‘ਦ ਖ਼ਾਲਸ ਬਿਊਰੋ :- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਨਾਲ ਸਬੰਧਤ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਕੱਲ੍ਹ ਫਰੀਦਕੋਟ ਦੇ ਸੈਸ਼ਨ ਜੱਜ ਨੂੰ ਲਿਖ਼ਤੀ ਸ਼ਿਕਾਇਤ ਦੇ ਕੇ ਕਿਹਾ ਕਿ ਇਸ ਘਟਨਾ ਨਾਲ ਸਬੰਧਤ ਕੁੱਝ ਕੇਸਾਂ ਦੀ ਸੁਣਵਾਈ ਅਜਿਹੇ ਜੱਜਾਂ ਨੂੰ ਸੌਂਪੀ ਗਈ ਹੈ, ਜੋ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਪਰਿਵਾਰਕ ਮੈਂਬਰ ਤੇ ਬੇਹੱਦ ਕਰੀਬੀ ਹਨ।
SIT ਦੇ ਮੁਖੀ IG ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਜ਼ਿਲ੍ਹਾ ਅਟਾਰਨੀ ਰਾਹੀਂ ਕਾਰਜਕਾਰੀ ਸੈਸ਼ਨ ਜੱਜ ਫਰੀਦਕੋਟ ਦੀ ਅਦਾਲਤ ’ਚ ਅਰਜ਼ੀ ਦੇ ਕੇ ਖੁਲਾਸਾ ਕੀਤਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਵਾਪਰੇ ਸਨ, ਜਿਸ ’ਚ ਵਿਸ਼ੇਸ਼ ਜਾਂਚ ਟੀਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਤੇ ਪ੍ਰਕਾਸ਼ ਸਿੰਘ ਬਾਦਲ ਨੂੰ ਕੁੱਝ ਕੇਸਾਂ ’ਚ ਮੁਲਜ਼ਮ ਵਜੋਂ ਸ਼ਾਮਲ ਕੀਤਾ ਜਾ ਸਕਦਾ ਹੈ। ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਫ਼ਰੀਦਕੋਟ ਦੇ ਇੱਕ ਅਜਿਹੇ ਜੱਜ ਨੂੰ ਇਨ੍ਹਾਂ ਕੇਸਾਂ ਦੀ ਸੁਣਵਾਈ ਦਿੱਤੀ ਗਈ ਹੈ, ਜੋ ਬਾਦਲਾਂ ਦਾ ਪਰਿਵਾਰਕ ਮੈਂਬਰ ਤੇ ਕਰੀਬੀ ਦੋਸਤ ਹੈ।
ਸੂਤਰਾਂ ਮੁਤਾਬਿਕ ਕਾਰਜਕਾਰੀ ਸੈਸ਼ਨ ਜੱਜ ਫ਼ਰੀਦਕੋਟ ਨੇ ਸੁਣਵਾਈ ਕਰਨ ਵਾਲੇ ਜੱਜ ਹਰਵਿੰਦਰ ਸਿੰਘ ਸਿੰਧੀਆ ਨੂੰ ਪੱਤਰ ਭੇਜ ਕੇ IG ਕੁੰਵਰ ਵਿਜੇ ਪ੍ਰਤਾਪ ਵੱਲੋਂ ਦਿੱਤੀ ਗਈ ਸ਼ਿਕਾਇਤ ’ਤੇ ਲਿਖ਼ਤੀ ਟਿੱਪਣੀ ਕਰਨ ਲਈ ਕਿਹਾ ਹੈ। ਸੈਸ਼ਨ ਜੱਜ ਫ਼ਰੀਦਕੋਟ ਕੁੰਵਰ ਵਿਜੇ ਪ੍ਰਤਾਪ ਦੀ ਅਰਜ਼ੀ ’ਤੇ 29 ਜੂਨ ਨੂੰ ਦੁਬਾਰਾ ਸੁਣਵਾਈ ਕਰਨਗੇ। ਆਈਜੀ ਕੰਵਰ ਵਿਜੈ ਪ੍ਰਤਾਪ ਸਿੰਘ ਨੇ ਇਸ ਬਾਰੇ ਜਾਣਕਾਰੀ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਮਾਮਲਾ ਅਦਾਲਤ ਦੇ ਵਿਚਾਰ ਅਧੀਨ ਹੈ।