The Khalas Tv Blog India ਕੋਲਕਾਤਾ ਜਬਰਜਨਾਹ-ਕਤਲ ਮਾਮਲੇ ’ਚ ਅੱਜ ਸੁਪਰੀਮ ਕੋਰਟ ’ਚ ਵੱਡੀ ਸੁਣਵਾਈ, ਮੁਲਜ਼ਮ ਦਾ ਹੋਏਗਾ ਪੋਲੀਗ੍ਰਾਫ ਟੈਸਟ
India

ਕੋਲਕਾਤਾ ਜਬਰਜਨਾਹ-ਕਤਲ ਮਾਮਲੇ ’ਚ ਅੱਜ ਸੁਪਰੀਮ ਕੋਰਟ ’ਚ ਵੱਡੀ ਸੁਣਵਾਈ, ਮੁਲਜ਼ਮ ਦਾ ਹੋਏਗਾ ਪੋਲੀਗ੍ਰਾਫ ਟੈਸਟ

ਬਿਉਰੋ ਰਿਪੋਰਟ: ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੋਲਕਾਤਾ ਦੇ ਸਰਕਾਰੀ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ 31 ਸਾਲਾ ਪੋਸਟ ਗ੍ਰੈਜੂਏਟ ਜੂਨੀਅਰ ਡਾਕਟਰ ਦੇ ਜਬਰਜਨਾਹ ਅਤੇ ਕਤਲ ਦੇ ਮਾਮਲੇ ਨੂੰ ਫਾਸਟ ਟਰੈਕ ਅਦਾਲਤ ਵਿੱਚ ਲਿਜਾਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਹੈ ਕਿ ਜੇ ਲੋੜ ਪਈ ਤਾਂ ਮੁਲਜ਼ਮਾਂ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇਗੀ।

ਉੱਧਰ ਕੋਲਕਾਤਾ ਬਲਾਤਕਾਰ-ਕਤਲ ਮਾਮਲੇ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਮੁਲਜ਼ਮ ਸਿਵਿਕ ਵਲੰਟੀਅਰ ਦਾ ਪੋਲੀਗ੍ਰਾਫ ਟੈਸਟ ਕਰਵਾਉਣ ਦੀ ਇਜਾਜ਼ਤ ਮਿਲ ਗਈ ਹੈ। ਸੀਬੀਆਈ ਅਧਿਕਾਰੀਆਂ ਨੇ ਇਸ ਮਾਮਲੇ ਦੇ ਸਬੰਧ ਵਿੱਚ ਸੋਮਵਾਰ (20 ਅਗਸਤ) ਨੂੰ ਲਗਾਤਾਰ ਚੌਥੇ ਦਿਨ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਤੋਂ ਵੀ ਪੁੱਛਗਿੱਛ ਕੀਤੀ ਹੈ।

ਦੱਸ ਦੇਈਏ ਇਸ ਮਾਮਲੇ ਨੂੰ ਲੈ ਕੇ ਪੂਰੇ ਦੇਸ਼ ਵਿੱਚ ਗੁੱਸੇ ਦਾ ਮਾਹੌਲ ਹੈ। ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਜੂਨੀਅਰ ਡਾਕਟਰ, ਮੈਡੀਕਲ ਦੇ ਵਿਦਿਆਰਥੀ ਅਤੇ ਡਾਕਟਰ ਸੜਕਾਂ ’ਤੇ ਉੱਤਰ ਕੇ ਆਪਣਾ ਗੁੱਸਾ ਜ਼ਾਹਰ ਕਰ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਦੇਸ਼ ਭਰ ’ਚ ਡਾਕਟਰ ਹੜਤਾਲ ਕਰ ਰਹੇ ਹਨ। ਮਰੀਜ਼ਾਂ ਨੂੰ ਵੀ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਡਾਕਟਰਾਂ ਦੇ ਵਿਰੋਧ ਦੇ ਮੱਦੇਨਜ਼ਰ ਕੇਂਦਰੀ ਸਿਹਤ ਮੰਤਰਾਲੇ ਨੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਦਾ ਭਰੋਸਾ ਦਿੱਤਾ ਹੈ। ਮੰਤਰਾਲੇ ਦੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਿਹਤ ਪੇਸ਼ੇਵਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਕਮੇਟੀ ਬਣਾਈ ਜਾਵੇਗੀ।

ਇਹ ਭਰੋਸਾ ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ, ਇੰਡੀਅਨ ਮੈਡੀਕਲ ਐਸੋਸੀਏਸ਼ਨ ਅਤੇ ਦਿੱਲੀ ਦੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦੇ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਦੇ ਪ੍ਰਤੀਨਿਧੀਆਂ ਵੱਲੋਂ ਦਿੱਲੀ ਵਿੱਚ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅਧਿਕਾਰੀਆਂ ਨਾਲ ਮੁਲਾਕਾਤ ਤੋਂ ਬਾਅਦ ਆਇਆ ਹੈ।

ਕੀ ਹੈ ਪੂਰਾ ਮਾਮਲਾ?

ਕੋਲਕਾਤਾ ਦੇ ਸਰਕਾਰੀ ਆਰਜੀ ਕਾਰ ਹਸਪਤਾਲ ਵਿੱਚ 9 ਅਗਸਤ ਨੂੰ ਕਥਿਤ ਜਬਰਜਨਾਹ ਤੋਂ ਬਾਅਦ ਡਾਕਟਰ ਦਾ ਕਤਲ ਕਰ ਦਿੱਤਾ ਗਿਆ ਸੀ। ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਇੱਕ ਸਿਖਿਆਰਥੀ ਮਹਿਲਾ ਡਾਕਟਰ ਦੀ ਲਾਸ਼ ਭੇਤਭਰੇ ਹਾਲਾਤਾਂ ਵਿੱਚ ਮਿਲੀ ਹੈ। ਉਹ ਹਸਪਤਾਲ ਵਿੱਚ ਦੂਜੇ ਸਾਲ ਦੀ ਪੋਸਟ ਗ੍ਰੈਜੂਏਟ ਮੈਡੀਕਲ ਵਿਦਿਆਰਥਣ ਸੀ। ਉਹ ਚੈਸਟ ਮੈਡੀਸਿਨ ਵਿਭਾਗ ਵਿੱਚ ਹਾਊਸ ਸਟਾਫ਼ ਵਜੋਂ ਵੀ ਕੰਮ ਕਰ ਰਹੀ ਸੀ। ਹਸਪਤਾਲ ਦੇ ਸਟਾਫ ਨੂੰ ਐਮਰਜੈਂਸੀ ਇਮਾਰਤ ਦੀ ਚੌਥੀ ਮੰਜ਼ਿਲ ’ਤੇ ਉਸ ਦੀ ਲਾਸ਼ ਮਿਲੀ। ਸੀਬੀਆਈ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Exit mobile version