The Khalas Tv Blog Punjab ਪੰਜਾਬ ‘ਚ ਕੁੰਡੀ ਹਟਾਉ ਮੁਹਿੰਮ ਚਾਲੂ, ਬਿਜਲੀ ਚੋਰਾਂ ਨੂੰ ਭਾਜੜਾਂ
Punjab

ਪੰਜਾਬ ‘ਚ ਕੁੰਡੀ ਹਟਾਉ ਮੁਹਿੰਮ ਚਾਲੂ, ਬਿਜਲੀ ਚੋਰਾਂ ਨੂੰ ਭਾਜੜਾਂ

ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੁਣ ਬਿਜਲੀ ਦੀ ਚੋਰੀ ਰੋਕਣ ਲਈ  ਵੱਡਾ ਕਦਮ ਚੁੱਕਿਆ ਹੈ। ਪੰਜਾਬ ਸਰਕਾਰ ਪਹਿਲਾਂ ਲੋਕਾਂ ਨੂੰ ਕੁੰਡੀ ਹਟਾਉਣ ਲਈ ਪ੍ਰੇਰਿਤ ਕਰੇਗੀ ਪਰ ਨਾਲ ਹੀ ਸਖਤੀ ਵੀ ਵਰਤੇਗੀ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ‘ਕੁੰਡੀ ਹਟਾਓ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਵਰਕੌਮ ਨੂੰ ਬਿਜਲੀ ਚੋਰੀ ਰੋਕਣ ਲਈ ਫ਼ੌਰੀ ਸਖ਼ਤ ਕਦਮ ਉਠਾਉਣ ਦੀ ਹਦਾਇਤ ਕੀਤੀ ਹੈ।

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀ ਬਿਜਲੀ ਚੋਰੀ ਰੋਕਣ ਲਈ ਪਾਵਰਕੌਮ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਪਾਵਰਕੌਮ ਨੇ ਹੁਣ ਬਿਜਲੀ ਚੋਰੀ ਰੋਕਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਬਿਜਲੀ ਚੋਰੀ ਦੀ ਸੂਚਨਾ ਦੇਣ ਲਈ ਪਾਵਰਕੌਮ ਨੇ ਕੰਟਰੋਲ ਰੂਮ ਦਾ ਵਟਸਐਪ ਨੰਬਰ 9646175770 ਜਾਰੀ ਕੀਤਾ ਹੈ ਤੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਣ ਦੀ ਗੱਲ ਵੀ ਆਖੀ ਹੈ।

ਦੱਸ ਦਈਏ ਕਿ ਪੰਜਾਬ ਵਿੱਚ ਹਰ ਵਰ੍ਹੇ ਔਸਤ 1200 ਕਰੋੜ ਰੁਪਏ ਦੀ ਬਿਜਲੀ ਚੋਰੀ ਹੋ ਰਹੀ ਹੈ। ਪੰਜਾਬ ਸਰਕਾਰ ਬਿਜਲੀ ਚੋਰੀ ਰੋਕਣਾ ਚਾਹੁੰਦੀ ਹੈ। ਇਸ ਲਈ ਪਾਵਰਕੌਮ ਦੇ ਅਧਿਕਾਰੀਆਂ ਨੂੰ ਵੀ ਸਖਤੀ ਦੇ ਹੁਕਮ ਦਿੱਤੇ ਗਏ ਹਨ। ਪਿਛਲੇ ਸਮੇਂ ਦੌਰਾਨ ਪਾਵਰਕੌਮ ਨੇ ਕਾਰਵਾਈ ਕਰਦਿਆਂ ਚੋਰੀ ਦੇ ਅਨੇਕਾਂ ਕੇਸ ਫੜੇ ਵੀ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਐਸਐਸਪੀਜ਼ ਨਾਲ ਮੀਟਿੰਗ ਕੀਤੀ ਸੀ। ਇਸ ਮੀਟਿੰਗ ਵਿੱਚ ਬਿਜਲੀ ਚੋਰੀ ਦਾ ਮੁੱਦਾ ਛਾਇਆ ਰਿਹਾ। ਇਸ ਦੌਰਾਨ ਮੁੱਖ ਮੰਤਰੀ ਨੇ ਬਿਜਲੀ ਚੋਰੀ ਰੋਕਣ ਲਈ ਹਦਾਇਤਾਂ ਵੀ ਜਾਰੀ ਕੀਤੀਆਂ ਹਨ।

Exit mobile version