India Khetibadi Punjab

ਬੇਨਤੀਜ਼ਾ ਰਹੀ ਕਿਸਾਨਾਂ ਤੇ ਕੇਂਦਰ ਵਿਚਾਲੇ ਦੀ ਮੀਟਿੰਗ, ਡੱਲੇਵਾਲ ਦਾ ਮਰਨ ਵਰਤ ਰਹੇਗਾ ਜਾਰੀ

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕੇਐਮਐਮ ਦੇ 28 ਕਿਸਾਨ ਆਗੂਆਂ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਐਮਐਸਪੀ ਸਮੇਤ 11 ਮੁੱਦਿਆਂ ‘ਤੇ ਮੀਟਿੰਗ ਕੀਤੀ। ਸ਼ਾਮ 5:11 ਵਜੇ ਤੋਂ ਰਾਤ 8:30 ਵਜੇ ਤੱਕ ਚੱਲੀ, ਇਹ ਮੀਟਿੰਗ ਬੇਸਿੱਟਾ ਰਹੀ।

ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਕੇਂਦਰ ਨੂੰ ਐਮਐਸਪੀ ਗਾਰੰਟੀ ਦੀ ਮੰਗ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ। ਹੁਣ ਅਗਲੀ ਮੀਟਿੰਗ 22 ਫਰਵਰੀ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਹੋਵੇਗੀ।

ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਜੋਸ਼ੀ ਨੇ ਦੱਸਿਆ ਕਿ ਅਗਲੀ ਮੀਟਿੰਗ ’ਚ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਚੌਹਾਨ ਸਮੇਤ ਤਿੰਨ ਤਿੰਨ ਮੰਤਰੀ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਬੜੇ ਹੀ ਸਾਕਾਰਾਤਮਕ ਮਾਹੌਲ ’ਚ ਹੋਈ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਬਾਰੇ ਚਰਚਾ ਹੋਣੀ ਹੈ। ਮੀਟਿੰਗ ਤੋਂ ਬਾਅਦ ਬਾਹਰ ਆਏ ਜਗਜੀਤ ਸਿੰਘ ਡੱਲੇਵਾਲ ਨੇ ਵੀ ਕਿਹਾ ਕਿ ਅੱਜ ਦੀ ਗੱਲਬਾਤ ਕਾਫ਼ੀ ਵਧੀਆ ਮਾਹੌਲ ’ਚ ਹੋਈ ਹੈ।

ਖਨੌਰੀ ਮੋਰਚੇ ਦੇ ਪ੍ਰਮੁੱਖ ਆਗੂ ਅਭਿਮਨਿਊ ਕੋਹਾੜ ਨੇ ਦਸਿਆ ਕਿ ਕਿਸਾਨ ਆਗੂਆਂ ਨੇ ਮੀਟਿੰਗ ’ਚ ਐਮ.ਐਸ.ਪੀ. ਦੇ ਗਾਰੰਟੀ ਕਾਨੂੰਨ ਬਾਰੇ ਪੂਰੇ ਛੱਥਾਂ ’ਤੇ ਦਸਤਾਵੇਜ਼ਾਂ ਨਾਲ ਪੱਖ ਰਖਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕੇਂਦਰੀ ਮੰਤਰੀ ਨੇ ਡੱਲੇਵਾਲ ਦੀ ਸਿਹਤ ਬਾਰੇ ਚਿੰਤਾ ਪ੍ਰਗਟ ਕਰਦੇ ਹੋਏ ਉਨ੍ਹਾਂ ਨੂੰ ਮਰਨ ਵਰਤ ਖ਼ਤਮ ਕਰਨ ਦੀ ਅਪੀਲ ਕੀਤੀ ਪਰ ਡੱਲੇਵਾਲ ਨੇ ਸਪੱਸ਼ਟ ਤੌਰ ’ਤੇ ਕਿਹਾ, ‘‘ਸਿਹਤ ਦੀ ਚਿੰਤਾ ਲਈ ਧੰਨਵਾਦ ਪਰ ਮਰਨ ਵਰਤ ਐਮ.ਐਸ.ਪੀ. ਦੀ ਗਾਰੰਟੀ ਦਾ ਕਾਨੂੰਨ ਬਣਨ ਤਕ ਜਾਰੀ ਰਹੇਗਾ।’’

ਕਿਸਾਨ-ਮਜ਼ਦੂਰ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਮੀਟਿੰਗ ’ਚ ਜਿਥੇ ਕੇਂਦਰੀ ਮੰਤਰੀ ਅਤੇ ਅਧਿਕਾਰੀਆਂ ਨੇ ਕੇਂਦਰ ਵਲੋਂ ਕਿਸਾਨਾਂ ਲਈ ਲਾਗੂ ਸਕੀਮਾਂ ਦੇ ਅੰਕੜੇ ਪੇਸ਼ ਕੀਤੇ ਉਥੇ ਕਿਸਾਨ ਆਗੂਆਂ ਨੇ ਵੀ ਅਪਣੀਆਂ ਮੰਗਾਂ ਬਾਰੇ ਪੂਰੇ ਤੱਥਾ ਅਤੇ ਦਲੀਲਾਂ ਨਾਲ ਅਪਣੇ ਵਿਚਾਰ ਰੱਖੇ।

ਮਰਨ ਵਰਤ ਜਾਰੀ ਰਹੇਗਾ: ਡੱਲੇਵਾਲ

ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੇਂਦਰੀ ਮੰਤਰੀ ਨਾਲ ਮੀਟਿੰਗ ਸਕਾਰਾਤਮਕ ਰਹੀ। ਕੇਂਦਰ ਨਾਲ ਅਗਲੀ ਮੀਟਿੰਗ 22 ਫਰਵਰੀ ਨੂੰ ਹੋਣੀ ਹੈ। ਹਾਲਾਂਕਿ, ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋਵੇਗੀ ਜਾਂ ਦਿੱਲੀ ਵਿੱਚ, ਇਸ ਬਾਰੇ ਅਜੇ ਕੋਈ ਜਾਣਕਾਰੀ ਉਪਲਬਧ ਨਹੀਂ ਹੈ। ਕਿਸਾਨ ਆਗੂ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਮਜ਼ਬੂਤੀ ਨਾਲ ਆਪਣਾ ਪੱਖ ਰੱਖਿਆ ਹੈ। ਕੇਂਦਰ ਸਰਕਾਰ ਦੇ ਸਾਹਮਣੇ ਆਪਣੇ ਤੱਖ ਰੱਖੇ ਹਨ। ਨਾਲ ਹੀ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦਾ ਮਰਨ ਵਰਤ ਜਾਰੀ ਰਹੇਗਾ।

ਗੁਰਮੀਤ ਖੁੱਡੀਆਂ ਨੇ ਕਿਹਾ ਕਿ ਅਗਲੀ ਮੀਟਿੰਗ ਚੰਡੀਗੜ੍ਹ ਵਿੱਚ ਹੋ ਸਕਦੀ ਹੈ, ਪਰ ਅਜੇ ਇਸਦੀ ਪੁਸ਼ਟੀ ਨਹੀਂ ਹੋਈ ਹੈ। ਇਸ ਵਿੱਚ ਕਿਸਾਨਾਂ ਦੀਆਂ ਮੰਗਾਂ ਸੁਣੀਆਂ ਗਈਆਂ ਹਨ। ਕੇਂਦਰੀ ਮੰਤਰੀ ਨੇ ਕਿਹਾ ਕਿ ਅਸੀਂ ਇਸ ਮਾਮਲੇ ਨੂੰ ਸਵੀਕਾਰ ਕਰਨਾ ਚਾਹੁੰਦੇ ਹਾਂ। ਅੱਜ, ਡੱਲੇਵਾਲ ਜੀ ਦੀ ਪੋਤੀ ਦੇ ਦਿਹਾਂਤ ਦੇ ਬਾਵਜੂਦ, ਉਹ ਇੱਥੇ ਆਏ ਹਨ।

ਕੇਂਦਰ ਵੱਲੋਂ ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪਹੁੰਚੇ ਸਨ। ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੌਜੂਦ ਸਨ।  ਦੱਸ ਦੇਈਏ ਕਿ ਕਿਸਾਨ 13 ਫਰਵਰੀ 2024 ਤੋਂ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਦੇ ਕਾਨੂੰਨ ਅਤੇ ਹੋਰ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ।