ਚੰਡੀਗੜ੍ਹ : ਬੰਦੀ ਸਿੰਘਾਂ ਦੀ ਰਿਹਾਈ ਸਮੇਤ ਸਿੱਖ ਪੰਥ ਦੇ ਕਈ ਅਹਿਮ ਮੁੱਦਿਆਂ ਦੇ ਇਨਸਾਫ਼ ਲਈ ਚੰਡੀਗੜ੍ਹ-ਮੁਹਾਲੀ ਸਰਹੱਦ ਉੱਤੇ ਲੱਗੇ ਕੌਮੀ ਇਨਸਾਫ਼ ਮੋਰਚਾ ਵੱਲੋਂ ਅੱਜ ਲਗਾਤਾਰ ਤੀਜੇ ਦਿਨ ਸੀਐਮ ਹਾਊਸ ਘੇਰਨ ਲਈ ਜਥੇ ਨੂੰ ਭੇਜਿਆ ਗਿਆ,ਜਿਸ ਵਿੱਚ ਬੀਬੀਆਂ ਵੀ ਸ਼ਾਮਲ ਹੋਈਆਂ। ਧਰਨੇ ਵਾਲੀ ਥਾਂ ਤੋਂ ਚੱਲ ਕੇ ਇਹ ਜੱਥਾ ਜਦੋਂ ਮੁਹਾਲੀ ਤੇ ਚੰਡੀਗੜ੍ਹ ਦੀ ਹੱਦ ਤੇ ਪਹੁੰਚਿਆਂ ਤਾਂ ਭਾਰੀ ਗਿਣਤੀ ਵਿੱਚ ਤਾਇਨਾਤ ਪੁਲਿਸ ਨੇ ਅੱਗੇ ਬੈਰੀਕੇਡ ਲੱਗਾ ਦਿੱਤੇ । ਪੁਲਿਸ ਨੇ ਜਥੇ ਨੂੰ ਅੱਗੇ ਨਹੀਂ ਵਧਣ ਦਿੱਤਾ ਜਿਸ ਤੋਂ ਬਾਅਦ ਸਥਿਤੀ ਤਣਾਅਪੂਰਨ ਹੋ ਗਈ।
ਦੱਸ ਦਈਏ ਕਿ ਕੁਝ ਲੋਕਾਂ ਵਲੋਂ ਅੱਜ ਬੈਰੀਕੇਡ ਤੋੜਨ ਦੀ ਕੋਸਿਸ਼ ਕੀਤੀ ਗਈ। ਇਸੇ ਦੌਰਾਨ ਮੋਹਾਲੀ ਚੰਡੀਗੜ੍ਹ ਬਾਰਡਰ ਨੂੰ ਕਰਾਸ ਕਰ ਰਹੇ ਬੰਦੀ ਸਿੱਖਾਂ ਦੀ ਰਿਹਾਈ ਲਈ ਪ੍ਰਦਰਸ਼ਨਕਾਰ ਕਰ ਰਹੇ ਲੋਕਾਂ ਤੇ ਪੁਲਿਸ ਵਲੋਂ ਹਲਕਾ ਲਾਠੀਚਾਰਜ ਕੀਤਾ ਗਿਆ ਅਤੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ ਗਈਆਂ।
ਦੱਸ ਦਈਏ ਕਿ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਕੌਮੀ ਇਨਸਾਫ਼ ਮੋਰਚਾ ਮੁਹਾਲੀ-ਚੰਡੀਗੜ੍ਹ, ਹਵਾਰਾ ਕਮੇਟੀ ਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ, 328 ਪਾਵਨ ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਪੱਕਾ ਮੋਰਚਾ ਲਾਇਆ ਹੋਇਆ ਹੈ। ਠੰਢ ਦੇ ਬਾਵਜੂਦ ਮੋਰਚੇ ਵਿੱਚ ਡਟੇ ਸਿੱਖਾਂ ਦੇ ਹੌਸਲੇ ਬੁਲੰਦ ਹਨ। ਅੱਜ ਧਰਨੇ ਵਿੱਚ 6ਵੇਂ ਦਿਨ ਸਮਾਜ ਸੇਵੀ ਸੰਸਥਾਵਾਂ, ਪੰਥ ਦਰਦੀ, ਇਨਸਾਫ਼ ਪਸੰਦ ਲੋਕ, ਕਿਸਾਨ ਜਥੇਬੰਦੀਆਂ ਤੇ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦੇ ਪਹੁੰਚ ਰਹੇ ਹਨ।