‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਸੰਘਰਸ਼ ਤਿੱਖਾ ਹੁੰਦਾ ਜਾ ਰਿਹਾ ਹੈ। ਅੱਜ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਨੇ ਦਿੱਲੀ ਦੇ ਸਿੰਘੂ ਬਾਰਡਰ ’ਤੇ ਅਰਦਾਸ ਕਰਕੇ ਇੱਕ ਦਿਨ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਲੀਡਰਾਂ ਸਮੇਤ ਕੁੱਲ 42 ਜਥੇਬੰਦੀਆਂ ਦੇ ਲੀਡਰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਭੁੱਖ ਹੜਤਾਲ ‘ਤੇ ਬੈਠੇ ਹਨ।
ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਸਾਰੇ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਦਿੱਲੀ ਮੋਰਚੇ ਵਿੱਚ ਹੋਰਨਾਂ ਲੋਕਾਂ ਦੇ ਵੀ ਸ਼ਾਮਲ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ ਟਿੱਕਰੀ, ਗਾਜ਼ੀਪੁਰ, ਪਲਵਲ ਵਿੱਚ ਵੀ ਭੁੱਖ ਹੜਤਾਲਾਂ ਸ਼ੁਰੂ ਹੋ ਗਈਆਂ ਹਨ।
ਕਿਸਾਨ ਲੀਡਰ ਬਲਦੇਵ ਸਿੰਘ ਨੇ ਕਿਹਾ ਕਿ, ‘‘ ਕਿਸਾਨ ਯੂਨੀਅਨਾਂ ਦੇ ਪ੍ਰਤੀਨਿਧਾਂ ਨੇ ਸਿੰਘੂ ਸਰਹੱਦ ’ਤੇ ਆਪਣੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਕੌਮੀ ਰੋਸ ਪ੍ਰਦਰਸ਼ਨ ਵਜੋਂ ਅੱਜ ਪੂਰੇ ਮੁਲਕ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਧਰਨੇ ਦਿੱਤੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਵੀ ਸ਼ਹਿਰ ਦੀ ਸਰਹੱਦ ’ਤੇ ਸੁਰੱਖਿਆ ਵਧਾ ਦਿੱਤੀ ਹੈ।