ਕਪੂਰਥਲਾ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਵਿਕਰੀ ’ਤੇ ਪਾਬੰਦੀ ਲਾਉਣ ਲਈ ਡਿਪਟੀ ਕਮਿਸ਼ਨਰ ਨੇ ਇੱਕ ਅਹਿਮ ਫੈਸਲਾ ਕੀਤਾ ਹੈ। ਡੀਸੀ ਕਰਨੈਲ ਸਿੰਘ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਧਾਰਾ 144 ਤਹਿਤ ਜਾਰੀ ਹੁਕਮਾਂ ਵਿੱਚ ਸਾਰੇ ਮੈਡੀਕਲ ਸਟੋਰ ਮਾਲਕਾਂ ਨੂੰ ਸੀਸੀਟੀਵੀ ਕੈਮਰੇ ਲਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਨ੍ਹਾਂ ਕੈਮਰਿਆਂ ਦੀ ਰਿਕਾਰਡਿੰਗ ਸਮਰੱਥਾ ਘੱਟੋ- ਘੱਟ ਇੱਕ ਮਹੀਨੇ ਲਈ ਹੋਣੀ ਚਾਹੀਦੀ ਹੈ। ਇਹ ਹੁਕਮ 15 ਦਸੰਬਰ ਤੱਕ ਲਾਗੂ ਰਹੇਗਾ।
ਕਪੂਰਥਲਾ ਦੇ ਡੀਸੀ ਕਰਨੈਲ ਸਿੰਘ ਨੇ ਐਸਐਸਪੀ ਕਪੂਰਥਲਾ, ਜ਼ੋਨਲ ਲਾਇਸੈਂਸਿੰਗ ਅਥਾਰਟੀ ਡਰੱਗਜ਼, ਡਰੱਗ ਇੰਸਪੈਕਟਰ ਅਤੇ ਐਸਡੀਐਮ ਨੂੰ ਇਨ੍ਹਾਂ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਹੈ। ਡੀਸੀ ਨੇ ਦੱਸਿਆ ਕਿ ਇਨ੍ਹਾਂ ਸੀਸੀਟੀਵੀ ਕੈਮਰਿਆਂ ਰਾਹੀਂ ਇਹ ਜਾਂਚ ਕੀਤੀ ਜਾਵੇਗੀ ਕਿ ਮੈਡੀਕਲ ਸਟੋਰਾਂ ਤੋਂ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ੇ ਵੇਚੇ ਜਾ ਰਹੇ ਹਨ ਜਾਂ ਨਹੀਂ।
ਡੀਸੀ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੈਡੀਕਲ ਸਟੋਰਾਂ ਵਿੱਚ ਸਰਕਾਰ ਵੱਲੋਂ ਪਾਬੰਦੀਸ਼ੁਦਾ ਦਵਾਈਆਂ (ਸ਼ਡਿਊਲ ਐਕਸ ਅਤੇ ਐਚ ਡਰੱਗਜ਼) ਵੇਚੀਆਂ ਜਾ ਰਹੀਆਂ ਹਨ। ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਮੈਡੀਕਲ ਸਟੋਰਾਂ ‘ਤੇ ਕੈਮਰੇ ਲਗਾਉਣੇ ਲਾਜ਼ਮੀ ਕੀਤੇ ਗਏ ਹਨ ਤਾਂ ਜੋ ਮੈਡੀਕਲ ਸਟੋਰਾਂ ਦੀ ਜਾਂਚ ਦੌਰਾਨ ਮੈਡੀਕਲ ਸਟੋਰਾਂ ‘ਤੇ ਹੋਣ ਵਾਲੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾ ਸਕੇ।