India Punjab

ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸਾਕਾ ਸ਼੍ਰੀ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਸਿੱਖ ਕੌਮ ਦੇ ਨਾਂ ਸੰਦੇਸ਼

‘ਦ ਖ਼ਾਲਸ ਬਿਊਰੋ :- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ 100 ਸਾਲਾ ਸ਼ਹੀਦੀ ਸਾਕਾ ਸ਼੍ਰੀ ਨਨਕਾਣਾ ਸਾਹਿਬ ਨੂੰ ਸਮਰਪਿਤ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਹੈ। ਇਸ ਸੰਦੇਸ਼ ਵਿੱਚ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੀ ਪਾਵਨ ਧਰਤੀ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਵਿਖੇ 100 ਸਾਲ ਪਹਿਲਾਂ ਵਾਪਰੇ ਸ਼ਹੀਦੀ ਸਾਕੇ ਵਿੱਚ ਤਕਰੀਬਨ 150 ਤੋਂ 200 ਦੇ ਕਰੀਬ ਸ਼ਹੀਦ ਹੋਏ ਸਿੰਘਾਂ ਨੂੰ ਸ਼ਰਧਾਂਜਲੀ ਦਿੱਤੀ ਗਈ।  

ਸਿੱਖ ਕੌਮ ਦੇ ਨਾਂ ਜਾਰੀ ਕੀਤਾ ਗਿਆ ਸੰਦੇਸ਼

  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ ਦਾ ਹਰੇਕ ਮੈਂਬਰ ਆਪਣੇ-ਆਪਣੇ ਹਲਕੇ ਵਿੱਚ ਇੱਕ ਮਹੀਨੇ ਦੇ ਅੰਦਰ-ਅੰਦਰ ਇਸ ਸਾਕੇ ਨੂੰ ਮਨਾਉਣ ਲਈ ਘੱਟੋ-ਘੱਟ ਪੰਜ ਸਮਾਗਮ ਕਰਵਾਏਗਾ।
  • ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਹਰੇਕ ਮੈਂਬਰ ਆਪਣੇ ਚੋਣ ਹਲਕੇ ਵਿੱਚ ਇੱਕ ਮਹੀਨੇ ਦੇ ਅੰਦਰ-ਅੰਦਰ ਦੋ ਸਮਾਗਮ ਕਰਵਾਏਗਾ।
  • ਤਖ਼ਤ ਸ਼੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਪ੍ਰਬੰਧਕੀ ਬੋਰਡ (ਬਿਹਾਰ) ਅਤੇ ਤਖ਼ਤ ਸੱਚਖ਼ੰਡ ਸ਼੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਪ੍ਰਬੰਧਕੀ ਬੋਰਡ, ਨਾਂਦੇੜ (ਮਹਾਰਾਸ਼ਟਰ) ਵੀ ਇੱਕ ਸਮਾਗਮ ਕਰਵਾਏਗਾ।
  • ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਦਮਦਮੀ ਟਕਸਾਲ, ਤਰਨਾ ਦਲ ਹਰੀਆਂ ਵੇਲਾ, ਤਰਨਾ ਦਲ ਬਾਬਾ ਬਕਾਲਾ, ਬਾਬਾ ਬਿਧੀ ਚੰਦ ਦਲ ਪੰਥ, ਸਮੂਹ ਨਿਹੰਗ ਸਿਘ ਜਥੇਬੰਦੀਆਂ, ਸਮੂਹ ਕਾਰ ਸੇਵਾ ਸੰਪਰਦਾਵਾਂ, ਚੀਫ਼ ਖ਼ਾਲਸਾ ਦੀਵਾਨ, ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ, ਸ਼੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਸਮੂਹ ਸਿੱਖ ਮਿਸ਼ਨਰੀ ਕਾਲਜ, ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ, ਸਮੂਹ ਸਿੰਘ ਸਭਾਵਾਂ, ਦੇਸ਼-ਵਿਦੇਸ਼ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਦੇਸ਼-ਵਿਦੇਸ਼ ਦੀਆਂ ਸਥਾਨਕ ਪੱਧਰ ਦੀਆਂ ਸੰਸਥਾਵਾਂ, ਸਿੱਖ ਸਟੂਡੈਂਟਸ ਫੈਡਰੇਸ਼ਨਾਂ ਅਤੇ ਸਿੱਖ ਨੌਜਵਾਨ ਜਥੇਬੰਦੀਆਂ ਆਪਣੀ-ਆਪਣੀ ਸਮਰੱਥਾ ਮੁਤਾਬਕ ਇੱਕ ਮਹੀਨਾ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕਰਵਾਉਣ। ਸੰਭਵ ਹੋਵੇ ਤਾਂ ਇਨ੍ਹਾਂ ਸਮਾਗਮਾਂ ਵਿੱਚ ਅੰਮ੍ਰਿਤ ਸੰਚਾਰ ਵੀ ਕਰਵਾਏ ਜਾਣ।
  • ਸਿੱਖ ਸੰਸਥਾਵਾਂ ਜਾਂ ਸਿੱਖ ਨੁਮਾਇੰਦਿਆਂ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਸਮਾਗਮਾਂ ਵਿੱਚ ਜਿੱਥੇ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਗੱਲ ਕੀਤੀ ਜਾਵੇ, ਉੱਥੇ ਭਾਰਤ ਸਰਕਾਰ ਵੱਲੋਂ ਸ਼੍ਰੀ ਨਨਕਾਣਾ ਸਾਹਿਬ ਜਾ ਰਹੇ ਜਥੇ ਨੂੰ ਰੋਕ ਕੇ ਕੀਤੀ ਗਈ ਵਧੀਕੀ ਦਾ ਵੀ ਜ਼ਿਕਰ ਕੀਤਾ ਜਾਵੇ। ਆਪਣੀ-ਆਪਣੀ ਸਮਰੱਥਾ ਮੁਤਾਬਕ ਸਾਰੇ ਸਮਾਗਮ ਗੁਰਦੁਆਰਾ ਸਾਹਿਬ ਜੀ ਦੇ ਅੰਦਰ ਜਾਂ ਯੋਗ ਅਸਥਾਨ ‘ਤੇ ਕੀਤੇ ਜਾਣ। ਇਨ੍ਹਾਂ ਸਮਾਗਮਾਂ ਵਿੱਚ ਸੰਗਤ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਸਾਰੇ ਸਮਾਗਮਾਂ ਦੀ ਜਾਣਕਾਰੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜ਼ਰੂਰ ਭੇਜੀ ਜਾਵੇ।