The Khalas Tv Blog Punjab ‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ
Punjab

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਐੱਮਪੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਉਨ੍ਹਾਂ ਦਾ ਪਾਰਟੀ ਵਿੱਚ ਭਰਵਾਂ ਸਵਾਗਤ ਕੀਤਾ।

ਮਨਪ੍ਰੀਤ ਸਿੰਘ ਇਆਲੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਿਹਾ ਕਿ ਉਹ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਇਸ ਫੈਸਲੇ ਤੱਕ ਪਹੁੰਚੇ ਹਨ। ਉਨ੍ਹਾਂ ਐਲਾਨ ਕੀਤਾ ਕਿ ਉਹ ਪੰਜਾਬ ਦੇ ਵੱਖ-ਵੱਖ ਮੁੱਦਿਆਂ ਲਈ ਲਗਾਤਾਰ ਲੜਦੇ ਰਹਿਣਗੇ। ਇਆਲੀ ਨੇ ਆਪਣਾ ਮੁੱਖ ਏਜੰਡਾ ਸਪੱਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਟੀਚਾ ਪੰਜਾਬ ਅਤੇ ਪੰਥਕ ਵਿਚਾਰਧਾਰਾ ਨਾਲ ਜੁੜੀਆਂ ਸਾਰੀਆਂ ਪਾਰਟੀਆਂ ਤੇ ਸੰਗਠਨਾਂ ਨੂੰ ਇੱਕ ਛੱਤ ਹੇਠ ਇਕੱਠਾ ਕਰਨਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਅਤ ਨਾਲ ਜੁੜੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਪੰਥਕ ਤਾਕਤਾਂ ਵਿਚ ਏਕਤਾ ਬਹੁਤ ਜ਼ਰੂਰੀ ਹੈ। ਇਆਲੀ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਪੰਥਕ ਏਕਤਾ ਦੇ ਸਮਰਥਕ ਰਹੇ ਹਨ ਅਤੇ ਭਵਿੱਖ ਵਿਚ ਵੀ ਇਸ ਦਿਸ਼ਾ ਵਿਚ ਲਗਾਤਾਰ ਕੰਮ ਕਰਦੇ ਰਹਿਣਗੇ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਵੱਖ-ਵੱਖ ਪੰਥਕ ਪਾਰਟੀਆਂ ਆਪਣੇ ਮਤਭੇਦਾਂ ਨੂੰ ਇੱਕ ਪਾਸੇ ਰੱਖ ਕੇ ਇੱਕ ਸਾਂਝੇ ਪਲੇਟਫਾਰਮ ਉੱਤੇ ਆਉਣਗੀਆਂ ਤਾਂ ਜੋ ਪੰਜਾਬ ਦੇ ਹਿੱਤਾਂ ਦੀ ਬਿਹਤਰ ਤਰੀਕੇ ਨਾਲ ਵਕਾਲਤ ਕੀਤੀ ਜਾ ਸਕੇ।

ਇਆਲੀ ਨੇ ਖਾਸ ਤੌਰ ਉੱਤੇ ਪੰਜਾਬ ਦੇ ਪਾਣੀਆਂ ਦਾ ਮੁੱਦਾ, ਚੰਡੀਗੜ੍ਹ, ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਪੰਥਕ ਮੁੱਦਿਆਂ ਉੱਤੇ ਇਕਜੁੱਟ ਹੋ ਕੇ ਲੜਨ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਪੰਥ ਦੇ ਮਸਲਿਆਂ ਲਈ ਸਭ ਨੂੰ ਇੱਕ ਆਵਾਜ਼ ਬਣ ਕੇ ਅੱਗੇ ਆਉਣਾ ਚਾਹੀਦਾ ਹੈ।

ਤਰਸੇਮ ਸਿੰਘ ਨੇ ਇਆਲੀ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਅਸੀਂ ਸਭ ਇੱਕਠੇ ਹੋ ਕੇ ਪੰਜਾਬ ਦੇ ਮੁੱਦਿਆਂ ਲਈ ਲੜਾਂਗੇ। ਉਨ੍ਹਾਂ ਸਰਕਾਰਾਂ ਉੱਤੇ ਪੰਜਾਬ ਨਾਲ ਧੱਕਾ ਕਰਨ ਦਾ ਇਲਜ਼ਾਮ ਲਾਇਆ ਅਤੇ ਕਿਹਾ ਕਿ ਅਸੀਂ ਪੰਜਾਬੀ ਧਿਰ ਨੂੰ ਮਜ਼ਬੂਤ ਕਰਨ ਲਈ ਇਕੱਠੇ ਹੋਏ ਹਾਂ। ਤਰਸੇਮ ਸਿੰਘ ਨੇ ਇਆਲੀ ਨੂੰ ਜੁਝਾਰੂ ਆਗੂ ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਪੰਥ ਦੀ ਭਲਾਈ ਲਈ ਫੈਸਲੇ ਲਏ ਹਨ।

 

 

Exit mobile version