India Punjab Religion

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ‘ਚ ਪਾਇਆ ਭੰਗੜਾ, ਬੀਰ ਸਿੰਘ ਦੇ ਰੋਮਾਂਟਿਕ ਗਾਣਿਆਂ ਤੇ ਲੋਕਾਂ ਨੇ ਪਾਇਆ ਭੰਗੜਾ

ਪੰਜਾਬੀ ਗਾਇਕ ਬੀਰ ਸਿੰਘ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਨੂੰ ਲੈ ਕੇ ਵਿਵਾਦ ਵਿੱਚ ਫਸ ਗਏ ਹਨ। ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਆਯੋਜਿਤ ਇਸ ਸਮਾਗਮ ਦੌਰਾਨ ਬੀਰ ਸਿੰਘ ਨੇ ਗੀਤ ਗਾਏ, ਜਦਕਿ ਲੋਕਾਂ ਨੇ ਭੰਗੜਾ ਪਾ ਕੇ ਇਸ ਧਾਰਮਿਕ ਮੌਕੇ ਨੂੰ ਮਨੋਰੰਜਨ ਦਾ ਰੂਪ ਦੇ ਦਿੱਤਾ।

ਇਸ ਘਟਨਾ ਦੀ ਵੀਡੀਓ ਵਾਇਰਲ ਹੋਣ ‘ਤੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪੈਦਾ ਹੋਇਆ ਹੈ, ਅਤੇ ਸਿੱਖ ਜਥੇਬੰਦੀਆਂ ਹਰਕਤ ਵਿੱਚ ਆ ਗਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਸਮਾਗਮ ਦੌਰਾਨ ਨਾਚ-ਗਾਣੇ ਅਤੇ ਮਨੋਰੰਜਨਕ ਪ੍ਰਦਰਸ਼ਨਾਂ ਦੀ ਸਖ਼ਤ ਨਿਖੇਧੀ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਨੇ ਗੁਰੂ ਸਾਹਿਬ ਦੀ ਪਵਿੱਤਰ ਸ਼ਹਾਦਤ ਦੀ ਭਾਵਨਾ ਦੇ ਵਿਰੁੱਧ ਪੇਸ਼ਕਾਰੀਆਂ ਕਰਕੇ ਸਿੱਖ ਮਰਿਆਦਾ, ਗੁਰਮਤਿ ਸਿਧਾਂਤਾਂ ਅਤੇ ਗੁਰੂ ਜੀ ਦੀ ਵਿਚਾਰਧਾਰਾ ਨੂੰ ਗੰਭੀਰ ਸੱਟ ਮਾਰੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਵਿਸ਼ਵ ਧਾਰਮਿਕ ਇਤਿਹਾਸ ਵਿੱਚ ਸਰਵਉੱਚ ਅਤੇ ਅਨੁਪਮ ਹੈ। ਅਜਿਹੇ ਸਮਾਗਮਾਂ ਦੀ ਰੂਪ-ਰੇਖਾ ਸਿੱਖ ਮਰਿਆਦਾ, ਸ਼ਰਧਾ, ਸੰਜਮ ਅਤੇ ਗੁਰਬਾਣੀ ਦੇ ਸਤਿਕਾਰ ਨਾਲ ਮੇਲ ਖਾਂਦੀ ਹੋਣੀ ਚਾਹੀਦੀ ਹੈ। ਪਰ ਭਾਸ਼ਾ ਵਿਭਾਗ ਨੇ ਇਸ ਪਵਿੱਤਰ ਮੌਕੇ ਨੂੰ ਮਨੋਰੰਜਨ ਦਾ ਸਾਧਨ ਬਣਾ ਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ।

ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਸਪੱਸ਼ਟ ਕੀਤਾ ਸੀ ਕਿ ਗੁਰੂ ਸਾਹਿਬਾਨ ਦੀਆਂ ਸ਼ਤਾਬਦੀਆਂ ਅਤੇ ਗੁਰਪੁਰਬ ਸਿੱਖ ਸੰਸਥਾਵਾਂ ਵੱਲੋਂ ਹੀ ਮਨਾਏ ਜਾਣੇ ਚਾਹੀਦੇ ਹਨ, ਕਿਉਂਕਿ ਸਰਕਾਰੀ ਅਦਾਰਿਆਂ ਲਈ ਗੁਰਮਤਿ ਮਰਿਆਦਾ ਦੀ ਪਾਲਣਾ ਕਰਨਾ ਔਖਾ ਹੈ। ਭਾਸ਼ਾ ਵਿਭਾਗ ਦੀ ਇਸ ਹਰਕਤ ਨੇ ਉਨ੍ਹਾਂ ਦੇ ਇਸ ਖਦਸ਼ੇ ਨੂੰ ਸਹੀ ਸਾਬਤ ਕਰ ਦਿੱਤਾ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਸਰਕਾਰ ਨੂੰ ਅਜਿਹੇ ਸਮਾਗਮਾਂ ਤੋਂ ਬਚਦੇ ਹੋਏ ਸਿਰਫ ਵਿਕਾਸ ਕਾਰਜਾਂ ‘ਤੇ ਧਿਆਨ ਦੇਣਾ ਚਾਹੀਦਾ।

ਧਾਮੀ ਨੇ ਸਪੱਸ਼ਟ ਕੀਤਾ ਕਿ ਸਿੱਖ ਗੁਰਪੁਰਬ ਮਨੋਰੰਜਨਕ ਤਿਉਹਾਰ ਨਹੀਂ, ਸਗੋਂ ਆਤਮਕ ਜਾਗਰੂਕਤਾ ਅਤੇ ਗੁਰਮਤਿ ਸਿਧਾਂਤਾਂ ਨੂੰ ਸਮਰਪਿਤ ਸਮਾਗਮ ਹਨ। ਇਨ੍ਹਾਂ ਵਿੱਚ ਸ਼ਬਦ ਕੀਰਤਨ, ਗੁਰਮਤਿ ਚਿੰਤਨ, ਗੁਰਬਾਣੀ ਪਾਠ, ਸੇਵਾ ਅਤੇ ਸਿਮਰਨ ਵਰਗੀਆਂ ਪਵਿੱਤਰ ਗਤੀਵਿਧੀਆਂ ਸ਼ਾਮਲ ਹੁੰਦੀਆਂ ਹਨ। ਨਾਚ-ਗਾਣ ਅਤੇ ਮਨੋਰੰਜਨਕ ਪ੍ਰਦਰਸ਼ਨ ਨਾ ਸਿਰਫ ਗੁਰਮਤਿ ਸਿਧਾਂਤਾਂ ਦੀ ਉਲੰਘਣਾ ਹਨ, ਸਗੋਂ ਗੁਰੂ ਸਾਹਿਬ ਦੀ ਸ਼ਹਾਦਤ ਦੀ ਬੇਅਦਬੀ ਵੀ ਹਨ।

ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਇਸ ਗੰਭੀਰ ਗਲਤੀ ਲਈ ਜਨਤਕ ਮੁਆਫੀ ਮੰਗਣ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ। ਧਾਮੀ ਨੇ ਚੇਤਾਵਨੀ ਦਿੱਤੀ ਕਿ ਸਿੱਖ ਧਰਮ ਦੀਆਂ ਪਵਿੱਤਰ ਪਰੰਪਰਾਵਾਂ ਅਤੇ ਗੁਰੂ ਸਾਹਿਬਾਨ ਦੀ ਮਰਿਆਦਾ ਨਾਲ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਨੂੰ ਸਿੱਖ ਕੌਮ ਕਦੇ ਸਹਿਣ ਨਹੀਂ ਕਰੇਗੀ।