‘ਦ ਖ਼ਾਲਸ ਬਿਊਰੋ :- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਆਖ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਰਬਾਰ ਵਿੱਚ ਹਾਜ਼ਰੀ ਲਵਾਉਣੀ ਪਈ ਹੈ। ਦੋਹਾਂ ਨੇਤਾਵਾਂ ਦਰਮਿਆਨ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਮੀਟਿੰਗ ਵਿੱਚ ਵਰਕਿੰਗ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਸਮੇਤ ਦੂਜੇ ਵੀ ਆਏ ਹੋਏ ਦੱਸੇ ਜਾਂਦੇ ਹਨ। ਸੂਤਰਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਤਂ ਮਿਲਣ ਲਈ ਸਮਾਂ ਮੰਗਿਆ ਸੀ। ਦੱਸ ਦਈਏ ਕਿ ਲੰਘੇ ਕੱਲ੍ਹ ਸਿੱਧੂ ਚੰਡੀਗੜ੍ਹ ਵਿੱਚ ਚਾਰ ਵਰਕਿੰਗ ਪ੍ਰਧਾਨਾਂ ਸਮੇਤ ਕਾਂਗਰਸ ਦੇ ਹੋਰ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਕਰਕੇ ਚੰਡੀਗੜ੍ਹ ਤੋਂ ਵਾਪਸ ਪਰਤ ਗਏ ਸਨ।
ਸੂਤਰ ਦੱਸਦੇ ਹਨ ਕਿ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਰਲ ਕੇ ਚੱਲਣ ਦਾ ਇਸ਼ਾਰਾ ਪਾਰਟੀ ਹਾਈਕਮਾਂਡ ਵੱਲੋਂ ਮਿਲਿਆ ਹੈ। ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਵੀ ਇੱਕ ਦਿਨ ਪਹਿਲਾਂ ਹੀ ਅਜਿਹਾ ਸੰਕੇਤ ਦਿੱਤਾ ਸੀ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਵਿਧਾਨ ਸਭਾ ਦੀਆਂ ਅਗਲੀਆਂ ਚੋਣਾਂ ਵਿੱਚ ਪਾਰਟੀ ਦੀ ਅਗਵਾਈ ਕੈਪਟਨ ਅਮਰਿੰਦਰ ਸਿੰਘ ਕਰਨਗੇ। ਦੱਸ ਦਈਏ ਕਿ ਤਾਜਪੋਸ਼ੀ ਵਾਲੇ ਦਿਨ ਬੇਥਬੇ ਬਿਆਨ ਦੇਣ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਤੋਂ ਪਾਸਾ ਵੱਟ ਲਿਆ ਸੀ। ਇਹ ਵੀ ਪਤਾ ਲੱਗਾ ਹੈ ਕਿ ਸਿੱਧੂ ਨੇ ਕੈਪਟਨ ਤੋਂ ਘਰ ਮਿਲਣ ਲਈ ਸਮਾਂ ਮੰਗਿਆ ਸੀ ਪਰ ਕੈਪਟਨ ਨੇ ਦਫ਼ਤਰ ਬੁਲਾ ਲਿਆ। ਚੇਤੇ ਕਰਾਇਆ ਜਾਂਦਾ ਹੈ ਕਿ ਮੋਤੀਆਂ ਵਾਲੀ ਸਰਕਾਰ ਨੇ ਅੱਜ ਲੰਮੇ ਸਮੇਂ ਬਾਅਦ ਸਕੱਤਰੇਤ ਸਥਿਤ ਦਫ਼ਤਰ ‘ਚ ਫੇਰਾ ਪਾਇਆ ਹੈ।