Punjab

ਮਰੀਜ਼ਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਹਸਪਤਾਲਾਂ ਖਿਲਾਫ ਵੱਡੀ ਕਾਰਵਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਆਪਣੇ ਪ੍ਰਵੇਸ਼ ਦੁਆਰ ‘ਤੇ ਇਲਾਜ ਲਈ ਖਰਚਿਆਂ ਦਾ ਬੋਰਡ ਲਗਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹਸਪਤਾਲਾਂ ਨੂੰ ਜਾਣਕਾਰੀ ਦੇਣੀ ਹੋਵੇਗੀ ਕਿ ਕਿਸ-ਕਿਸ ਚੀਜ਼ ਦਾ ਕਿੰਨਾ-ਕਿੰਨਾ ਖਰਚਾ ਆਇਆ ਹੈ। ਉਨ੍ਹਾਂ ਕਿਹਾ ਕਿ ਕੋਵਿਡ ਦੇ ਇਲਾਜ ਲਈ ਮਰੀਜ਼ਾਂ ਦੀ ਲੁੱਟ ਨਹੀਂ ਹੋਵੇਗੀ। ਹਸਪਤਾਲ ਤੈਅ ਕੀਮਤਾਂ ਤੋਂ ਵੱਧ ਪੈਸੇ ਮਰੀਜ਼ ਤੋਂ ਨਹੀਂ ਵਸੂਲ ਸਕਦੇ।

ਬਲਬੀਰ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਤੋਂ ਬਾਅਦ ਵੀ ਕੁੱਝ ਹਸਪਤਾਲਾਂ ਵੱਲੋਂ ਕੋਵਿਡ ਮਰੀਜ਼ਾਂ ਤੋਂ ਵੱਧ ਪੈਸੇ ਵਸੂਲੇ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆਂ ਅਤੇ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਵੱਧ ਪੈਸੇ ਵਸੂਲਣ ਵਾਲੇ ਸੂਬੇ ਭਰ ਦੇ ਨਿੱਜੀ ਹਸਪਤਾਲਾਂ ਖ਼ਿਲਾਫ਼ ਮਹਾਂਮਾਰੀ ਰੋਗ ਐਕਟ ਅਤੇ ਆਫ਼ਤ ਪ੍ਰਬੰਧਨ ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ।

ਸਿੱਧੂ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਤੋਂ ਸਰਕਾਰ ਵੱਲੋਂ ਤੈਅ ਕੀਤੇ ਗਏ ਇਲਾਜ ਖ਼ਰਚਿਆਂ ਤੋਂ ਵੱਧ ਪੈਸੇ ਵਸੂਲੇ ਜਾਂਦੇ ਹਨ ਤਾਂ ਅਜਿਹਾ ਵਿਅਕਤੀ ਸਬੰਧਿਤ ਡਿਪਟੀ ਕਮਿਸ਼ਨਰ ਜਾਂ ਸਿਵਲ ਸਰਜਨ ਕੋਲ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਪੰਜਾਬ ਸਰਕਾਰ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਚੁੱਕੀ ਹੈ।

ਸਿੱਧੂ ਨੇ ਕਿਹਾ ਕਿ ਆਮ ਲੋਕਾਂ ਦੀ ਭਲਾਈ ਲਈ ਸਿਹਤ ਵਿਭਾਗ ਨੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਨੂੰ ਪੂਰੀ ਤਰ੍ਹਾਂ ਬਹਾਲ ਕਰਨ ਦਾ ਫੈਸਲਾ ਕੀਤਾ ਹੈ ਅਤੇ ਨਿੱਜੀ ਅਤੇ ਸਰਕਾਰੀ ਦੋਵੇਂ ਸਿਹਤ ਸੰਸਥਾਵਾਂ ਵਿੱਚ ਚੋਣਵੀਂ ਸਰਜਰੀ ਦੀ ਆਗਿਆ ਦਿੱਤੀ ਹੈ। ਪਰ ਕੋਵਿਡ- 19 ਸਬੰਧੀ  ਦੇਖਭਾਲ ਪ੍ਰਦਾਨ ਕਰਨ ਵਾਲੇ ਨਿੱਜੀ ਹਸਪਤਾਲਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕੋਵਿਡ ਦੇ ਮਾਮਲਿਆਂ ਵਿੱਚ ਲੈਵਲ-3 ਹਸਪਤਾਲਾਂ ਦੀ ਸਮਰੱਥਾ ਨਾਲ ਕਿਸੇ ਕਿਸਮ ਦਾ ਸਮਝੌਤਾ ਨਾ ਕੀਤਾ ਜਾਵੇ।