ਬਿਉਰੋ ਰਿਪੋਰਟ: ਫਰਵਰੀ ਮਹੀਨੇ ਤੋਂ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ’ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ’ਤੇ ਵਿਚਾਰ ਕਰਨ ਲਈ ਸੋਮਵਾਰ (4 ਨਵੰਬਰ) ਨੂੰ ਚੰਡੀਗੜ੍ਹ ਸਥਿਤ ਹਰਿਆਣਾ ਭਵਨ ਵਿਖੇ ਕੀਤੀ ਗਈ ਮੀਟਿੰਗ ਬੇਸਿੱਟਾ ਰਹੀ। ਮੀਟਿੰਗ ਦੀ ਪ੍ਰਧਾਨਗੀ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੇ ਕੀਤੀ। ਕਿਸਾਨ ਲਹਿਰ ਦੇ ਪ੍ਰਮੁੱਖ ਚਿਹਰੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਮੀਡੀਆ ਨਾਲ ਗੱਲ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਆਉਣ ਵਾਲੇ ਸੰਸਦ ਸੈਸ਼ਨ ਤੋਂ ਭੁੱਖ ਹੜਤਾਲ ਸ਼ੁਰੂ ਕਰਨਗੇ।
ਪੰਧੇਰ ਨੇ ਮੀਟਿੰਗ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ ਸੀ। ਡੱਲੇਵਾਲ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਦੇ ਮੈਂਬਰਾਂ ਨੇ ਮੀਟਿੰਗ ਵਿੱਚ ਸ਼ਿਰਕਤ ਕੀਤੀ। ਕਿਸਾਨਾਂ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਅੱਗੇ ਆਪਣੀਆਂ 12 ਮੰਗਾਂ ਪੇਸ਼ ਕੀਤੀਆਂ ਹਨ। ਕਿਸਾਨਾਂ ਨੇ ਸਪੱਸ਼ਟ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਮੀਟਿੰਗ ਵਿੱਚ ਜਸਟਿਸ ਨਵਾਬ ਸਿੰਘ ਤੋਂ ਇਲਾਵਾ ਸਾਬਕਾ ਆਈ.ਪੀ.ਐਸ ਅਧਿਕਾਰੀ ਪੀ.ਐਸ.ਸੰਧੂ, ਗੁਰੂ ਨਾਨਕ ਯੂਨੀਵਰਸਿਟੀ ਅੰਮ੍ਰਿਤਸਰ ਦੇ ਪ੍ਰੋਫੈਸਰ ਦੇਵੇਂਦਰ ਸ਼ਰਮਾ, ਖੇਤੀਬਾੜੀ ਅਤੇ ਆਰਥਿਕ ਮਾਹਿਰ ਰਣਜੀਤ ਸਿੰਘ, ਡਾ: ਸੁਖਪਾਲ ਸਿੰਘ, ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਬੀ.ਆਰ.ਕੰਬੋਜ, ਹਰਿਆਣਾ ਤੇ ਪੰਜਾਬ ਦੇ ਮੁੱਖ ਸਕੱਤਰ ਤੇ DGP ਵੀ ਸ਼ਾਮਲ ਹੋਏ।