Punjab

7 ਮਹੀਨੇ ਬਾਅਦ ਬੈਂਸ ਜੇਲ੍ਹ ਤੋਂ ਬਾਹਰ ਆਏ !

ਬਿਉਰੋ ਰਿਪੋਰਟ : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸੰਗਰੂਰ ਜੇਲ੍ਹ ਤੋਂ ਬਾਹਰ ਆ ਗਏ ਹਨ । ਉਨ੍ਹਾਂ ਦੇ ਸੁਆਗਤ ਦੇ ਲਈ ਭਰਾ ਬਲਵਿੰਦਰ ਸਿੰਘ ਬੈਂਸ ਅਤੇ ਪਾਰਟੀ ਦੇ ਵਰਕਰ ਜੇਲ੍ਹ ਦੇ ਬਾਹਰ ਮੌਜੂਦ ਸਨ । ਬੈਂਸ ਨੂੰ 7 ਮਹੀਨੇ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲੀ ਹੈ । ਜੇਲ੍ਹ ਤੋਂ ਬਾਹਰ ਨਿਕਲ ਦੇ ਹੀ ਬੈਂਸ ਆਪਣੇ ਪੁਰਾਣੇ ਅੰਦਾਜ਼ ਵਿੱਚ ਨਜ਼ਰ ਆਏ । ਉਨ੍ਹਾ ਨੇ ਕਿਹਾ ਕਿ ਸਾਜਿਸ਼ ਦੇ ਤਹਿਤ ਉਨ੍ਹਾਂ ਖਿਲਾਫ 26 ਕੇਸ ਦਰਜ ਕੀਤੇ ਗਏ ਸਨ ਪਰ ਹਾਈਕੋਰਟ ਨੇ 16 ਵਿੱਚ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ । ਇਸ ਦੌਰਾਨ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੁਰੂ ਤੋਂ ਹੀ ਪੰਜਾਬ ਹਰਿਆਣਾ ਹਾਈਕੋਰਟ ‘ਤੇ ਪੂਰਾ ਭਰੋਸਾ । ਉਨ੍ਹਾਂ ਕਿਹਾ ਕਿ ਜ਼ਮਾਨਤ ਦੇਣ ਸਮੇਂ ਹਾਈਕੋਰਟ ਨੇ ਜਿਹੜੀਆਂ ਟਿੱਪਣੀਆਂ ਕੀਤੀਆਂ ਹਨ ਉਸ ਤੋਂ ਸਾਫ਼ ਹੁੰਦਾ ਹੈ ਕਿ ਕਿਵੇਂ ਉਨ੍ਹਾਂ ਨੂੰ ਫਸਾਇਆ ਗਿਆ ਸੀ । ਇਸ ਤੋਂ ਇਲਾਵਾ ਸਾਬਕਾ ਵਿਧਾਇਕ ਨੇ ਵੱਡਾ ਖੁਲਾਸਾ ਕਰਦੇ ਹੋਏ ਕਿਹਾ ਕਿ ਹੁਣ ਜਦੋਂ ਉਹ ਜੇਲ੍ਹ ਤੋਂ ਬਾਹਰ ਆ ਗਏ ਹਨ ਤਾਂ ਉਨ੍ਹਾਂ ਨੂੰ ਧਮਕੀਆਂ ਮਿਲ ਰਹੀਆਂ ਹਨ । ਪਰ ਉਹ ਡਰਨ ਨਹੀਂ ਵਾਲੇ ਹਨ।

ਇਸ ਤੋਂ ਪਹਿਲਾਂ ਸਿਮਰਜੀਤ ਸਿੰਘ ਬੈਂਸ ਨੇ ਸੈਸ਼ਨ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਲਗਾਈ ਸੀ ਪਰ ਉਹ ਰੱਦ ਹੋ ਗਈ ਸੀ । ਜਿਸ ਦੇ ਬਾਅਦ ਉਹ ਪੰਜਾਬ ਹਰਿਆਣਾ ਹਾਈਕੋਰਟ ਗਏ, ਜਿੱਥੇ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ । ਬੈਂਸ ਨੂੰ ਲੁਧਿਆਣਾ ਜੇਲ੍ਹ ਵਿੱਚ ਖਤਰਾ ਹੋਣ ਦੀ ਵਜ੍ਹਾ ਕਰਕੇ ਬਰਨਾਲਾ ਵਿੱਚ ਸ਼ਿਫਟ ਕੀਤਾ ਗਿਆ ਸੀ ।

ਬੈਂਸ ਸਮੇਤ 6 ਲੋਕਾਂ ਖਿਲਾਫ਼ ਕੇਸ ਦਰਜ ਸੀ

ਜੱਜ ਹਰਸਿਮਰਨਜੀਤ ਕੌਰ ਦੀ ਅਦਾਲਤ ਵਿੱਚ ਪੇਸ਼ ਨਾ ਹੋਣ ‘ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ 6 ਲੋਕਾਂ ਨੂੰ ਜਬਜ ਜਨਾਹ ਦੇ ਮਾਮਲੇ ਵਿੱਚ ਭਗੋੜਾ ਐਲਾਨ ਦਿੱਤਾ ਸੀ । 11 ਜੁਲਾਈ ਨੂੰ ਬੈਂਸ ਨੇ ਆਪਣੇ ਸਾਥੀਆਂ ਦੇ ਨਾਲ ਅਦਾਲਤ ਵਿੱਚ ਸਰੰਡਰ ਕਰ ਦਿੱਤਾ ਸੀ ਜਦਕਿ 2 ਮੁਲਜ਼ਮਾਂ ਨੂੰ ਪੁਲਿਸ ਨੇ ਪਹਿਲਾਂ ਗ੍ਰਿਫਤਾਰ ਕਰ ਲਿਆ ਸੀ । 10 ਜੁਲਾਈ 2021 ਵਿੱਚ ਥਾਣਾ ਡਿਵੀਜਨ ਨੰਬਰ 6 ਵਿੱਚ ਮਹਿਲਾ ਦੇ ਨਾਲ ਰੇਪ ਮਾਮਲੇ ਵਿੱਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ਼ 376, 354, 354-A, 506 ਅਤੇ 120/B ਦੇ ਤਹਿਤ ਮਾਮਲਾ ਦਰਜ ਹੋਇਆ ਸੀ ।

ਬੈਂਸ ਦਾ ਸਿਆਸੀ ਸਫਰ

ਸਿਮਰਜੀਤ ਸਿੰਘ ਬੈਂਸ ਨੇ ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ ਉਸ ਤੋਂ ਬਾਅਦ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ । ਇਸ ਦੌਰਾਨ ਉਨ੍ਹਾਂ ‘ਤੇ ਇੱਕ ਤਹਿਸੀਲਦਾਰ ਨਾਲ ਕੁੱਟਮਾਰ ਦਾ ਇਲਜ਼ਾਮ ਲੱਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਜਾਣਾ ਪਿਆ । 2012 ਵਿੱਚ ਭਰਾ ਨੂੰ ਟਿਕਟ ਨਾ ਮਿਲਣ ਦੀ ਵਜ੍ਹਾ ਕਰਕੇ ਉਨ੍ਹਾਂ ਨੇ ਪਾਰਟੀ ਛੱਡ ਦਿੱਤੀ ਅਤੇ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਲੁਧਿਆਣਾ ਤੋਂ ਮੈਦਾਨ ਵਿੱਚ ਉਤਰੇ । ਦੋਵਾਂ ਭਰਾਵਾਂ ਨੇ 2012 ਅਤੇ 2017 ਵਿੱਚ ਵੱਡੀ ਜਿੱਤ ਹਾਸਲ ਕੀਤੀ ਪਰ 2022 ਵਿੱਚ ਦੋਵੇ ਭਰਾ ਚੋਣ ਹਾਰ ਗਏ ।