‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸ਼ੇਖਾਵਤ ਨੇ ਦੇਰ ਰਾਤ ਕਿਸਾਨਾਂ ਦੇ ਨਾਲ ਹੋਈ ਮੀਟਿੰਗ ਤੋਂ ਬਾਅਦ ਕਿਹਾ ਕਿ ਕਿਸਾਨਾਂ ਦੇ ਨਾਲ ਮੀਟਿੰਗ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਈ ਹੈ। ਉਨ੍ਹਾਂ ਕਿਹਾ ਕਿ ਹਰਿਆਣਾ, ਉੱਤਰਾਖੰਡ ਤੇ ਰਾਜਸਥਾਨ ਵਿੱਚ ਕਿਸਾਨਾਂ ਉੱਤੇ ਜੋ ਪਰਚੇ ਦਰਜ ਹੋਏ ਸਨ, ਉਸ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਆਰੰਭ ਹੋ ਚੁੱਕੀ ਹੈ। ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਸ਼ੇਖਾਵਤ ਨੇ ਕਿਹਾ ਕਿ ਪਰਾਲੀ ਸਾੜਨ ਦੇ ਨਾਲ ਜੋ ਪ੍ਰਦੂਸ਼ਣ ਪੈਦਾ ਹੋਵੇਗਾ, ਉਸ ਨਾਲ ਕਿਸਾਨਾਂ ਉੱਤੇ ਕੋਈ ਪਰਚਾ ਦਰਜ ਨਹੀਂ ਹੋਵੇਗਾ।
ਐ੍ਰਮਐੱਸਪੀ ਬਾਰੇ ਸ਼ੇਖਾਵਤ ਨੇ ਕਿਹਾ ਕਿ ਐੱਮਐੱਸਪੀ ਲਾਗੂ ਕਰਨ ਲਈ ਕਮੇਟੀ ਬਣਾਈ ਜਾ ਰਹੀ ਹੈ ਅਤੇ ਕਮੇਟੀ ਦੀ ਸਹਿਮਤੀ ਤੋਂ ਬਾਅਦ ਐੱਮਐੱਸਪੀ ਨੂੰ ਲਾਗੂ ਕਰ ਦਿੱਤਾ ਜਾਵੇਗਾ। ਸ਼ੇਖਾਵਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ 5 ਜਨਵਰੀ ਨੂੰ ਫਿਰੋਜ਼ਪੁਰ ਰੈਲੀ ਵਿੱਚ ਲੱਖਾਂ ਲੋਕਾਂ ਦਾ ਇਕੱਠ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੇਤੀ ਕਾਨੂੰਨ ਰੱਦ ਕਰ ਦਿੱਤੇ ਸਨ, ਜਿਸ ਨਾਲ ਕਿਸਾਨ ਸੰਤੁਸ਼ਟ ਹਨ।