ਅੰਮ੍ਰਿਤਸਰ ; ਪੰਜਾਬ ਸਰਕਾਰ, ਭਾਸ਼ਾ ਵਿਭਾਗ ਪੰਜਾਬ ਅਤੇ ਹੋਰ ਸੰਸਥਾਵਾਂ ਵੱਲੋਂ ਸਾਂਝੇ ਤੌਰ ‘ਤੇ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਆਯੋਜਿਤ ਸਮਾਗਮ ਦੌਰਾਨ ਨਾਚ-ਗਾਣੇ ਤੇ ਮਨੋਰੰਜਨ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਧਾਰਮਿਕ ਸਜ਼ਾ ਪੂਰੀ ਕਰਨ ਤੋਂ ਬਾਅਦ, ਅੱਜ ਪੰਜਾਬ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰੀ ਭਰੀ।
ਇਸ ਮੌਕੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ।
ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਹੁਕਮ ਜਾਰੀ ਹੋਇਆ ਸੀ ਕਿ ਬੈਂਸ ਨੇ ਗੁਰਦੁਆਰਾ ਗੁਰੂ ਕੇ ਮਹਿਲ, ਅੰਮ੍ਰਿਤਸਰ ਵਿਖੇ ਪੈਦਲ ਜਾਣਾ, ਰਸਤਿਆਂ ਦੀ ਸੁਧਾਰ ਅਤੇ ਸਾਫ਼-ਸਫਾਈ ਯਕੀਨੀ ਬਣਾਉਣੀ, ਗੁਰਦੁਆਰਾ ਕੋਠਾ ਸਾਹਿਬ ਪਾਤਸ਼ਾਹੀ ਨੌਵੀਂ, ਵੱਲਾ ਵਿਖੇ 100 ਮੀਟਰ ਪੈਦਲ ਜਾਣਾ ਅਤੇ ਰਸਤੇ ਦੀ ਹਾਲਤ ਸੁਧਾਰਨ ਲਈ ਕਾਰਜ ਕਰਨਾ, ਗੁਰਦੁਆਰਾ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਵਿਖੇ ਸਮਾਨ ਕਾਰਜ ਕਰਨਾ, ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ, ਦਿੱਲੀ ਅਤੇ ਗੁਰਦੁਆਰਾ ਸੀਸਗੰਜ ਸਾਹਿਬ, ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣਾ, ਅਨੰਦਪੁਰ ਸਾਹਿਬ ਵਿਖੇ 2 ਦਿਨ ਜੋੜਾ ਘਰ ਵਿੱਚ ਸੇਵਾ ਕਰਨੀ ਅਤੇ 1100 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣੀ ਸੀ।
ਹਰਜੋਤ ਸਿੰਘ ਬੈਂਸ ਨੇ ਇਕ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਸੇਵਾ ਪੂਰੀ ਕੀਤੀ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਪਾਲਣਾ ਕਰਦਿਆਂ ਸਿੱਖ ਭਾਵਨਾਵਾਂ ਦਾ ਸਤਿਕਾਰ ਕੀਤਾ ਅਤੇ ਆਪਣੀ ਗ਼ਲਤੀ ਲਈ ਮੁਆਫ਼ੀ ਮੰਗੀ। ਇਸ ਸੇਵਾ ਨਾਲ ਉਨ੍ਹਾਂ ਨੇ ਸਿੱਖ ਸੰਗਤ ਅਤੇ ਗੁਰੂ ਸਾਹਿਬ ਪ੍ਰਤੀ ਆਪਣੀ ਸਮਰਪਣ ਭਾਵਨਾ ਨੂੰ ਪ੍ਰਗਟ ਕੀਤਾ।