India

ਆਪ ਦੇ ਇਸ ਆਗੂ ਨੇ ਕੀਤਾ CBI ਨੂੰ Supreme Court ਵਿੱਚ challenge,ਅੱਜ ਬਾਅਦ ਦੁਪਹਿਰ ਹੋਵੇਗੀ ਸੁਣਵਾਈ

ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਰਾਬ ਘੁਟਾਲੇ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਅਤੇ ਸੀਬੀਆਈ ਜਾਂਚ ਦੇ ਤਰੀਕੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।

ਸਿਸੋਦੀਆ ਦੀ ਤਰਫੋਂ ਕੇਸ ਦੀ ਪੈਰਵੀ ਕਰਦੇ ਹੋਏ ਅਭਿਸ਼ੇਕ ਮਨੂ ਸਿੰਘਵੀ ਨੇ ਸੁਪਰੀਮ ਕੋਰਟ ਤੋਂ ਪਟੀਸ਼ਨ ਦੀ ਜਲਦੀ ਸੁਣਵਾਈ ਦੀ ਮੰਗ ਕੀਤੀ। ਅਭਿਸ਼ੇਕ ਸਿੰਘਵੀ ਦੀ ਗੱਲ ਸੁਣਨ ਤੋਂ ਬਾਅਦ ਚੀਫ ਜਸਟਿਸ ਨੇ ਪੁੱਛਿਆ ਕਿ ਉਹ ਸੁਪਰੀਮ ਕੋਰਟ ਆਉਣ ਤੋਂ ਪਹਿਲਾਂ ਸਿੱਧੇ ਹਾਈ ਕੋਰਟ ਕਿਉਂ ਨਹੀਂ ਗਏ। ਇਸ ‘ਤੇ ਸਿੰਘਵੀ ਨੇ ਵਿਨੋਦ ਦੁਆ ਮਾਮਲੇ ‘ਚ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦਿੱਤਾ। ਇਸ ਤੋਂ ਬਾਅਦ ਚੀਫ਼ ਜਸਟਿਸ ਚੰਦਰਚੂੜ ਨੇ ਕਿਹਾ ਕਿ ਉਹ ਬਾਅਦ ਦੁਪਹਿਰ 3:50 ਵਜੇ ਇਸ ਮਾਮਲੇ ਦੀ ਸੁਣਵਾਈ ਕਰਨਗੇ।

ਸਿਸੋਦੀਆ ਦਾ ਕਹਿਣਾ ਹੈ ਕਿ ਜਦੋਂ ਉਹ ਸੀਬੀਆਈ ਜਾਂਚ ਵਿੱਚ ਸਹਿਯੋਗ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਿਉਂ ਕੀਤਾ ਗਿਆ। ਇੱਕ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ ਮਨੀਸ਼ ਸਿਸੋਦੀਆ ਨੂੰ ਪੰਜ ਦਿਨਾਂ ਲਈ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਹਿਰਾਸਤ ਵਿੱਚ ਭੇਜ ਦਿੱਤਾ। ਜਾਂਚ ਏਜੰਸੀ ਨੇ ਆਪ ਆਗੂ ਨੂੰ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਸੀ ਅਤੇ ਉਸ ਨੂੰ ਪੰਜ ਦਿਨਾਂ ਲਈ ਆਪਣੀ ਹਿਰਾਸਤ ਵਿੱਚ ਸੌਂਪਣ ਦੀ ਬੇਨਤੀ ਕੀਤੀ ਸੀ। ਇਸ ਤੋਂ ਬਾਅਦ ਵਿਸ਼ੇਸ਼ ਜੱਜ ਐਮ.ਕੇ. ਨਾਗਪਾਲ ਨੇ ਸਿਸੋਦੀਆ ਨੂੰ 4 ਮਾਰਚ ਤੱਕ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਸੀ।