India Punjab

PM ਨੂੰ ਆਈ ਵਪਾਰੀਆਂ ਦੀ ਚਿੱਠੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਹਾਦਰਗੜ੍ਹ ਦੇ ਵਪਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਦਿੱਲੀ ਦੇ ਬੰਦ ਰਾਹ ਖੁੱਲ੍ਹਵਾਉਣ ਦੀ ਮੰਗ ਕੀਤੀ ਗਈ ਹੈ। ਵਪਾਰੀਆਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਅਤੇ ਕਰੋਨਾ ਮਹਾਂਮਾਰੀ ਕਾਰਨ ਉਨ੍ਹਾਂ ਦਾ ਕਾਫੀ ਆਰਥਿਕ ਨੁਕਸਾਨ ਹੋਇਆ ਹੈ। ਵਪਾਰੀਆਂ ਨੇ ਕਿਹਾ ਕਿ ਦਿੱਲੀ ਪੁਲਿਸ ਨੇ ਟਿਕਰੀ ਬਾਰਡਰ ਬੰਦ ਕੀਤਾ ਹੋਇਆ ਹੈ ਅਤੇ ਬਾਰਡਰ ਬੰਦ ਹੋਣ ਦੇ ਕਰਕੇ ਉਨ੍ਹਾਂ ਦਾ ਕਾਰੋਬਾਰ ਖਤਮ ਹੋਣ ਦੇ ਕਰੀਬ ਹੈ। ਉਨ੍ਹਾਂ ਕਿਹਾ ਕਿ ਇੱਕ ਸਾਲ ਦੇ ਵਿੱਚ ਉਨ੍ਹਾਂ ਦਾ ਕਰੀਬ 20 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ਵਪਾਰੀਆਂ ਨੇ ਇਹ ਵੀ ਕਿਹਾ ਕਿ ਅਸੀਂ ਕਿਸਾਨਾਂ ਦੇ ਵਿਰੋਧੀ ਨਹੀਂ ਹਾਂ ਪਰ ਕਿਸਾਨਾਂ ਅਤੇ ਸਰਕਾਰ ਵਿਚਾਲੇ ਜੋ ਆਪਸੀ ਵਾਰਤਾ ਬੰਦ ਹੈ, ਉਸ ਕਰਕੇ ਆਮ ਆਦਮੀ ਪਿਸ ਰਿਹਾ ਹੈ, ਫੈਕਟਰੀਆਂ ਨੂੰ ਬਹੁਤ ਨੁਕਸਾਨ ਹੋ ਰਿਹਾ ਹੈ। ਇਸ ਲਈ ਅਸੀਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੇ ਨਾਲ ਵਾਰਤਾਲਾਪ ਕਰਕੇ ਦਿੱਲੀ ਦੇ ਰਸਤੇ ਖੁੱਲ੍ਹਵਾਉਣ। ਸਰਕਾਰ ਜੋ ਵੀ ਤਰੀਕਾ ਠੀਕ ਸਮਝੇ, ਉਸ ਨਾਲ ਦਿੱਲੀ ਦੇ ਬਾਰਡਰ ਖੁੱਲ੍ਹਵਾਏ। ਉਨ੍ਹਾਂ ਕਿਹਾ ਕਿ ਇਸ ਸਮੇਂ ਵਪਾਰੀ ਬਹੁਤ ਜ਼ਿਆਦਾ ਨੁਕਸਾਨ ਵਿੱਚ ਹਨ ਅਤੇ ਪਰੇਸ਼ਾਨ ਹਨ।