The Khalas Tv Blog Punjab ਖਾਲਸਾ ਸਾਜਨਾ ਦਿਵਸ- SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ, ਸਾਡਾ ਜੀਵਨ ਖਾਲਸ (pure) ਹੋਣਾ ਚਾਹੀਦਾ ਹੈ
Punjab

ਖਾਲਸਾ ਸਾਜਨਾ ਦਿਵਸ- SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ, ਸਾਡਾ ਜੀਵਨ ਖਾਲਸ (pure) ਹੋਣਾ ਚਾਹੀਦਾ ਹੈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਮੁੱਚੀ ਸਿੱਖ ਕੌਮ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਇਕਜੁੱਟਤਾ ਦਾ ਸੰਦੇਸ਼ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਡਾ ਜੀਵਨ ਖ਼ਾਲਸ ਹੋਣਾ ਚਾਹੀਦਾ ਹੈ, ਗੁਰੂ ਸਾਹਿਬ ਜੀ ਨੂੰ ਰਹਿਤ ਪਿਆਰੀ ਹੈ। ਉਨ੍ਹਾਂ ਨੇ ਸਿੱਖ ਕੌਮ ਨੂੰ ਬਾਣੀ ਅਤੇ ਬਾਣੇ ਦਾ ਧਾਰਨੀ ਹੋਣ ਲਈ ਕਿਹਾ ਅਤੇ ਸਾਰਿਆਂ ਨੂੰ ਅੰਮ੍ਰਿਤ ਛਕਣ ਦੀ ਅਪੀਲ ਕੀਤੀ।

ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਸਿੱਖ ਕੌਮ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਖਾਲਸਾ ਸਾਜਨਾ ਦਿਵਸ ਸਿੱਖ ਕੌਮ ਦਾ ਮਾਣਮੱਤਾ ਇਤਿਹਾਸ ਹੈ ਅਤੇ ਸਮੁੱਚੀ ਸਿੱਖ ਕੌਮ ਵੱਲੋਂ ਵੱਡੇ ਪੱਧਰ ‘ਤੇ ਮਨਾਇਆ ਜਾਂਦਾ ਹੈ। ਤਖਤ ਸ਼੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਖਾਲਸਾ ਸਾਜਨਾ ਦਿਵਸ ਵੱਡੇ ਪੱਧਰ ‘ਤੇ ਮਨਾਇਆ ਜਾਂਦਾ ਹੈ।

ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਡੇ ਸਾਹਮਣੇ ਅੱਜ ਕੁੱਝ ਦਰਪੇਸ਼ ਸਮੱਸਿਆਵਾਂ ਆ ਰਹੀਆਂ ਹਨ। ਛੋਟੇ ਕਾਰੋਬਾਰੀਆਂ, ਕਿਸਾਨਾਂ, ਮਜ਼ਦੂਰਾਂ ਦਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕੰਮ ਖਤਮ ਹੋ ਰਿਹਾ ਹੈ। ਉਨ੍ਹਾਂ ਨੇ ਸਾਰਿਆਂ ਨੂੰ ਆਪਣੇ ਆਰਥਿਕ ਵਸੀਲੇ ਮਜ਼ਬੂਤ ਬਣਾਉਣ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸਿੱਖ ਕੌਮ ਨੂੰ ਅੰਮ੍ਰਿਤ ਛਕ ਕੇ ਧਾਰਮਿਕ ਪੱਖ ਤੋਂ ਮਜ਼ਬੂਤ ਹੋਣ ਦੀ ਵੀ ਅਪੀਲ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਬਾਣੀ ਪੜ੍ਹ ਕੇ ਗੁਰੂ ਸਾਹਿਬ ਨਾਲ ਜੁੜਨ ਦੀ ਅਪੀਲ ਕੀਤੀ।

ਅੱਜ ਦੇਸ਼ ਦੁਨੀਆ ਵਿੱਚ ਵੱਸਦੀ ਸਮੁੱਚੀ ਸਿੱਖ ਕੌਮ ਵੱਲੋਂ ਖ਼ਾਲਸਾ ਸਾਜਨਾ ਦਿਵਸ ਬਹੁਤ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਅੱਜ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ ਅਤੇ ਸਾਰਾ ਦਿਨ ਦੀਵਾਨ ਸਜਣਗੇ। ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵੀ ਸੰਗਤਾਂ ਵੱਡੀ ਗਿਣਤੀ ਵਿੱਚ ਵਿਸਾਖੀ ਮੌਕੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।

Exit mobile version