The Khalas Tv Blog Lok Sabha Election 2024 ਲੋਕ ਸਭਾ ਚੋਣਾਂ 2024: ਬੀਜੇਪੀ ਨੇ ਫਤਹਿਗੜ੍ਹ ਸਾਹਿਬ ਤੋਂ ਐਲਾਨਿਆ ਆਖ਼ਰੀ ਉਮੀਦਵਾਰ
Lok Sabha Election 2024 Punjab

ਲੋਕ ਸਭਾ ਚੋਣਾਂ 2024: ਬੀਜੇਪੀ ਨੇ ਫਤਹਿਗੜ੍ਹ ਸਾਹਿਬ ਤੋਂ ਐਲਾਨਿਆ ਆਖ਼ਰੀ ਉਮੀਦਵਾਰ

Geja Ram Valmiki

ਪਹਿਲੀ ਜੂਨ ਨੂੰ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦੀ ਆਖ਼ਰੀ ਸੂਚੀ ਜਾਰੀ ਕਰਦਿਆਂ ਆਪਣਾ ਆਖ਼ਰੀ ਉਮੀਦਵਾਰ ਐਲਾਨ ਦਿੱਤਾ ਹੈ। ਭਾਜਪਾ ਨੇ ਫਤਹਿਗੜ੍ਹ ਸਾਹਿਬ ਗੇਜਾ ਰਾਮ ਵਾਲਮੀਕੀ ਨੂੰ ਟਿਕਟ ਦੇ ਕੇ ਆਪਣਾ ਲੋਕ ਸਭਾ ਉਮੀਦਵਾਰ ਬਣਾਇਆ ਹੈ।

ਇਸ ਦੇ ਨਾਲ ਹੀ ਬੀਜੇਪੀ ਨੇ ਆਪਣੇ ਸਾਰੇ 13 ਉਮੀਦਵਾਰ ਐਲਾਨ ਦਿੱਤੇ ਹਨ। ਪੰਜਾਬ ਵਿੱਚ ਕਾਂਗਰਸ, ਆਪ ਅਤੇ ਅਕਾਲੀ ਦਲ ਨੇ ਵੀ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਇਸ ਤੋਂ ਪਹਿਲਾਂ ਬੀਤੇ ਕੱਲ੍ਹ ਭਾਜਪਾ ਨੇ 3 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਕੱਲ੍ਹ ਭਾਜਪਾ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ ਸੀ। ਇਸ ਵਿੱਚ ਸੂਬਾ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਨੂੰ ਆਨੰਦਪੁਰ ਸਾਹਿਬ ਸੀਟ ਤੋਂ ਹਿੰਦੂ ਚਿਹਰੇ ਵਜੋਂ ਟਿਕਟ ਦਿੱਤੀ ਗਈ ਹੈ। ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਨੂੰ ਉਮੀਦਵਾਰ ਬਣਾਇਆ ਗਿਆ ਜਦਕਿ ਸੀਐਮ ਭਗਵੰਤ ਮਾਨ ਦੇ ਗੜ੍ਹ ਸੰਗਰੂਰ ਸੀਟ ਤੋਂ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਇਸ ਤੋਂ ਪਹਿਲਾਂ ਭਾਜਪਾ ਨੇ ਪਹਿਲੀ ਸੂਚੀ ਵਿੱਚ 6 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਜਿਸ ਵਿੱਚ ਜਲੰਧਰ ਤੋਂ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਪ੍ਰਨੀਤ ਕੌਰ, ਫਰੀਦਕੋਟ ਤੋਂ ਹੰਸਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।

ਇਸ ਤੋਂ ਬਾਅਦ ਦੂਸਰੀ ਸੂਚੀ ਵਿੱਚ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਤੋਂ, ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮਪ੍ਰਕਾਸ਼ ਨੂੰ ਹੁਸ਼ਿਆਰਪੁਰ ਅਤੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਭਾਜਪਾ ਨੇ ਟਿਕਟ ਦਿੱਤੀ ਹੈ।

 

ਇਹ ਵੀ ਪੜ੍ਹੋ – ਅਕਾਲੀ ਦਲ ਦੀ ਸਾਬਕਾ ਵਿਧਾਇਕਾ ਸੁਖਜੀਤ ਕੌਰ ਸਾਹੀ ਭਾਜਪਾ ’ਚ ਸ਼ਾਮਲ
Exit mobile version