Punjab

ED ਦੀ ਵੱਡੀ ਕਾਰਵਾਈ, ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ’ਤੇ ਕੀਤੀ ਰੇਡ

ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਅੱਜ ਸਵੇਰੇ ਇੱਕ ਵਾਰ ਫਿਰ ਕੇਂਦਰੀ ਏਜੰਸੀ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ, ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਵੱਲੋਂ ਤੜਕਸਾਰ ਸਾਬਕਾ ਮੰਤਰੀ ਦੇ ਘਰ ਰੇਡ ਕੀਤੀ ਗਈ। ਇਸ ਕਾਰਵਾਈ ਦੌਰਾਨ ਘਰ ਦੇ ਬਾਹਰ ਸੀਆਰਪੀਐਫ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ।

ਜਾਣਕਾਰੀ ਮੁਤਾਕ, ਅੱਜ ਸਵੇਰੇ ਕਰੀਬ 5:50 ਵਜੇ ਕੇਂਦਰੀ ਏਜੰਸੀ ਦੀ ਟੀਮ ਸੀਆਰਪੀਐਫ ਦੇ ਜਵਾਨਾਂ ਨਾਲ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਪਹੁੰਚੀ। ਟੀਮ ਵੱਲੋਂ ਘਰ ਦਾ ਮੁੱਖ ਗੇਟ ਅੰਦਰੋਂ ਬੰਦ ਕਰ ਦਿੱਤਾ ਗਿਆ ਹੈ ਤੇ ਅਧਿਕਾਰੀਆਂ ਵੱਲੋਂ ਅੰਦਰ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੁਰਾਣੇ ਮਾਮਲੇ ਨੂੰ ਲੈ ਕੇ ਹੋ ਸਕਦੀ ਹੈ ਕਾਰਵਾਈ

ਮੁੱਢਲੀ ਜਾਣਕਾਰੀ ਮੁਤਾਬਕ, ਕੇਂਦਰੀ ਏਜੰਸੀ ਵੱਲੋਂ ਇਹ ਕਾਰਵਾਈ ਕਿਸੇ ਪੁਰਾਣੇ ਮਾਮਲੇ ਦੇ ਸਬੰਧ ‘ਚ ਕੀਤੀ ਜਾ ਰਹੀ ਹੈ। ਹਾਲਾਂਕਿ, ਛਾਪੇਮਾਰੀ ਦੇ ਅਸਲ ਕਾਰਨਾਂ ਤੇ ਜਾਂਚ ਨਾਲ ਜੁੜੇ ਮਾਮਲੇ ਬਾਰੇ ਅਧਿਕਾਰਤ ਤੌਰ ‘ਤੇ ਅਜੇ ਤੱਕ ਕੋਈ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਫਿਲਹਾਲ ਸਾਬਕਾ ਮੰਤਰੀ ਦੇ ਘਰ ਜਾਂਚ ਜਾਰੀ ਹੈ। ਕੇਂਦਰੀ ਏਜੰਸੀਆਂ ਦੀ ਇਸ ਕਾਰਵਾਈ ਨੂੰ ਲੈ ਕੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸੁੰਦਰ ਸ਼ਾਮ ਅਰੋੜਾ ਦੇ ਘਰ ਕੇਂਦਰੀ ਏਜੰਸੀਆਂ ਪਹੁੰਚੀਆਂ ਹੋਣ। ਇਸ ਤੋਂ ਪਹਿਲਾਂ 27 ਜਨਵਰੀ ਨੂੰ ਵੀ ਈਡੀ ਨੇ ਇਨਕਮ ਟੈਕਸ ਵਿਭਾਗ ਦੇ ਨਾਲ ਮਿਲ ਕੇ ਉਨ੍ਹਾਂ ਦੇ ਘਰ ਛਾਪੇਮਾਰੀ ਕੀਤੀ ਸੀ ਅਤੇ ਕਈ ਦਸਤਾਵੇਜ਼ਾਂ ਦੀ ਜਾਂਚ ਕੀਤੀ ਸੀ। ਉਸ ਵੇਲੇ ਵੀ ਜਾਂਚ ਦੌਰਾਨ ਕੀ ਕੁਝ ਸਾਹਮਣੇ ਆਇਆ, ਇਸ ਬਾਰੇ ਕੋਈ ਵਿਸਥਾਰ ਨਹੀਂ ਦੱਸਿਆ ਗਿਆ ਸੀ। ਹੁਣ ਇਸ ਦੂਜੀ ਕਾਰਵਾਈ ਨੂੰ ਲੈ ਕੇ ਇੱਕ ਵਾਰ ਫਿਰ ਸਵਾਲ ਖੜ੍ਹੇ ਹੋ ਰਹੇ ਹਨ ਕਿ ਆਖ਼ਰ ਈਡੀ ਕਿਸ ਮਾਮਲੇ ਵਿੱਚ ਜਾਂਚ ਕਰ ਰਹੀ ਹੈ। ਇਸ ਤੋਂ ਇਲਾਵਾ ਇਹ ਵੀ ਧਿਆਨ ਵਿੱਚ ਰੱਖਣ ਵਾਲੀ ਗੱਲ ਹੈ ਕਿ ਸੁੰਦਰ ਸ਼ਾਮ ਅਰੋੜਾ ਪਹਿਲਾਂ ਵੀ ਦੋ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਵਿਜੀਲੈਂਸ ਬਿਊਰੋ ਦੀ ਜਾਂਚ ਦਾ ਸਾਹਮਣਾ ਕਰ ਚੁੱਕੇ ਹਨ।