ਬਿਊਰੋ ਰਿਪੋਰਟ (7 ਨਵੰਬਰ, 2025): ਮੰਡੀ ਧਨੌਲਾ ਵਿਖੇ ਬੀਤੀ ਰਾਤ ਤਕਰੀਬਨ 10 ਵਜੇ, ਇੱਕ ਸਥਾਨਕ ਵਪਾਰੀ ਅਤੇ ਕਿਸਾਨ, 45 ਸਾਲਾ ਹਰਜਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ, ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਹਰਜਿੰਦਰ ਸਿੰਘ ਦੀ ਲਾਸ਼ ਧਨੌਲਾ ਵਿੱਚੋਂ ਲੰਘਦੇ ਰਾਸ਼ਟਰੀ ਮਾਰਗ ਦੇ ਕਿਨਾਰੇ ਖੂਨ ਨਾਲ ਲੱਥਪਥ ਹਾਲਤ ਵਿੱਚ ਬਰਾਮਦ ਹੋਈ।
ਘਟਨਾ ਦੀ ਸੂਚਨਾ ਮਿਲਦੇ ਹੀ ਧਨੌਲਾ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਭੇਜ ਦਿੱਤਾ ਹੈ।
ਇਸ ਸਬੰਧੀ ਡੀ. ਐੱਸ. ਪੀ. ਸਤਬੀਰ ਸਿੰਘ ਬੈਂਸ ਨੇ ਮੀਡੀਆ ਨੂੰ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਇਹ ਮਾਮਲਾ ਕਤਲ ਦਾ ਪ੍ਰਤੀਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਤਲ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਅਤੇ ਅਗਲੀ ਪੁੱਛਗਿੱਛ ਤੋਂ ਬਾਅਦ ਹੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਥਾਣਾ ਧਨੌਲਾ ਦੇ ਮੁਖੀ ਲਖਬੀਰ ਸਿੰਘ ਅਤੇ ਸੀ. ਆਈ. ਏ. ਬਰਨਾਲਾ ਦੀਆਂ ਟੀਮਾਂ ਜਾਂਚ ਵਿੱਚ ਜੁੱਟ ਗਈਆਂ ਹਨ। ਪੁਲਿਸ ਨੇ ਮ੍ਰਿਤਕ ਦੇ ਪੁੱਤਰ ਤੇਜ਼ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਕਤਲ ਦਾ ਕੇਸ ਦਰਜ ਕਰ ਲਿਆ ਹੈ।

