ਚੰਡੀਗੜ੍ਹ : ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਦੇ ਇਜਲਾਸ ਦੀ ਸ਼ੁਰੂਆਤ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨਾਲ ਹੋਈ। ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੁੰਦਿਆਂ ਗੀ ਹੰਗਾਮਾ ਸ਼ੁਰੂ ਹੋ ਗਿਆ ਹੈ। ਪੰਜਾਬ ਕਾਂਗਰਸ ਨੇ ਕਿਸਾਨਾਂ ਦੇ ਮਾਮਲੇ ਨੂੰ ਲੈ ਕੇ ਹੰਗਾਮਾ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਦੇ ਹੰਗਾਮੇ ਦੇ ਵਿਚਾਲੇ ਹੀ ਰਾਜਪਾਲ ਆਪਣਾ ਭਾਸ਼ਣ ਪੜ੍ਹ ਰਹੇ ਹਨ।
ਪੰਜਾਬ ਵਿਧਾਨ ਸਭਾ ‘ਚ ਬਜਟ ਸੈਸ਼ਨ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਦਾ ਮੁੱਦਾ ਸਦਨ ’ਚ ਉਠਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੇ ਮਗਰ ਹੋਰ ਕਾਂਗਰਸੀ ਨੇਤਾਵਾਂ ਨੇ ਵੀ ਸਦਨ ‘ਚ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਕਿਸਾਨ ਅੰਦੋਲਨ, ਉਨ੍ਹਾਂ ਦੀਆਂ ਮੰਗਾਂ, ਹਸਪਤਾਲ ਵਿੱਚ ਜ਼ੇਰੇ ਇਲਾਜ ਕਿਸਾਨਾਂ ਦੇ ਮੁੱਦੇ ਉਠਾਏ ਹਨ। ਇਸ ਦੇ ਨਾਲ ਹੀ ਸ਼ੁਭਕਰਨ ਦੀ ਮੌਤ ‘ਤੇ ਪੰਜਾਬ ਸਰਕਾਰ ਵੱਲੋਂ ਦਾਇਰ ਜ਼ੀਰੋ ਐਫਆਈਆਰ ‘ਤੇ ਵੀ ਸਵਾਲ ਖੜ੍ਹੇ ਹੋ ਗਏ ਹਨ। ਕਾਂਗਰਸ ਦਾ ਕਹਿਣਾ ਹੈ ਕਿ ਇਹ ਐਫਆਈਆਰ ਹਰਿਆਣਾ ਦੇ ਗ੍ਰਹਿ ਮੰਤਰੀ ਖ਼ਿਲਾਫ਼ ਹੋਣੀ ਚਾਹੀਦੀ ਸੀ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬਾਅਦ ਵਿੱਚ ਆਪਣਾ ਮੁੱਦਾ ਪੇਸ਼ ਕਰਨ ਲਈ ਕਿਹਾ। ਸਦਨ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਬਾਅਦ ਦੁਪਹਿਰ ਕਾਰਵਾਈ ਸ਼ੁਰੂ ਹੁੰਦਿਆਂ ਹੀ ਪੰਜਾਬ ਵਿਧਾਨ ਸਭਾ ਵਲੋਂ ਕਿਸਾਨ ਅੰਦੋਲਨ ਦੇ ਸ਼ਹੀਦ ਸ਼ੁਭਕਰਨ ਸਿੰਘ ਸਣੇ 9 ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿਤੀ ਗਈ। ਇਨ੍ਹਾਂ ਵਿਚ ਸਾਬਕਾ ਡਿਪਟੀ ਸਪੀਕਰ ਡਾ. ਬਲਦੇਵ ਰਾਜ ਚਾਵਲਾ, ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਗੜ੍ਹਦੀਵਾਲਾ, ਸਾਬਕਾ ਵਿਧਾਇਕ ਸੋਹਣ ਸਿੰਘ ਬੋਦਲ, ਸ਼ਹੀਦ ਅਗਨੀਵੀਰ ਅਜੈ ਕੁਮਾਰ, ਸ਼ਹੀਦ ਸਿਪਾਹੀ ਹਰਸਿਮਰਨ ਸਿੰਘ, ਸ਼ਹੀਦ ਗੰਨਰ ਗੁਰਪ੍ਰੀਤ ਸਿੰਘ, ਸ਼ਹੀਦ ਹੋਮਗਾਰਡ ਜਸਪਾਲ ਸਿੰਘ ਦੇ ਨਾਂਅ ਵੀ ਸ਼ਾਮਲ ਸਨ।
ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਿਸਾਨ ਮੋਰਚੇ ‘ਚ 9 ਲੋਕਾਂ ਦੀ ਮੌਤ ਹੋਈ ਹੈ। ਸਾਰੇ ਨੌਂ ਲੋਕਾਂ ਨੂੰ ਸ਼ਰਧਾਂਜਲੀ ਦਿਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸਦਨ ਦੇ ਸਾਰੇ ਨੌਂ ਕਿਸਾਨਾਂ ਦੇ ਨਾਂਅ ਪੜ੍ਹ ਕੇ ਸੁਣਾਏ।