The Khalas Tv Blog Punjab ਪੰਜਾਬ ਵਿੱਚ ਭਾਰੀ ਮੀਂਹ ਕਾਰਨ ਲੱਖਾਂ ਏਕੜ ਫਸਲ ਖਰਾਬ ਹੋਈ
Punjab

ਪੰਜਾਬ ਵਿੱਚ ਭਾਰੀ ਮੀਂਹ ਕਾਰਨ ਲੱਖਾਂ ਏਕੜ ਫਸਲ ਖਰਾਬ ਹੋਈ

ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਪੈ ਰਹੇ ਤੇਜ਼ ਮੀਂਹ ਕਰਕੇ  ਲੱਖਾਂ ਏਕੜ ਫਸਲ ਖਰਾਬ ਹੋ ਗਈ ਹੈ। ਦੋ ਲੱਖ ਏਕੜ ਰਕਬਾ ਪਾਣੀ ਵਿੱਚ ਡੁੱਬ ਗਿਆ ਹੈ। ਮਾਲਵਾ ਖ਼ਿੱਤੇ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਸਭ ਤੋਂ ਵੱਧ ਫ਼ਸਲੀ ਨੁਕਸਾਨ ਜ਼ਿਆਦਾ ਹੈ, ਜਦੋਂ ਕਿ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਵੀ ਫ਼ਸਲੀ ਨੁਕਸਾਨ ਜ਼ਿਆਦਾ ਹੈ। ਬੇਸ਼ੱਕ ਕਈ ਦਿਨ ਪਹਿਲਾਂ ਤੇਜ਼ ਬਰਸਾਤ ਹੋਈ ਸੀ ਪਰ ਹਲਕਾ ਮਲੋਟ ਤੇ ਹਲਕਾ ਲੰਬੀ ਦੇ ਖੇਤਾਂ ਵਿੱਚ ਹਾਲੇ ਵੀ ਪਾਣੀ ਖੜ੍ਹਾ ਹੈ। ਕਿਸਾਨ ਫ਼ਸਲਾਂ ਨੂੰ ਬਚਾਉਣ ਲਈ ਜੱਦੋ-ਜਹਿਦ ਕਰ ਰਹੇ ਹਨ। ਫ਼ਾਜ਼ਿਲਕਾ ਜ਼ਿਲ੍ਹੇ ਦੇ 175 ਤੋਂ ਵੱਧ ਪਿੰਡ ਮੀਂਹ ਦੇ ਪਾਣੀ ਕਾਰਨ ਪ੍ਰਭਾਵਿਤ ਹੋਏ ਹਨ।

ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਭਰਵਾਂ ਮੀਂਹ ਪੈ ਰਿਹਾ ਹੈ। ਬੁੱਧਵਾਰ ਰਾਤ ਤੋਂ ਹੱਟ ਹੱਟ ਕੇ ਬਾਰਿਸ਼ ਹੋ ਰਹੀ ਹੋਈ ਹੈ । ਮੌਸਮ ਵਿਭਾਗ ਨੇ ਅਗਲੇ ਦਿਨੀਂ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਅੰਮ੍ਰਿਤਸਰ ਸ਼ਹਿਰ ਇਸ ਮੀਂਹ ਦੇ ਪਾਣੀ ਨਾਲ ਭਰ ਗਿਆ ਹੈ। ਅੰਮ੍ਰਿਤਸਰ ‘ਚ ਹਾਲਾਤ ਅਜਿਹੇ ਹਨ ਕਿ ਕਈ ਸੜਕਾਂ ‘ਤੇ 2 ਫੁੱਟ ਤੱਕ ਪਾਣੀ ਖੜ੍ਹਾ ਹੈ, ਜਿਸ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ।

ਮੌਸਮ ਵਿਭਾਗ ਨੇ ਵੀਰਵਾਰ ਨੂੰ ਪੂਰੇ ਪੰਜਾਬ ‘ਚ ਭਾਰੀ ਬਾਰਿਸ਼ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਸਵੇਰੇ 8.30 ਵਜੇ ਤੱਕ ਅੰਮ੍ਰਿਤਸਰ ਜ਼ਿਲ੍ਹੇ ਵਿੱਚ 67 ਮਿਲੀਮੀਟਰ ਅਤੇ ਲੁਧਿਆਣਾ ਵਿੱਚ 100 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਹ 2022 ਦੇ ਮਾਨਸੂਨ ਸੀਜ਼ਨ ਦੀ ਸਭ ਤੋਂ ਵੱਧ ਬਾਰਿਸ਼ ਹੈ।

ਪਿਛਲੇ 24 ਘੰਟਿਆਂ ‘ਚ ਹੋਈ ਬਾਰਿਸ਼ ਕਾਰਨ ਦਿਨ ਦੇ ਤਾਪਮਾਨ ‘ਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਅੱਜ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਦੇ ਨੇੜੇ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪੂਰੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ ਅੱਜ ਅਤੇ ਸ਼ੁੱਕਰਵਾਰ ਦੋਵਾਂ ਨੂੰ ਔਰੇਂਜ ਅਲਰਟ ਰਹੇਗਾ। ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਵੀ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ।

ਇੱਕ ਹੋਰ ਜਾਣਕਾਰੀ ਅਨੁਸਾਰ ਮਾਲ ਵਿਭਾਗ ਤਰਫ਼ੋਂ ਕੇਂਦਰ ਸਰਕਾਰ ਨੂੰ ਭੇਜੀ ਰਿਪੋਰਟ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 1,27,585 ਏਕੜ ਫ਼ਸਲ ਮੀਂਹ ਨਾਲ ਪ੍ਰਭਾਵਿਤ ਹੋਈ ਹੈ, ਜਦੋਂ ਕਿ ਜ਼ਿਲ੍ਹਾ ਫ਼ਾਜ਼ਿਲਕਾ ਵਿਚ 71,657 ਏਕੜ ਫ਼ਸਲ ਨੂੰ ਨੁਕਸਾਨ ਪੁੱਜਿਆ ਹੈ। ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਲੰਘੇ 24 ਘੰਟਿਆਂ ਦੌਰਾਨ ਮੀਂਹ ਕਾਰਨ ਦੋ ਮਨੁੱਖੀ ਜਾਨਾਂ ਵੀ ਚਲੀਆਂ ਗਈਆਂ ਹਨ। ਦੋਵਾਂ ਜ਼ਿਲ੍ਹਿਆਂ ਵਿੱਚ ਸੌ ਤੋਂ ਵੱਧ ਮਕਾਨ ਡਿੱਗੇ ਹਨ। ਪੰਜਾਬ ਸਰਕਾਰ ਤਰਫ਼ੋਂ ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਵਿੱਚ 19 ਰਾਹਤ ਕੈਂਪ ਲਗਾਏ ਗਏ ਹਨ।

Exit mobile version