Punjab

ਮਾਲਵਿੰਦਰ ਸਿੰਘ ਮਾਲੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਮੁਹਾਲੀ : ਨਵਜੋਤ ਸਿੱਧੂ ਦੇ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਮੋਹਾਲੀ ਨੂੰ ਪੁਲਿਸ ਦੇ ਵੱਲੋਂ ਪਟਿਆਲਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਮਾਲੀ ਦੇ ਖਿਲਾਫ਼ ਆਈਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਉਹ ਆਪਣੇ ਭਰਾ ਦੇ ਘਰ ਕੁਝ ਸਮਾਂ ਪਹਿਲਾਂ ਹੀ ਪਹੁੰਚੇ ਸਨ, ਜਿੱਥੇ ਉਨ੍ਹਾਂ ਦਾ ਵੱਡਾ ਭਰਾ ਜਤਿੰਦਰ ਸਿੰਘ ਵੀ ਆਇਆ ਹੋਇਆ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਕਿ ਆਈ.ਟੀ. ਐਕਟ ਅਧੀਨ ਉਨ੍ਹਾਂ ਵੱਲੋਂ ਪਾਈ ਕਿਸੇ ਪੋਸਟ ਕਾਰਨ ਉਨ੍ਹਾਂ ਨੂੰ ਫੜਿਆ ਗਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਆਈ.ਟੀ. ਸਿਟੀ ਥਾਣਾ ਮੁਹਾਲੀ ’ਚ ਉਨ੍ਹਾਂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਸਬੰਧੀ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਉੱਤੇ ਧਾਰਾ 196 ਤੇ 295-ਏ ਤਹਿਤ ਕੇਸ ਦਰਜ ਕੀਤਾ ਗਿਆ।

ਪਟਿਆਲਾ ਤੋਂ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਇਸ ਗ੍ਰਿਫਤਾਰੀ ਬਾਰੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਹੈ। ਜਿਸ ‘ਚ ਉਨ੍ਹਾਂ ਨੇ ਗ੍ਰਿਫਤਾਰੀ ‘ਤੇ ਸਵਾਲ ਖੜ੍ਹੇ ਕੀਤੇ ਹਨ ਅਤੇ ਮਾਲਵਿੰਦਰ ਸਿੰਘ ਮਾਲੀ ਨੂੰ ਜਲਦ ਤੋਂ ਜਲਦ ਰਿਹਾਅ ਕਰਨ ਲਈ ਕਿਹਾ ਹੈ।

ਬਿਕਰਮ ਸਿੰਘ ਮਜੀਠੀਆ ਦਾ ਟਵੀਟ
ਬਿਕਰਮ ਸਿੰਘ ਮਜੀਠੀਆ ਦਾ ਟਵੀਟ ਕਰਕੇ ਲਿਖਿਆ ਹੈ ਕਿ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਾਂਗ ਪ੍ਰੈਸ ਦੀ ਆਜ਼ਾਦੀ ਤੇ ਵਾਰ ਵਾਰ ਹਮਲਾ ਕਰ ਰਿਹਾ ਹੈ। ਅੱਜ ਸ਼ਾਮ ਨੂੰ ਸੀਨੀਅਰ ਪੱਤਰਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਪਟਿਆਲਾ ਤੋਂ ਉਨਾਂ ਦੇ ਭਰਾ ਦੇ ਘਰੋਂ ਮੋਹਾਲੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਗ੍ਰਿਫ਼ਤਾਰੀ ਦਾ ਕਾਰਨ ਕੋਈ ਸੋਸ਼ਲ ਮੀਡੀਆ ਤੇ ਪਾਈ ਪੋਸਟ ਨੂੰ ਦੱਸਿਆ ਜਾ ਰਿਹਾ ਹੈ। ਮੈਂ ਸ. ਮਾਲੀ ਦੀ ਇਸ ਗ੍ਰਿਫ਼ਤਾਰੀ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਾ ਹਾਂ। ਭਗਵੰਤ ਮਾਨ ਜੀ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਨੂੰ ਦਬਾਉ ਨਾ। ਤਾਨਾਸ਼ਾਹੀ ਛੱਡੋ

ਪੰਜਾਬ ਵਿੱਚ ਅਣਐਲਾਨੀ ਐਮਰਜੈਂਸੀ : ਸੁਖਪਾਲ ਖਹਿਰਾ

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੇ ਹੁਕਮਾਂ ‘ਤੇ ਬੀਤੀ ਦੇਰ ਰਾਤ ਪੰਜਾਬ ਪੁਲਿਸ ਵੱਲੋਂ ਪੰਜਾਬ ਪੱਖੀ ਕਾਰਕੁਨ ਅਤੇ ਸਿਆਸੀ ਵਿਸ਼ਲੇਸ਼ਕ ਮਾਲਵਿੰਦਰ ਸਿੰਘ ਮਾਲੀ ਦੀ ਗੈਰ-ਕਾਨੂੰਨੀ ਅਤੇ ਗੈਰ-ਕਾਨੂੰਨੀ ਗ੍ਰਿਫਤਾਰੀ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ।

ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਇਹ ਕਾਰਵਾਈ ਪੰਜਾਬ ਵਿੱਚ ਅਣਐਲਾਨੀ ਐਮਰਜੈਂਸੀ ਦੇ ਬਰਾਬਰ ਹੈ ਕਿਉਂਕਿ ਬੋਲਣ ਦੀ ਆਜ਼ਾਦੀ ਸਾਡੇ ਮੌਲਿਕ ਅਧਿਕਾਰਾਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ਕਿਹਾ ਕਿ ਬੀਜੇਪੀ ਦੀ ਸਿਆਸੀ ਬਦਲਾਖੋਰੀ ਲਈ ਕੱਲ੍ਹ ਹੀ ਅਰਵਿੰਦ ਕੇਜਰੀਵਾਲ ਅਤੇ ਹੋਰਾਂ ਦੇ ਖਿਲਾਫ ਭੜਾਸ ਕੱਢ ਰਹੇ ਸਨ, ਜਦੋਂ ਕਿ ਉਨ੍ਹਾਂ ਦੀ ਸਰਕਾਰ ਆਪਣੇ ਆਲੋਚਕਾਂ ਨੂੰ ਚੁੱਪ ਕਰਵਾਉਣ ਲਈ ਬਦਲਾਖੋਰੀ ਦੀ ਉਹੀ ਘਿਨਾਉਣੀ ਖੇਡ ਵਿੱਚ ਸ਼ਾਮਲ ਹੈ।

ਖਹਿਰਾ ਨੇ ਕਿਹਾ ਕਿ ਮਾਲੀ ਦੀ ਗ੍ਰਿਫਤਾਰੀ ਸਾਰੇ ਸੋਸ਼ਲ ਮੀਡੀਆ ਉਪਭੋਗਤਾਵਾਂ ਨੂੰ ਭਗਵੰਤ ਮਾਨ ਸਰਕਾਰ ਵਿਰੁੱਧ ਬੋਲਣ ਤੋਂ ਗੁਰੇਜ਼ ਕਰਨ ਦਾ ਸੁਨੇਹਾ ਹੈ ਜਿਸ ਨੇ ਪੰਜਾਬ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰ ਦਿੱਤਾ ਹੈ।

ਜਾਣੋ ਮਾਮਲਾ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਾਲਵਿੰਦਰ ਸਿੰਘ ਮਾਲੀ ਨੇ ਆਪਣੀ ਫੇਸਬੁੱਕ ਪੋਸਟ ‘ਚ ਜੰਮੂ-ਕਸ਼ਮੀਰ ਨੂੰ ਲੈ ਕੇ ਵਿਵਾਦਿਤ ਟਿੱਪਣੀ ਕੀਤੀ ਸੀ। ਇਸ ਪੋਸਟ ‘ਚ ਉਨ੍ਹਾਂ ਨੇ ਜੰਮੂ-ਕਸ਼ਮੀਰ ਨੂੰ ਵੱਖਰਾ ਦੇਸ਼ ਦੱਸਿਆ ਸੀ। ਮਾਲੀ ਨੇ ਕਿਹਾ ਸੀ ਕਿ ਕਸ਼ਮੀਰ ਨੂੰ ਆਜ਼ਾਦ ਕਰ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਸ਼ਮੀਰ ਨੂੰ ਪਾਕਿਸਤਾਨ ਅਤੇ ਭਾਰਤ ਦਾ ਨਾਜਾਇਜ਼ ਕਬਜ਼ਾ ਦੱਸਿਆ ਸੀ।