁਰੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਵੱਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਗਠਿਤ ਕੀਤੀ ਗਈ ਨਵੀਂ ਛੇਵੀਂ ਐੱਸਆਈਟ ਨੇ ਅੱਜ ਮਾਮਲੇ ‘ਤੇ ਆਪਣੀ ਪੜਤਾਲ ਕਰਨੀ ਸ਼ੁਰੂ ਕਰ ਦਿੱਤੀ ਹੈ। ਜਾਂਚ ਟੀਮ ਦੇ ਮੁਖੀ ਏਡੀਜੀਪੀ ਵਿਜੀਲੈਂਸ ਐੱਲਕੇ ਯਾਦਵ ਨੇ ਆਪਣੇ ਸਹਿਯੋਗੀ ਮੈਂਬਰਾਂ ਨਾਲ ਅੱਜ ਮੌਕੇ ਦਾ ਜਾਇਜ਼ਾ ਲਿਆ। ਜਾਂਚ ਟੀਮ ਨੇ ਇਸ ਦੌਰੇ ਦੌਰਾਨ ਕਿਸੇ ਨਾਲ ਕੋਈ ਗੱਲਬਾਤ ਨਹੀਂ ਕੀਤੀ। ਇਸ ਜਾਂਚ ਟੀਮ ਨੂੰ 6 ਮਹੀਨਿਆਂ ਦੇ ਵਿੱਚ ਆਪਣੀ ਜਾਂਚ ਰਿਪੋਰਟ ਪੇਸ਼ ਕਰਨ ਦਾ ਸਮਾਂ ਦਿੱਤਾ ਗਿਆ ਹੈ।

ਕਦੋਂ ਬਣੀ ਛੇਵੀਂ ਐੱਸਆਈਟੀ ?

ਪੰਜਾਬ ਸਰਕਾਰ ਵੱਲੋਂ 7 ਮਈ ਨੂੰ ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਨਵੀਂ ਤਿੰਨ ਮੈਂਬਰੀ ਐੱਸਆਈਟੀ ਦਾ ਗਠਨ ਕੀਤਾ ਗਿਆ। ਇਸ ਐੱਸਆਈਟੀ ਨੂੰ ਆਪਣੀ ਜਾਂਚ ਮੁਕੰਮਲ ਕਰਨ ਲਈ 6 ਮਹੀਨਿਆਂ ਦਾ ਸਮਾਂ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਨਵੀਂ ਐੱਸਆਈਟੀ ਦੇ ਮੈਂਬਰਾਂ ਨੂੰ ਕੁੱਝ ਵੀ ਲੀਕ ਨਾ ਕਰਨ ਦੀ ਹਦਾਇਤ ਦਿੱਤੀ ਹੈ ਕਿ ਜਾਂਚ ਵਿੱਚ ਕੀ ਖੁਲਾਸਾ ਹੋਇਆ ਹੈ।

ਨਵੀਂ ਐੱਸਆਈਟੀ ਦੇ ਮੈਂਬਰ

  • ਏਡੀਜੀਪੀ ਵਿਜੀਲੈਂਸ ਐੱਲਕੇ ਯਾਦਵ
  • ਫਰੀਦਕੋਟ ਦੇ ਡੀਆਈਜੀ ਸੁਰਜੀਤ ਸਿੰਘ
  • ਲੁਧਿਆਣਾ ਦੇ ਕਮਿਸ਼ਨਰ ਰਾਕੇਸ਼ ਅਗਰਵਾਲ

ਪਹਿਲੀ ਐੱਸਆਈਟੀ ਕਿਉਂ ਕੀਤੀ ਗਈ ਖਾਰਜ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 10 ਅਪ੍ਰੈਲ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸਿਟ ਦੀ ਜਾਂਚ ਨੂੰ ਖਾਰਜ ਕਰ ਦਿੱਤਾ ਸੀ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ IG ਕੁੰਵਰ ਵਿਜੇ ਪ੍ਰਤਾਪ ਸਿੰਘ ਤੋਂ ਬਿਨਾਂ ਨਵੀਂ SIT ਬਣਾਉਣ ਦੇ ਹੁਕਮ ਦੇ ਦਿੱਤੇ ਸਨ। ਹਾਈਕੋਰਟ ਨੇ ਮਾਮਲੇ ‘ਚ ਮੁਲਜ਼ਮ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕਿਹਾ ਸੀ ਕਿ ਜਾਂਚ ਟੀਮ ਦੇ ਮੁੱਖ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਇਸ ਮਾਮਲੇ ਵਿੱਚ ਕੀਤੀ ਗਈ ਪੜਤਾਲ ਪੱਖਪਾਤੀ ਜਾਪਦੀ ਹੈ। ਹਾਈ ਕੋਰਟ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਜੇਕਰ ਅਜਿਹੀ ਕਮੇਟੀ ਨਹੀਂ ਬਣਾਈ ਜਾਂਦੀ ਤਾਂ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਹਰਿਆਣਾ ਸਰਕਾਰ ਨੂੰ ਸੌਂਪੀ ਜਾ ਸਕਦੀ ਹੈ ਅਤੇ ਜਾਂ ਫਿਰ ਇਹ ਜਾਂਚ ਸੀਬੀਆਈ ਦੇ ਹਵਾਲੇ ਕਰ ਦਿੱਤੀ ਜਾਵੇਗੀ।