ਬਿਉਰੋ ਰਿਪੋਰਟ: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਦੀ ਅਮਰੀਕਾ ਵਿੱਚ ਗ੍ਰਿਫ਼ਤਾਰੀ ਦੀ ਖ਼ਬਰ ਆਈ ਹੈ। ਜਾਣਕਾਰੀ ਮੁਤਾਬਕ ਉਸ ਨੂੰ ਕੈਲੀਫੋਰਨੀਆ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਅਨਮੋਲ ’ਤੇ ਸਲਮਾਨ ਖ਼ਾਨ ਦੇ ਘਰ ਗੋਲ਼ੀਬਾਰੀ ਕਰਨ ਦਾ ਇਲਜ਼ਾਮ ਹੈ।
ਫਿਲਹਾਲ ਦਿੱਲੀ ਅਤੇ ਮੁੰਬਈ ਪੁਲਿਸ ਨੇ ਅਜੇ ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਖੁਫ਼ੀਆ ਏਜੰਸੀ ਦੇ ਸੂਤਰਾਂ ਮੁਤਾਬਕ ਅਮਰੀਕਾ ਨੇ ਦੋ ਹਫ਼ਤੇ ਪਹਿਲਾਂ ਅਨਮੋਲ ਬਿਸ਼ਨੋਈ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਅਨਮੋਲ ਨੇ ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਦੇ ਘਰ ਗੋਲ਼ੀਬਾਰੀ ਦੀ ਜ਼ਿੰਮੇਵਾਰੀ ਲਈ ਸੀ। ਇਸ ਦੇ ਨਾਲ ਹੀ ਉਸ ਦਾ ਨਾਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਬਾਬਾ ਸਿੱਦੀਕੀ ਦੇ ਕਤਲ ਕੇਸ ਵਿੱਚ ਵੀ ਸਾਹਮਣੇ ਆਇਆ ਹੈ।
ਹਾਲ ਹੀ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਵੀ ਨੇ ਗੈਂਗਸਟਰ ਲਾਰੇਂਸ ਦੇ ਭਰਾ ਅਨਮੋਲ ਬਿਸ਼ਨੋਈ ’ਤੇ 10 ਲੱਖ ਰੁਪਏ ਦਾ ਇਨਾਮ ਰੱਖਿਆ ਸੀ। ਏਜੰਸੀ ਨੇ 2022 ’ਚ ਦਰਜ 2 ਮਾਮਲਿਆਂ ’ਚ ਅਨਮੋਲ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ। ਅਨਮੋਲ ਦਾ ਨਾਂ ਐਨਆਈਏ ਦੀ ਮੋਸਟ ਵਾਂਟੇਡ ਸੂਚੀ ਵਿੱਚ ਵੀ ਸ਼ਾਮਲ ਹੈ।