ਬਿਊਰੋ ਰਿਪੋਰਟ: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਤੋਂ ਖ਼ਤਰਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਇੱਕ ਵਕੀਲ ਉੱਤੇ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਹਾਸਲ ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਪੰਜ ਤੋਂ ਸੱਤ ਰਾਊਂਡ ਗੋਲ਼ੀਆਂ ਚਲਾਈਆਂ। ਵਕੀਲ ਲਖਵਿੰਦਰ ਸਿੰਘ ਨੂੰ ਦੋ ਗੋਲ਼ੀਆਂ ਲੱਗੀਆਂ ਹਨ। ਉਨ੍ਹਾਂ ਨੂੰ ਗੰਭੀਰ ਹਾਲਤ ’ਚ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।
ਘਟਨਾ ਦੀ ਸੂਚਨਾ ਮਿਲਣ ’ਤੇ ਡੀਐਸਪੀ ਜੰਡਿਆਲਾ ਗੁਰੂ ਰਵਿੰਦਰ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਵਕੀਲ ਲਖਵਿੰਦਰ ਸਿੰਘ ਆਪਣੇ ਕਾਰ ਰਾਹੀਂ ਅੰਮ੍ਰਿਤਸਰ ਕੋਰਟ ਜਾ ਰਹੇ ਸਨ, ਜਦ ਹਮਲਾਵਰਾਂ ਨੇ ਉਨ੍ਹਾਂ ਉੱਤੇ ਗੋਲ਼ੀਆਂ ਚਲਾਈਆਂ। ਮੌਕੇ ਤੋਂ ਪੰਜ ਗੋਲ਼ੀਆਂ ਦੇ ਖੋਲ ਬਰਾਮਦ ਕੀਤੇ ਗਏ ਹਨ।
ਡਾਕਟਰਾਂ ਮੁਤਾਬਕ ਵਕੀਲ ਦੀ ਹਾਲਤ ਹੁਣ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਕੇ ਜਲਦੀ ਹੀ ਕਾਬੂ ਪਾਉਣ ਦਾ ਦਾਅਵਾ ਕੀਤਾ ਗਿਆ ਹੈ।