Punjab

ਜੁਗਨੂੰ ਦੇ ਭੁਲੇਖੇ ਡਰਾਈਵਰ ਯਾਦਵਿੰਦਰ ਦਾ ਕਤਲ! ਮੂਸੇਵਾਲਾ ਕਤਲਕਾਂਡ ਨਾਲ ਜੁੜੇ ਤਾਰ

ਬਿਊਰੋ ਰਿਪੋਰਟ: ਕੋਟਕਪੂਰਾ ਦੇ ਨੇੜਲੇ ਪਿੰਡ ਬਾਹਮਣ ਵਾਲਾ ਵਿੱਚ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਨੇ ਇੱਤ ਇੰਡੈਵਰ ਗੱਡੀ ਉੱਤੇ ਗੋਲ਼ੀਆਂ ਚਲਾ ਦਿੱਤੀਆਂ ਤੇ ਗੱਡੀ ਦੇ ਚਾਲਕ ਦਾ ਕਤਲ ਕਰ ਦਿੱਤਾ। ਮ੍ਰਿਤਕ ਚਾਲਕ ਦੀ ਪਛਾਣ ਮੁਹਾਲੀ ਨਿਵਾਸੀ ਯਾਦਵਿੰਦਰ ਸਿੰਘ ਵਜੋਂ ਹੋਈ ਹੈ।

ਹਾਸਲ ਜਾਣਕਾਰੀ ਮੁਤਾਬਕ ਪਿੰਡ ਬਾਹਮਣ ਵਾਲਾ ਦੇ ਗੁਲਜਾਰ ਸਿੰਘ ਨੰਬਰਦਾਰ ਦਾ ਕੁਝ ਦਿਨ ਪਹਿਲਾਂ ਦੇਹਾਂਤ ਹੋਇਆ ਸੀ। ਅੱਜ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਭੋਗ ਪਾਇਆ ਗਿਆ ਜਿਸ ਤੋਂ ਬਾਅਦ ਜਦ ਰਿਸ਼ਤੇਦਾਰ ਵਾਪਸ ਪਰਤ ਰਹੇ ਸਨ ਤਾਂ ਤਿੰਨ ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਆਏ ਅਤੇ ਇੰਡੈਵਰ ਗੱਡੀ ’ਤੇ ਗੋਲ਼ੀਬਾਰੀ ਕਰ ਦਿੱਤੀ। ਇਸ ਦੌਰਾਨ ਯਾਦਵਿੰਦਰ ਸਿੰਘ ਦੀ ਮੌਤ ਹੋ ਗਈ।

ਇਸ ਮੌਕੇ ਤੇ ਪਿੰਡ ਦੇ ਸਰਪੰਚ ਗੁਰਮੇਲ ਸਿੰਘ ਨੇ ਵੀ ਜਾਣਕਾਰੀ ਦਿੱਤੀ ਕਿ ਇਹ ਵਾਰਦਾਤ ਉਸ ਵੇਲੇ ਵਾਪਰੀ ਜਦ ਭੋਗ ਤੋਂ ਵਾਪਸੀ ਦੌਰਾਨ ਲੋਕ ਆਪਣੀ ਗੱਡੀ ਵਿਚ ਬੈਠ ਕੇ ਘਰ ਵੱਲ ਪਰਤ ਰਹੇ ਸਨ। ਲੋਕਾਂ ਨੇ ਵੀ ਇਸ ਹਾਦਸੇ ਨੂੰ ਲੈ ਕੇ ਚਿੰਤਾ ਜਤਾਈ ਹੈ ਅਤੇ ਪੁਲਿਸ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਹਮਲਾ ਕਰਨ ਵਾਲੇ ਮੁਲਜ਼ਮ ਮਾਨਸਾ ਦੇ ਕਿਸੇ ਜੁਗਨੂ ਨਾਮਕ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਆਏ ਸਨ, ਪਰ ਭੁਲੇਖੇ ਵਿੱਚ ਯਾਦਵਿੰਦਰ ਸਿੰਘ ਦਾ ਕਤਲ ਕਰ ਗਏ। ਦੱਸ ਦੇਈਏ ਕਿ ਜੁਗਨੂ ਦਾ ਨਾਂ ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਵੀ ਜੋੜਿਆ ਗਿਆ ਸੀ, ਪਰ ਉਸ ਨੂੰ ਪੁਲਿਸ ਵੱਲੋਂ ਕਲੀਨ ਚਿੱਟ ਮਿਲ ਚੁੱਕੀ ਸੀ।

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸਐਸਪੀ ਡਾ. ਪ੍ਰਗਿਆ ਜੈਨ, ਡੀਐਸਪੀ ਕੋਟਕਪੂਰਾ ਜਤਿੰਦਰ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਡਾ. ਪ੍ਰਗਿਆ ਜੈਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਦੇ ਕੋਲ ਕੁਝ ਅਹਿਮ ਸੁਰਾਗ ਹਨ ਅਤੇ ਜਲਦ ਹੀ ਹਮਲਾ ਕਰਨ ਵਾਲੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਇਸ ਮਾਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਕਾਰਵਾਈ ਹੋਵੇਗੀ।