Punjab

ਪੰਜਾਬ ਕੈਬਨਿਟ ਮੀਟਿੰਗ ਦੇ ਵੱਡੇ ਫੈਸਲੇ…

Major decisions of the Punjab Cabinet meeting...

ਚੰਡੀਗੜ੍ਹ : ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਟਿੰਗ ਵਿੱਚ ਹੋਏ ਫ਼ੈਸਲਿਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਅਤੇ 29 ਨਵੰਬਰ ਨੂੰ ਦੋ ਰੋਜ਼ਾ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸੈਸ਼ਨ ਦੌਰਾਨ ਅਹਿਮ ਬਿੱਲ ਪੇਸ਼ ਕੀਤੇ ਜਾਣਗੇ ਤੇ ਪੈਂਡਿੰਗ ਬਿੱਲਾਂ ‘ਤੇ ਮੋਹਰ ਲੱਗੇਗੀ। ਮੀਟਿੰਗ ਵਿੱਚ ਮਹਾਰਾਜਾ ਭੁਪਿੰਦਰਾ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਿੱਚ ਨਵੀਂਆਂ 9 ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਅਸਾਮੀਆਂ ਵਿੱਚ ਇਕ ਆਸਾਮੀ ਸਹਾਇਕ ਮੈਨੇਜਰ, ਪ੍ਰੋਗਰਾਮਰ ਦੀਆਂ ਦੋ ਅਸਾਮੀਆਂ, ਦੋ ਅਸਾਮੀਆਂ ਤਕਨੀਕੀ ਸਹਾਇਕ ਦੀਆਂ ਅਤੇ ਕਲਰਕ-ਕਮ-ਡੇਟਾ ਐਂਟਰੀ ਅਪਰੇਟਰ ਦੀਆਂ ਹੋਣਗੀਆਂ। ਇਸ ਯੂਨੀਵਰਸਿਟੀ ਦੀ ਸਥਾਪਨਾ ਖੇਡਾਂ ਦੇ ਖੇਤਰ ਦੇ ਕੋਰਸਾਂ, ਸਿੱਖਿਆ ਤੇ ਸਿਖਲਾਈ ਰਾਹੀਂ ਸੂਬੇ ਵਿੱਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਦੇ ਮਕਸਦ ਨਾਲ ਹੋਈ ਸੀ। ਇਨ੍ਹਾਂ ਅਸਾਮੀਆਂ ਨਾਲ ਯੂਨੀਵਰਸਿਟੀ ਦਾ ਕੰਮਕਾਜ ਸੁਚਾਰੂ ਤਰੀਕੇ ਨਾਲ ਚਲਾਉਣ ਤੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੇ ਕੰਮਕਾਜ ਵਿੱਚ ਸਹੂਲਤ ਹੋਵੇਗੀ। ਚੀਮਾ ਨੇ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਕੁਝ ਕੈਦੀਆਂ ਦੇ ਕੇਸ ਰੱਦ ਕੀਤੇ ਗਏ ਹਨ।

ਮੰਤਰੀ ਮੰਡਲ ਨੇ ਸੂਬੇ ਦੀ ਜੇਲ੍ਹ ਵਿੱਚ ਨਜ਼ਰਬੰਦ ਇਕ ਕੈਦੀ ਦੀ ਉਮਰ ਕੈਦ ਵਿੱਚ ਛੋਟ ਦਾ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ, ਜਦੋਂ ਕਿ ਚਾਰ ਹੋਰ ਅਜਿਹੇ ਕੇਸ ਰੱਦ ਕਰ ਦਿੱਤੇ ਗਏ। ਭਾਰਤੀ ਸੰਵਿਧਾਨ ਦੀ ਧਾਰਾ 163 ਤਹਿਤ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਇਹ ਵਿਸ਼ੇਸ਼ ਛੋਟ/ਅਗਾਊਂ ਰਿਹਾਈ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਵਿਧਾਨ ਸਭਾ ਵਿੱਚ ਕੈਮਰਿਆਂ ਨੂੰ ਲੈ ਕੇ ਹਾਈ ਕੋਰਟ ਦਾ ਰੁੱਖ ਕਰਨ ‘ਤੇ ਤੰਜ ਕੱਸਦਿਆਂ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੇਲੇ LIVE ਪ੍ਰਸਾਰਨ ਨਹੀਂ ਹੁੰਦਾ ਸੀ। ਚੀਮਾ ਨੇ ਕਿਹਾ ਕਿ ਆਪਣੀ ਸਰਕਾਰ ਵੇਲੇ ਕਾਂਗਰਸ ਪਾਰਟੀ ਕਾਨੂੰਨ ਦੀਆਂ ਧੱਜੀਆਂ ਉਡਾ ਰਹੀ ਹੈ।