‘ਦ ਖ਼ਾਲਸ ਬਿਊਰੋ : ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ, ਹਰਭਜਨ ਸਿੰਘ ਈ ਟੀ ਓ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਲਾਗੂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਘਰੇਲੂ ਖਪਤਕਾਰਾਂ ਦੇ 300 ਯੂਨਿਟ ਬਿਜਲੀ ਮੁਆਫ਼ ਕਰਨ ਦਾ ਫ਼ੈਸਲਾ ਲੋਕਾਂ ਪ੍ਰਤੀ ਸਰਕਾਰ ਦੀ ਸੁਹਿਰਦਤਾ ਅਤੇ ਵਚਨਬੱਧਤਾ ਦੀ ਸਭ ਤੋਂ ਵੱਡੀ ਮਿਸਾਲ ਹੈ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰੀ ਤਨਦੇਹੀ ਨਾਲ ਪੂਰਾ ਕੀਤਾ ਜਾ ਰਿਹਾ ਹੈ। ਪੰਜਾਬ ਦੇ ਹਾਲ ਹੀ ਵਿੱਚ ਪੇਸ਼ ਕੀਤੇ ਗਏ ਬਜਟ ਦੌਰਾਨ ਕੋਈ ਨਵਾਂ ਟੈਕਸ ਨਾ ਲਾਇਆ ਜਾਣਾ ਸਰਕਾਰ ਦੀ ਲੋਕਾਂ ਪ੍ਰਤੀ ਸੰਜੀਦਗੀ ਦਾ ਸਭ ਤੋਂ ਵੱਡਾ ਪ੍ਰਮਾਣ ਹੈ।
ਬਿਜਲੀ ਮੰਤਰੀ ਨੇ ਕਿਹਾ ਕਿ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ’ਤੇ ਖਰਾ ਉਤਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਪੰਜਾਬ ਨੂੰ ਮੁੜ ਤੋਂ ‘ਰੰਗਲਾ ਪੰਜਾਬ’ ਬਣਾਉਣ ਵੱਲ ਵਧ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਤਕਨੀਕੀ ਸਿਖਿਆ ਬਜਟ ਵਿੱਚ 48 ਫ਼ੀਸਦੀ ਵਾਧਾ, ਮੈਡੀਕਲ ਸਿਖਿਆ ਬਜਟ ਵਿੱਚ 57 ਫ਼ੀਸਦੀ ਵਾਧਾ, ਖੇਡਾਂ ਤੇ ਯੁਵਕ ਸੇਵਾਵਾਂ ਬਜਟ ਵਿੱਚ 52 ਫ਼ੀਸਦੀ ਵਾਧਾ, 100 ਸਰਕਾਰੀ ਸਕੂਲਾਂ ਦੀ ਪਹਿਲੇ ਪੜਾਅ ਵਿੱਚ ‘ਸਕੂਲ ਆਫ਼ ਐਮੀਨੈਂਸ’ ਵਜੋਂ ਚੋਣ, 16 ਨਵੇਂ ਮੈਡੀਕਲ ਕਾਲਜ, 117 ਮੁਹੱਲਾ ਕਲੀਨਿਕ, ਸਿਹਤ ਬਜਟ ਵਿੱਚ 24 ਫ਼ੀਸਦੀ ਦਾ ਵਾਧਾ, ਕਿਸਾਨ ਪੱਖੀ ਸਕੀਮਾਂ ਲਈ 11560 ਕਰੋੜ ਰੁਪਏ, ਰੋਜ਼ਗਾਰ ਵਧਾਉਣ ਲਈ ਬਜਟ ਵਿੱਚ 32 ਫ਼ੀਸਦੀ ਵਾਧਾ, ਉਦਯੋਗ ਤੇ ਵਪਾਰ ਬਜਟ ਵਿੱਚ 48 ਫ਼ੀਸਦੀ ਵਾਧਾ, ਸਰਹੱਦ ’ਤੇ ਸੈਨਿਕਾਂ ਦੇ ਸ਼ਹੀਦ ਹੋਣ ’ਤੇ ਪਰਿਵਾਰ ਨੂੰ ਇੱਕ ਕਰੋੜ ਦੀ ਐਕਸ-ਗ੍ਰੇਸ਼ੀਆ, ਕਾਨੂੰਨ ਤੇ ਵਿਵਸਥਾ ’ਚ ਸੁਧਾਰ ਲਈ 9449 ਕਰੋੜ ਅਤੇ 45 ਨਵੇਂ ਆਧੁਨਿਕ ਬੱਸ ਅੱਡਿਆਂ ਦੀ ਉਸਾਰੀ ਦਾ ਐਲਾਨ ਜਿਹੇ ਫੈਸਲੇ ਪਹਿਲੇ ਬਜਟ ’ਚ ਹੀ ਲੈਣਾ, ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬੇ ਦੇ ਲੋਕਾਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਬਿਜਲੀ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਵਾਤਾਵਾਰਣ ਦੀ ਸਾਂਭ-ਸੰਭਾਲ ਲਈ ਹਰਿਆ-ਭਰਿਆ ਚੌਗਿਰਦਾ ਮੁਹੱਈਆ ਕਰਵਾਉਣ ਲਈ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਹਰੇਕ ਵਿਧਾਨ ਸਭਾ ਹਲਕੇ ਵਿੱਚ 60000 ਬੂਟੇ ਲਾਉਣ ਦੀ ਯੋਜਨਾ ਵੀ ਇਸੇ ਬਜਟ ਸੈਸ਼ਨ ਵਿੱਚ ਮੁੱਖ ਮੰਤਰੀ ਵੱਲੋਂ ਐਲਾਨੀ ਗਈ ਹੈ।
ਉੁਨ੍ਹਾਂ ਨੇ ਕਿਹਾ ਕਿ ਉਹ ਰਾਜ ਵਿੱਚ ਬਿਜਲੀ ਢਾਂਚੇ ਨੂੰ ਮਜ਼ਬੂਤ ਕਰਨ, ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਆਪਣੇ ਦੂਸਰੇ ਮਹਿਕਮੇ ਲੋਕ ਨਿਰਮਾਣ ਵਿਭਾਗ ਰਾਹੀਂ ਲੋਕਾਂ ਨਾਲ ਸਬੰਧਤ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਪੂਰੇ ਜ਼ੋਰ ਨਾਲ ਕੰਮ ਕਰ ਰਹੇ ਹਨ।