ਮਾਨਸਾ : ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ। ਆਏ ਦਿਨ ਕੋਈ ਨਾ ਕੋਈ ਅਜਿਹੀ ਮੰਦਭਾਗੀ ਖ਼ਬਰ ਸਾਹਮਣੇ ਆ ਜਾਂਦੀ ਹੈ। ਅਜਿਹਾ ਹੀ ਇਕ ਮਾਮਲਾ ਜ਼ਿਲ੍ਹਾ ਮਾਨਸਾ ਦੇ ਪਿੰਡ ਕੋਟਧਰਮੂ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਤਮਹੱਤਿਆ ਕਰ ਲਈ ਹੈ।
ਮ੍ਰਿਤਕ ਕਿਸਾਨ ਦੀ ਪਛਾਣ ਕਿਸਾਨ ਕੌਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਉਸ ਉਪਰ ਬੈਂਕਾਂ ਤੇ ਹੋਰ ਵੱਖ-ਵੱਖ ਲੋਕਾਂ ਦਾ ਲਗਭਗ 12 ਲੱਖ ਦਾ ਕਰਜ਼ਾ ਚੜ੍ਹਿਆ ਹੋਇਆ ਸੀ, ਜਿਸ ਕਾਰਨ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਇਸੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਕੌਰ ਸਿੰਘ ਨੇ ਖ਼ੌਫਨਾਕ ਕਦਮ ਚੁੱਕਿਆ ਤੇ ਘਰ ਦੀ ਕੰਧ ਕੋਲ ਲੱਗੇ ਇਕ ਦਰੱਖ਼ਤ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ।
ਕਿਸਾਨ ਦੀ ਮੌਤ ਨਾਲ ਪੂਰੇ ਪਰਿਵਾਰ ਤੇ ਪਿੰਡ ਵਿਚ ਸੋਗ ਦਾ ਮਾਹੌਲ ਹੈ ਤੇ ਪੰਜਾਬ ਕਿਸਾਨ ਯੂਨੀਅਨ ਦੀ ਮੰਗ ਹੈ ਕਿ ਕਿਸਾਨ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ ਤੇ ਨਾਲ ਹੀ ਸੂਬਾ ਸਰਕਾਰ ਵੱਲੋਂ ਮੁਆਵਜ਼ੇ ਦੀ ਵੀ ਅਪੀਲ ਕੀਤੀ ਗਈ ਹੈ।
ਮਾਨਸਾ ਦੇ ਡੀ.ਐਸ.ਪੀ. ਸੰਜੀਵ ਗੋਇਲ ਨੇ ਦੱਸਿਆ ਕਿ ਪਿੰਡ ਕੋਟਧਰਮੂ ਦੇ ਕਿਸਾਨ ਕੌਰ ਸਿੰਘ ਦੇ ਪਰਿਵਾਰ ਨੇ ਬਿਆਨ ਲਿਖਾਇਆ ਹੈ ਕਿ ਉਸਨੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕੀਤੀ ਹੈ, ਜਿਸ ਤੇ ਪੁਲਿਸ ਵੱਲੋਂ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਅਤੇ ਲਾਸ਼ ਪੋਸਟਮਾਰਟਮ ਤੋਂ ਬਾਅਦ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ।