Punjab

ਮਾਨ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਇੱਕ ਵਾਰ ਫਿਰ ਤੋਂ ਆਹਮੋ ਸਾਹਮਣੇ , ਸਪੀਕਰ ਨੂੰ ਚਿੱਠੀ ਲਿਖ ਕੀਤੀ ਇਹ ਮੰਗ

ਅੰਮ੍ਰਿਤਸਰ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੰਜਾਬ ਸਰਕਾਰ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਬਾਰੇ ਵਿਧਾਨ ਸਭਾ ਵਿੱਚ ਸੋਧ ਬਿੱਲ ਪਾਸ ਕਰਨ ਮਗਰੋਂ ਸ਼੍ਰੋਮਣੀ ਕਮੇਟੀ ਨੇ ਮੁੜ ਪੰਜਾਬ ਸਰਕਾਰ ਨੂੰ ਘੇਰਿਆ ਹੈ। ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਤੇ ਬੁਢਲਾਡਾ ਤੋਂ ਵਿਧਾਇਕ ਬੁੱਧ ਰਾਮ ਵੱਲੋਂ ਕੀਤੀਆਂ ਗਈਆਂ ਕੁਝ ਟਿੱਪਣੀਆਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਕੀਤਾ ਜਾ ਰਿਹਾ ਹੈ।

ਹਾਸਲ ਜਾਣਕਾਰੀ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ 20 ਜੂਨ ਦੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਕੀਤੀਆਂ ਗਈਆਂ ਸਿੱਖ ਵਿਰੋਧੀ ਟਿੱਪਣੀਆਂ ਨੂੰ ਰਿਕਾਰਡ ਦਾ ਹਿੱਸਾ ਨਾ ਬਣਾਉਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਸਬੰਧੀ ਵਿਧਾਨ ਸਭਾ ਦੇ ਸਪੀਕਰ ਨੂੰ ਇੱਕ ਪੱਤਰ ਭੇਜਿਆ ਹੈ। ਸ਼੍ਰੋਮਣੀ ਕਮੇਟੀ ਨੇ ਇਹ ਪੱਤਰ ਸੋਸ਼ਲ ਮੀਡੀਆ ’ਤੇ ਵੀ ਸਾਂਝਾ ਕੀਤਾ ਹੈ।

ਇਸ ਪੱਤਰ ਵਿੱਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਕਿਹਾ ਕਿ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਤੇ ਸਿੱਖ ਕਕਾਰਾਂ ਦੇ ਅਹਿਮ ਹਿੱਸੇ ਕੇਸਾਂ ਬਾਰੇ ਇਤਰਾਜ਼ਯੋਗ ਤੇ ਤੱਥਹੀਣ ਵਿਚਾਰ ਸਾਂਝੇ ਕੀਤੇ ਸਨ। ਇਸੇ ਤਰ੍ਹਾਂ ਵਿਧਾਇਕ ਬੁੱਧ ਰਾਮ ਨੇ ਵੀ ਆਪਣੇ ਸੰਬੋਧਨ ਦੌਰਾਨ ਭਗਤ ਤੇ ਭੱਟ ਸਾਹਿਬਾਨ ਦੇ ਨਾਵਾਂ ਦਾ ਜ਼ਿਕਰ ਸਤਿਕਾਰਹੀਣ ਲਹਿਜ਼ੇ ਤੇ ਭਾਸ਼ਾ ਵਿੱਚ ਕੀਤਾ ਸੀ। ਇਸ ਮਾਮਲੇ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਰੋਸ ਹੈ।

ਉਨ੍ਹਾਂ ਵਿਧਾਨ ਸਭਾ ਦੇ ਸਪੀਕਰ ਨੂੰ ਅਪੀਲ ਕੀਤੀ ਹੈ ਕਿ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਮੁੱਖ ਮੰਤਰੀ ਤੇ ਵਿਧਾਇਕ ਦੀਆਂ ਟਿੱਪਣੀਆਂ ਨੂੰ ਵਿਧਾਨ ਸਭਾ ਦੇ ਰਿਕਾਰਡ ਦਾ ਹਿੱਸਾ ਨਾ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਚੁਣੇ ਹੋਏ ਨੁਮਾਇੰਦਿਆਂ ਨੂੰ ਲੋਕ ਭਾਵਨਾਵਾਂ ਤੇ ਧਾਰਮਿਕ ਸਰੋਕਾਰਾਂ ਦੀ ਕਦਰ ਕਰਨ ਦੀ ਹਦਾਇਤ ਦੇਣ ਲਈ ਵੀ ਕਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਜਮਹੂਰੀ ਤੇ ਨਿਰਪੱਖ ਵਿਚਾਰਧਾਰਾ ਦਾ ਮੰਚ ਹੈ, ਜਿੱਥੇ ਕਿਸੇ ਵੀ ਧਰਮ ਦੇ ਨਿਰਾਦਰ ਦੀ ਕੋਈ ਥਾਂ ਨਹੀਂ ਹੈ। ਸਪੀਕਰ ਇਸ ਸਦਨ ਦਾ ਸੰਵਿਧਾਨਕ ਮੁਖੀ ਹੈ, ਇਸ ਲਈ ਇਸ ਦੀ ਮਰਿਆਦਾ ਬਰਕਰਾਰ ਰੱਖਣੀ ਉਨ੍ਹਾਂ ਦੀ ਜ਼ਿੰਮੇਵਾਰੀ ਹੈ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਹੋਣ ਕਾਰਨ ਸ਼੍ਰੋਮਣੀ ਕਮੇਟੀ ਵਿਧਾਨ ਸਭਾ ਦੇ ਸਪੀਕਰ ਨੂੰ ਅਪੀਲ ਕਰਦੀ ਹੈ ਕਿ ਉਹ ਵਿਧਾਨ ਸਭਾ ਵਿੱਚ ਸਿੱਖ ਕੌਮ ਅਤੇ ਸਿੱਖ ਭਾਵਨਾਵਾਂ ਦੇ ਹੋਏ ਨਿਰਾਦਰ ਦੇ ਮਾਮਲੇ ਵਿਚ ਫੈਸਲਾਕੁਨ ਰੋਲ ਨਿਭਾਉਣ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਮੁੱਖ ਮੰਤਰੀ ਤੇ ਵਿਧਾਇਕ ਦੀਆਂ ਟਿੱਪਣੀਆਂ ਨੂੰ ਵਿਧਾਨ ਸਭਾ ਦੇ ਰਿਕਾਰਡ ਦਾ ਹਿੱਸਾ ਨਾ ਬਣਾਉਣ।

ਉਨ੍ਹਾਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀਆਂ ਬਾਰੇ ਕੀਤੀ ਗਈ ਟਿੱਪਣੀ ਦਾ ਹਜ਼ੂਰੀ ਰਾਗੀਆਂ ਵੱਲੋਂ ਵੀ ਇਤਰਾਜ਼ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਇੱਕ ਗੁਰਸਿੱਖ ਦੀ ਦਾੜ੍ਹੀ ਬਾਰੇ ਕੀਤੀ ਗਈ ਟਿੱਪਣੀ ਦਾ ਵੀ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।