‘ਦ ਖ਼ਾਲਸ ਬਿਊਰੋ :- ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰਨਾਂ ਲੀਡਰਾਂ ਖਿਲਾਫ ਵਰਤੀ ਜਾ ਰਹੀ ਅਸੱਭਿਅਕ ਭਾਸ਼ਾ ਵਰਤਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਸਾਨੀ ਸੰਘਰਸ਼ ਨਾਲ ਜੁੜੇ ਲੀਡਰਾਂ ਸਮੇਤ ਸਾਰੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨੀ ਸੰਘਰਸ਼ ਦੌਰਾਨ ਮੋਦੀ ਸਮੇਤ ਹੋਰਨਾਂ ਲੀਡਰਾਂ ਖ਼ਿਲਾਫ਼ ਭੱਦੀ ਅਤੇ ਮਾੜੀ ਭਾਸ਼ਾ ਨਾ ਵਰਤਣ, ਗਾਲੀ-ਗਲੋਚ ਕਰਨ ਤੋਂ ਗੁਰੇਜ਼ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਪ੍ਰਧਾਨ ਮੰਤਰੀ ਅਤੇ ਹੋਰ ਨੁਮਾਇੰਦਿਆਂ ਖ਼ਿਲਾਫ਼ ਅਸੱਭਿਅਕ ਭਾਸ਼ਾ ਵਰਤੀ ਜਾ ਰਹੀ ਹੈ, ਜਿਸ ਦੀ ਸਿੱਖ ਧਰਮ ਆਗਿਆ ਨਹੀਂ ਦਿੰਦਾ। ਖੇਤੀ ਕਾਨੂੰਨਾਂ ਖ਼ਿਲਾਫ਼ ਕੇਂਦਰ ਸਰਕਾਰ ਪ੍ਰਤੀ ਕਿਸਾਨਾਂ ਵਿੱਚ ਭਾਰੀ ਰੋਸ ਹੈ ਪਰ ਅਸੱਭਿਅਕ ਸ਼ਬਦਾਵਲੀ ਨਾਲ ਸੰਘਰਸ਼ ਕਮਜ਼ੋਰ ਹੋਵੇਗਾ।