Punjab

ਮਾਨ ਸਰਕਾਰ ਅੱਜ ਪੇਸ਼ ਕਰੇਗੀ ਆਪਣਾ ਦੂਜਾ ਬਜਟ , ਲੋਕਾਂ ਨੂੰ ਪੰਜਾਬ ਸਰਕਾਰ ਦੇ ਇਸ ਬਜਟ ਤੋਂ ਵੱਡੀਆਂ ਉਮੀਦਾਂ

ਚੰਡੀਗੜ੍ਹ : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ( CM Bhagwant Singh Mann ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ( Punjab Government) ਅੱਜ ਆਪਣਾ ਦੂਜਾ ਬਜਟ ( Punjab Budget ) ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ(Harpal Cheema) 10 ਵਜੇ ਬਜਟ ਪੇਸ਼ ਕਰਨਗੇ। ਦੱਸ ਦੇਈਏ ਕਿ ਭਗਵੰਤ ਮਾਨ ਸਰਕਾਰ ਦੇ ਇਸ ਬਜਟ ਦੀ ਲੋਕ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਅਤੇ ਕੇਂਦਰੀ ਬਜਟ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਪੰਜਾਬ ਸਰਕਾਰ ਦੇ ਬਜਟ ਤੋਂ ਵੱਡੀਆਂ ਉਮੀਦਾਂ ਹਨ।

ਜਲੰਧਰ ਜ਼ਿਮਨੀ ਚੋਣ ਅਤੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਰਕਾਰ ਬਜਟ ‘ਚ ਪੰਜਾਬ ਦੇ ਲੋਕਾਂ ਨੂੰ ਵੱਡੇ ਤੋਹਫੇ ਦਾ ਐਲਾਨ ਕਰ ਸਕਦੀ ਹੈ। ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ, ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੀ ਗਰੰਟੀ, ਨੌਜਵਾਨਾਂ ਨੂੰ ਰੁਜ਼ਗਾਰ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਸਰਕਾਰ ਦਾਅਵਿਆਂ ਦੇ ਮੱਦੇਨਜ਼ਰ ਸਭ ਦੀਆਂ ਨਜ਼ਰਾਂ ਬਜਟ ‘ਤੇ ਟਿਕੀਆਂ ਹੋਈਆਂ ਹਨ।

ਆਮ ਆਦਮੀ ਪਾਰਟੀ (ਆਪ) ਵੱਲੋਂ ਲੋਕਾਂ ਨੂੰ ਦਿੱਤੀਆਂ ਗਈਆਂ ਕਈ ਗਾਰੰਟੀਆਂ ਨੂੰ ਲਾਗੂ ਕਰਨ ਵਿੱਚ ‘ਆਪ’ ਸਰਕਾਰ ਸਫਲ ਰਹੀ। ਨਵੇਂ ਵਿੱਤੀ ਸਾਲ 2023-24 ਵਿੱਚ ਵੀ ਵਿੱਤ ਮੰਤਰੀ ਦੇ ਸਾਹਮਣੇ ਉਹੀ ਪੁਰਾਣਾ ਆਰਥਿਕ ਸੰਕਟ ਬਣਿਆ ਹੋਇਆ ਹੈ। ਭਾਵੇਂ ਸੂਬੇ ਦੇ ਆਪਣੇ ਟੈਕਸ-ਮਾਲੀਆ ਅਤੇ ਗੈਰ-ਟੈਕਸ-ਮਾਲੇ ਦੀ ਉਗਰਾਹੀ ਵਿੱਚ ਕੁਝ ਸੁਧਾਰ ਹੋਇਆ ਹੈ, ਪਰ ਕੁੱਲ ਮਾਲੀਏ ਦਾ 45 ਫੀਸਦੀ ਤਿੰਨ ਲੱਖ ਕਰੋੜ ਦੇ ਕਰਜ਼ੇ ਦਾ ਵਿਆਜ ਮੋੜਨ ਵਾਲਾ ਹੈ, ਜਿਸ ਵਿੱਚ ਇਸ ਸਾਲ ਵਾਧਾ ਵੀ ਹੋਇਆ ਹੈ।

ਦੱਸ ਦਈਏ ਕਿ ਕੇਂਦਰ ਦੇ 2023-24 ਦਾ ਬਜਟ ਪੇਸ਼ ਕਰਨ ਉਤੇ ਮੁੱਖ ਮੰਤਰੀ ਨੇ ਇਸ ਨੂੰ ਪੰਜਾਬ ਵਿਰੋਧੀ ਕਰਾਰ ਦਿੱਤਾ ਸੀ। ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਨੇ ਨਵੀਂ ਫਸਲ ਉਤੇ ਐਮਐਸਪੀ ਨਾ ਦੇ ਕੇ ਕਿਸਾਨਾਂ ਨੂੰ ਨਿਰਾਸ਼ ਕੀਤਾ ਹੈ, ਜਿਸ ਤੋਂ ਹੁਣ ਪੰਜਾਬ ਦੇ ਕਿਸਾਨਾਂ ਨੂੰ ਭਗਵੰਤ ਮਾਨ ਸਰਕਾਰ ਦੇ ਦੂਜੇ ਬਜਟ ਤੋਂ ਵੱਡੀਆਂ ਉਮੀਦਾਂ ਹਨ।

ਬੀਤੇ ਸਾਲ 2022 ਵਿੱਚ ਮਾਨ ਸਰਕਾਰ ਨੇ ਆਪਣਾ ਪਹਿਲਾ ਬਜਟ ਪੇਸ਼ ਕੀਤਾ ਸੀ। ਵਿੱਤ ਮੰਤਰੀ ਹਰਪਾਲ ਚੀਮਾ (Harpal Cheema) ਵੱਲੋਂ 1.55 ਲੱਖ ਕਰੋੜ ਦਾ ਬਜਟ ਪੇਸ਼ ਕੀਤਾ ਗਿਆ। ਇਸ ਦੌਰਾਨ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ ਸੀ। ਬੀਤੇ ਵਰ੍ਹੇ ਦਾ ਬਜਟ ਸਿੱਖਿਆ, ਸਿਹਤ ਅਤੇ ਖੇਤੀਬਾੜੀ ‘ਤੇ ਕੇਂਦਰਤ ਸੀ।