‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਭਾਰੀ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਹੋਈਆਂ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ੇ ਵਜੋਂ 1.20 ਲੱਖ ਰੁਪਏ ਦੇ ਚੈੱਕ ਸੌਂਪੇ ਜਿਨ੍ਹਾਂ ਦੇ ਘਰ ਭਾਰੀ ਮੀਂਹ ਕਾਰਨ ਡਿੱਗ ਗਏ ਸਨ।
ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਮੁੱਖ ਮੰਤਰੀ ਮਾਨ ਦੇ ਇਸ ਫੈਸਲੇ ਨੂੰ ਇਤਿਹਾਸਕ ਫੈਸਲਾ ਦੱਸਿਆ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਕਿਸੇ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨ ਦੇ ਦਰਦ ਨੂੰ ਮਹਿਸੂਸ ਕਰਦੇ ਹੋਏ ਮੁਆਵਜ਼ਾ ਦੇਣ ਦੀ ਸ਼ੁਰੂਆਤ ਕੀਤੀ ਹੈ।
ਕੰਗ ਨੇ ਕਿਹਾ ਕਿ ਅੱਜ ਤੋਂ 20 ਦਿਨ ਪਹਿਲਾਂ ਮੁੱਖ ਮੰਤਰੀ ਵੱਲੋਂ ਮੁਆਵਜ਼ਾ ਦੇਣ ਦੀ ਗੱਲ ਕੀਤੀ ਗਈ ਸੀ ਅਤੇ 20 ਦਿਨ ਤੋਂ ਪਹਿਲਾਂ ਹੀ ਮੁੱਖ ਮੰਤਰੀ ਮਾਨ ਨੇ ਆਪਣੇ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਗਿਰਦਾਉਰੀ ਸਿਸਟਮ ਨੂੰ ਪਾਰਦਰਸ਼ਤਾ ਨਾਲ ਲਾਗੂ ਕੀਤਾ ਹੈ, ਇਸ ਤੋਂ ਪਹਿਲਾਂ ਤਾਂ ਅਫ਼ਸਰਾਂ ਦੀ ਮਿਲੀਭੁਗਤ ਕਰਕੇ ਪਿੰਡਾਂ ਵਿੱਚ ਜਾਣ-ਪਛਾਣ ਦੇ ਲੋਕਾਂ ਨੂੰ ਹੀ ਮੁਆਵਜ਼ਾ ਮਿਲਦਾ ਸੀ।
ਕੰਗ ਨੇ ਕਿਹਾ ਕਿ ਇਸ ਵਾਰ ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਦੀ ਲਿਮਟ ਭਰਨ ਤੋਂ ਛੋਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੰਕਟ ਦੇ ਸਮੇਂ ਲਈ ਹੈ। ਕਿਸਾਨ ਚਿੰਤਾ ਮੁਕਤ ਹੋਣ ‘ਤੇ ਇਸ ਲਿਮਟ ਨੂੰ ਭਰ ਸਕਣਗੇ। ਕੰਗ ਨੇ ਕਿਹਾ ਕਿ ਸਹਿਕਾਰੀ ਬੈਂਕਾਂ ਦਾ ਕਿਸਾਨਾਂ ਵੱਲ 7 ਹਜ਼ਾਰ 625 ਕਰੋੜ ਰੁਪਏ ਖੜੇ ਲੋਨਾਂ ਨੂੰ ਪੰਜਾਬ ਸਰਕਾਰ ਨੇ ਫਰੀਜ਼ ਕਰ ਦਿੱਤਾ ਹੈ ਜਦੋਂ ਤੱਕ ਕਿਸਾਨ ਦੀ ਆਰਥਿਕ ਸਥਿਤੀ ਸੰਭਲ ਨਹੀਂ ਜਾਂਦੀ। ਕੰਗ ਨੇ ਕਿਹਾ ਕਿ ਇਸ ਨਾਲ ਨਾ ਤਾਂ ਕਿਸਾਨ ਨੂੰ ਲੋਨ ਭਰਨ ਦੀ ਜ਼ਰੂਰਤ ਹੈ ਅਤੇ ਨਾ ਹੀ ਇਸਦੇ ਉੱਪਰ ਕੋਈ ਵਿਆਜ਼ ਲੱਗੇਗਾ।
ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੁਦਰਤ ਦੀ ਮਾਰ ਦੇ ਹੇਠਾਂ ਤੋਂ ਕੱਢਣ ਲਈ 75 ਤੋਂ 100 % ਫਸਲੀ ਖਰਾਬੇ ਦਾ ਮੁਆਵਜ਼ਾ 15 ਹਜ਼ਾਰ ਰੁਪਏ ਪ੍ਰਤੀ ਏਕੜ , 33% ਫਸਲੀ ਖਰਾਬੇ ਦਾ ਮੁਆਵਜ਼ਾ 6800 ਪ੍ਰਤੀ ਏਕੜ ਕਰ ਦਿੱਤਾ ਹੈ। ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਲੋਕ ਹਿੱਤਾਂ ਵਿੱਚ ਫੈਸਲੇ ਲੈਂਦੀ ਹੈ ਅਤੇ ਅੱਗੇ ਵੀ ਲੋਕਾਂ ਦੇ ਹੱਕ ਵਿੱਚ ਫੈਸਲੇ ਕਰਦੀ ਰਹੇਗੀ।
ਵਿਸਾਖੀ ਦੇ ਮੱਦੇਨਜ਼ਰ ਵਧਾਈ ਗਈ ਸੁਰੱਖਿਆ ਨੂੰ ਲੈ ਕੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਕੰਗ ਨੇ ਕਿਹਾ ਕਿ ਵਿਸਾਖੀ ਦੇ ਮੱਦੇਨਜ਼ਰ ਪੂਰੇ ਪੰਜਾਬ ਵਿੱਚ ਸੁਰੱਖਿਆ ਵਧਾਈ ਗਈ ਹੈ ਤਾਂਕਿ ਵੈਸਾਖੀ ਦੇ ਮੌਕੇ ਕੋਈ ਵੀ ਸ਼ਰਾਰਤੀ ਅਤੇ ਗਲਤ ਅਨਸਰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਾ ਹੋ ਸਕੇ ਅਤੇ ਗਲਤ ਅਨਸਰ ਖੁਲੇਆਮ ਘੁੰਮਣ ਤੋਂ ਗੁਰੇਜ਼ ਕਰਨ। ਸ਼ਾਂਤਮਈ ਮਾਹੌਲ ਬਰਕਰਾਰ ਰੱਖਿਆ ਜਾ ਸਕੇ।