Punjab Religion

ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਵਾਲਾ ਗ੍ਰਿਫ਼ਤਾਰ!

ਬਿਊਰੋ ਰਿਪੋਰਟ: ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਧਮਕੀਆਂ ਦੇ ਮਾਮਲੇ ਵਿੱਚ ਇੱਕ ਵੱਡੀ ਸਫਲਤਾ ਪ੍ਰਾਪਤ ਹੋਈ ਹੈ। ਤਾਮਿਲਨਾਡੂ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਧਮਕੀ ਭਰੇ ਈਮੇਲ ਭੇਜਣ ਪਿੱਛੇ ਦੇ ਮਾਸਟਰਮਾਇੰਡ ਦੱਸਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਜਾਂਚ ਟੀਮਾਂ ਪਿਛਲੇ ਦੋ ਦਿਨਾਂ ਤੋਂ ਤਾਮਿਲਨਾਡੂ ਵਿੱਚ ਸਰਗਰਮ ਸਨ ਅਤੇ ਲਿੰਕਾਂ ਦੀ ਭਾਲ ਕਰ ਰਹੀਆਂ ਸਨ। ਅੰਮ੍ਰਿਤਸਰ ਪੁਲਿਸ ਨੇ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਪ੍ਰੈਸ ਕਾਨਫ਼ਰੰਸ ਵਿੱਚ ਦੱਸਿਆ ਹੈ ਕਿ ਫਰੀਦਾਬਾਦ ਦੇ 24 ਸਾਲਾ ਸ਼ੁਭਮ ਦੂਬੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੇਸ਼ੇ ਤੋਂ ਉਹ ਸਾਫਟਵੇਅਰ ਇੰਜੀਨੀਅਰ ਹੈ ਤੇ ਕਈ ਵੱਡੀਆਂ ਕੰਪਨੀਆਂ ਵਿੱਚ ਵੀ ਕੰਮ ਕਰ ਚੁੱਕਿਆ ਹੈ। ਇਸ ਮਾਮਲੇ ਵਿੱਚ 2 FIR ਦਰਜ ਕੀਤੀਆਂ ਗਈਆਂ ਹਨ। ਮਾਮਲੇ ਵਿੱਚ ਫਿਲਹਾਲ ਜਾਂਚ ਜਾਰੀ ਹੈ। ਮੁਲਜ਼ਮ ਕੋਲੋੰ ਮੋਬਾਇਲ ਤੇ ਲੈਪਟਾਪ ਵੀ ਜ਼ਬਤ ਕੀਤਾ ਗਿਆ ਹੈ।

ਸੂਤਰਾਂ ਮੁਤਾਬਕ ਸ੍ਰੀ ਦਰਬਾਰ ਸਾਹਿਬ ਲਈ ਧਮਕੀ ਭਰੇ ਈਮੇਲ ਲਿਖਣ ਵਾਲਾ ਮੁਲਜ਼ਮ ਪਹਿਲਾਂ ਤਾਮਿਲਨਾਡੂ ਸਰਕਾਰ ਨੂੰ ਵੀ ਧਮਕੀਆਂ ਦੇ ਚੁੱਕਾ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਦਰਬਾਰ ਸਾਹਿਬ ਲਈ ਧਮਕੀ ਭਰੀਆਂ ਈ-ਮੇਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਕੱਲ੍ਹ ਆਪਣੀ ਰਿਹਾਇਸ਼ ਉਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ।

ਇਸ ਸਬੰਧੀ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਲਈ ਕਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਧਰਮਾਂ ਦੇ ਧਾਰਮਿਕ ਅਸਥਾਨ ਪਵਿੱਤਰ ਅਤੇ ਪੂਜਣਯੋਗ ਹਨ ਜਿਨ੍ਹਾਂ ਦੀ ਸੁਰੱਖਿਆ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।