Punjab

ਦੂਸਰੇ ਸਕੂਲਾਂ ਵਿੱਚ ਦਾਖਲੇ ਲਈ ਹੁਣ ਇਸ ਦਸਤਾਵੇਜ਼ ਦੀ ਨਹੀਂ ਹੋਵੇਗੀ ਲੋੜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਵਾਸਤੇ ਤਬਾਦਲਾ ਸਰਟੀਫਿਕੇਟ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਹੈ। ਇਸ ਸਬੰਧ ਵਿੱਚ ਬੱਚੇ ਦੇ ਮਾਪਿਆਂ ਕੋਲੋਂ ਲਿਖਤੀ ਸਵੈ-ਘੋਸ਼ਣਾ ਪੱਤਰ ਲੈਣ ਦੀ ਆਗਿਆ ਦਿੱਤੀ ਗਈ ਹੈ।

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਪੁਰਾਣੀਆਂ ਹਦਾਇਤਾਂ ਦੇ ਆਧਾਰ ’ਤੇ ਪਿਛਲੇ ਸਕੂਲ ਤੋਂ ਟ੍ਰਾਂਸਫਰ ਸਰਟੀਫਿਕੇਟ ਲੈਣ ਲਈ ਦਬਾਅ ਪਾਏ ਜਾਣ ਦੇ ਮਾਮਲੇ ਵਿਭਾਗ ਦੇ ਧਿਆਨ ਵਿੱਚ ਆਏ ਹਨ। ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਕੂਲ ਸਿੱਖਿਆ ਸਕੱਤਰ ਕਿਸ਼ਨ ਕੁਮਾਰ ਨੇ ਇਸ ਸਬੰਧੀ ਪੱਤਰ ਜਾਰੀ ਕੀਤਾ ਹੈ।

ਕਿਸ਼ਨ ਕੁਮਾਰ ਵੱਲੋਂ ਜਾਰੀ ਕੀਤੇ ਗਏ ਪੱਤਰ ਦੇ ਅਨੁਸਾਰ ਵੱਖ-ਵੱਖ ਕਾਰਨਾਂ ਕਰਕੇ ਸਕੂਲ ਤਬਦੀਲ ਕਰਨ ਦੀ ਇੱਛਾ ਰੱਖਣ ਵਾਲੇ ਮਾਪਿਆਂ ਨੂੰ ਟ੍ਰਾਂਸਫਰ ਸਰਟੀਫਿਕੇਟ ਦੇ ਸਬੰਧ ਵਿੱਚ ਗੈਰ-ਜ਼ਰੂਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਰਕੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪਿਛਲੇ ਸਕੂਲ ਤੋਂ ਟ੍ਰਾਂਸਫਰ ਸਰਕਟੀਫਿਕੇਟ ਪ੍ਰਾਪਤ ਕਰਨ ਸਬੰਧੀ ਡਾਇਰੈਕਟਰ ਆਫ ਪਬਲਿਕ ਇੰਸਟਰਕਸ਼ਨ ਪੰਜਾਬ ਪੱਤਰ ਨੰ.4892 ਆਰ, ਮਿਤੀ 19-3-1929 ਸਮੇਤ ਪਹਿਲੀਆਂ ਸਾਰੀਆਂ ਹਦਾਇਤਾਂ/ਹੁਕਮ ਰੱਦ ਕਰ ਦਿੱਤੇ ਗਏ ਹਨ। 1929 ਦੀਆਂ ਦੀਆਂ ਹਦਾਇਤਾਂ ਦੇ ਆਧਾਰ ’ਤੇ ਹੀ ਟ੍ਰਾਂਸਫਰ ਸਰਟੀਫਿਕੇਟਾਂ ਲਈ ਬੱਚਿਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।