ਮਥੁਰਾ ਸ਼੍ਰੀ ਕ੍ਰਿਸ਼ਨ ਜਨਮ ਭੂਮੀ ਅਤੇ ਸ਼ਾਹੀ ਈਦਗਾਹ ਮਾਮਲੇ ‘ਚ ਮੁਸਲਿਮ ਪੱਖ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਫ਼ੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ‘ਚ ਕੈਂਪਸ ਦੇ ਸਰਵੇ ਨੂੰ ਮਨਜ਼ੂਰੀ ਦੇ ਕੇ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਈਦਗਾਹ ਕਮੇਟੀ ਨੇ ਹਾਈ ਕੋਰਟ ਵੱਲੋਂ ਕੋਰਟ ਕਮਿਸ਼ਨਰ ਦੀ ਨਿਯੁਕਤੀ ਦੇ ਮਾਮਲੇ ਵਿੱਚ ਦਿੱਤੇ ਹੁਕਮਾਂ ’ਤੇ ਰੋਕ ਲਾਉਣ ਦੀ ਮੰਗ ਕੀਤੀ ਸੀ, ਜਿਸ ’ਤੇ ਸੁਪਰੀਮ ਕੋਰਟ ਨੇ ਕਿਸੇ ਵੀ ਤਰ੍ਹਾਂ ਦੀ ਦਖ਼ਲਅੰਦਾਜ਼ੀ ਕਰਨ ਤੋਂ ਇਨਕਾਰ ਕਰ ਦਿੱਤਾ।
ਸੁਪਰੀਮ ਕੋਰਟ ਨੇ ਈਦਗਾਹ ਕਮੇਟੀ ਵੱਲੋਂ ਪੇਸ਼ ਮੁਸਲਿਮ ਧਿਰਾਂ ਦੀ ਪਟੀਸ਼ਨ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਫ਼ਿਲਹਾਲ ਕੋਈ ਹੁਕਮ ਜਾਰੀ ਨਹੀਂ ਕਰੇਗੀ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਹੁਕਮਾਂ ’ਤੇ ਕਿਸੇ ਵੀ ਤਰ੍ਹਾਂ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ।
ਮੁਸਲਿਮ ਪੱਖ ਨੇ ਇਲਾਹਾਬਾਦ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਨੌਤੀ ਦਿੱਤੀ ਸੀ। ਸ਼੍ਰੀ ਕ੍ਰਿਸ਼ਨ ਜਨਮ ਭੂਮੀ ਅਤੇ ਸ਼ਾਹੀ ਈਦਗਾਹ ਵਿਵਾਦ ਮਾਮਲੇ ‘ਚ ਇਲਾਹਾਬਾਦ ਹਾਈ ਕੋਰਟ ਨੇ ਵੀਰਵਾਰ ਨੂੰ ਵਿਵਾਦਿਤ ਜਗ੍ਹਾ ਦਾ ਸਰਵੇਖਣ ਕਰਨ ਦਾ ਹੁਕਮ ਦਿੱਤਾ ਸੀ। ਇਸ ਲਈ ਤਿੰਨ ਕਮਿਸ਼ਨਰ ਵੀ ਨਿਯੁਕਤ ਕੀਤੇ ਗਏ ਹਨ।
ਸ਼੍ਰੀ ਕ੍ਰਿਸ਼ਨ ਵਿਰਾਜਮਾਨ ਦੀ ਤਰਫ਼ੋਂ ਹਾਈ ਕੋਰਟ ਵਿੱਚ ਇਸ ਸਬੰਧੀ ਇੱਕ ਅਰਜ਼ੀ ਦਾਇਰ ਕੀਤੀ ਗਈ ਸੀ। ਅਰਜ਼ੀ ਵਿੱਚ ਐਡਵੋਕੇਟ ਕਮਿਸ਼ਨਰ ਤੋਂ ਸਰਵੇ ਕਰਵਾਉਣ ਦੀ ਮੰਗ ਕੀਤੀ ਗਈ। ਪਟੀਸ਼ਨ ‘ਤੇ ਸੁਣਵਾਈ ਤੋਂ ਬਾਅਦ ਜਸਟਿਸ ਮਯੰਕ ਕੁਮਾਰ ਜੈਨ ਨੇ 16 ਨਵੰਬਰ ਨੂੰ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਐਡਵੋਕੇਟ ਵਿਸ਼ਨੂੰ ਸ਼ੰਕਰ ਜੈਨ ਨੇ ਹਾਈ ਕੋਰਟ ‘ਚ ਅਰਜ਼ੀ ‘ਤੇ ਸ਼੍ਰੀ ਕ੍ਰਿਸ਼ਨ ਵਿਰਾਜਮਨ ਦੀ ਤਰਫ਼ੋਂ ਬਹਿਸ ਕੀਤੀ ਸੀ।