The Khalas Tv Blog Punjab ਕੀ ਹੈ ਲਾਪਤਾ 328 ਸਰੂਪਾਂ ਦਾ ਮਸਲਾ, SGPC ਦਾ ਕਿਉਂ ਹੋ ਰਿਹਾ ਵਿਰੋਧ? ਜਾਣੋ ਪੂਰਾ ਮਾਮਲਾ
Punjab

ਕੀ ਹੈ ਲਾਪਤਾ 328 ਸਰੂਪਾਂ ਦਾ ਮਸਲਾ, SGPC ਦਾ ਕਿਉਂ ਹੋ ਰਿਹਾ ਵਿਰੋਧ? ਜਾਣੋ ਪੂਰਾ ਮਾਮਲਾ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸਤਿਕਾਰ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਮੋਰਚਾ ਸਾਂਭਿਆ ਹੋਇਆ ਹੈ। 14 ਸਤੰਬਰ ਤੋਂ ਹੀ ਸਿੱਖ ਜਥੇਬੰਦੀਆਂ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਵਾਨ ਹਾਲ ਮੰਜੀ ਸਾਹਿਬ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ। ਸ਼੍ਰੋਮਣੀ ਕਮੇਟੀ ਦਾ ਦਫ਼ਤਰ ਵੀ ਘੇਰਿਆ ਗਿਆ। ਸਿੱਖ ਜਥੇਬੰਦੀਆਂ ਨੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ’ਚ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ।

ਇਸ ਦੇ ਨਾਲ ਹੀ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਅੰਤ੍ਰਿਗ ਕਮੇਟੀ ਨੂੰ ਦੋਸ਼ੀ ਕਰਾਰ ਦਿੱਤਾ ਤੇ ਉਨ੍ਹਾਂ ਕੋਲੋਂ ਅਸਤੀਫੇ ਦੀ ਮੰਗ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਅਸਤੀਫ਼ੇ ਦੀ ਵੀ ਮੰਗ ਕੀਤੀ ਗਈ ਅਤੇ 22 ਸਤੰਬਰ ਨੂੰ ਉਨ੍ਹਾਂ ਦੇ ਲੌਂਗੋਵਾਲ ਸਥਿਤ ਘਰ ਦੇ ਬਾਹਰ ਇੱਕ ਹੋਰ ਮੋਰਚਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਸ ਮਸਲੇ ਵਿੱਚ ਧਾਰਮਿਕ ਜਥੇਬੰਦੀਆਂ ਤੋਂ ਇਲਾਵਾ ਸਿਆਸੀ ਪਾਰਟੀਆਂ ਵੀ ਅੱਗੇ ਆ ਰਹੀਆਂ ਹਨ ਆਮ ਆਦਮੀ ਪਾਰਟੀ ਨੇ ਵੀ ਪ੍ਰਦਰਸ਼ਨਕਾਰੀਆਂ ਦੇ ਹੱਕ ਵਿੱਚ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਸਾਬਕਾ ਗੈਂਗਸਟਰ ਅਤੇ ਮੌਜੂਦਾ ਸਮਾਜ ਸੇਵੀ ਲੱਖਾ ਸਿਧਾਣਾ ਨੇ ਵੀ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਸਿੱਖ ਜਥੇਬੰਦੀਆਂ ਦਾ ਸਾਥ ਦਿੱਤਾ। ਸਿਧਾਣਾ ਨੇ ਕਿਹਾ ਕਿ ਬਰਗਾੜੀ ਮੋਰਚੇ ਵਾਂਗ ਇਹ ਮੋਰਚਾ ਵੀ ਸਰਕਾਰ ਦੇ ਖ਼ਿਲਾਫ਼ ਹੈ। SGPC ਵਿੱਚ ਕੌਣ ਕਾਬਜ਼ ਹੈ ਅਸੀਂ ਸਭ ਜਾਣਦੇ ਹਾਂ। ਇੱਥੇ ਉਸ ਨੇ ਖ਼ਾਸ ਕਰਕੇ ‘ਦਿੱਲੀ ਵਾਲੇ ਕਾਬਜ਼’ ਦਾ ਜ਼ਿਕਰ ਕੀਤਾ।

ਕੀ ਹੈ ਸਰੂਪਾਂ ਦਾ ਪੂਰਾ ਮਾਮਲਾ ?

ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿੱਚੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਤਾਂ ਸਿੱਖ ਭਾਈਚਾਰੇ ਵਿੱਚ ਹਲਚਲ ਮੱਚ ਗਈ। ਇਸ ਦੇ ਨਾਲ ਹੀ ਬੇਅਦਬੀਆਂ ਦੇ ਹੋਰ ਮਾਮਲੇ ਵੀ ਉਜਾਗਰ ਹੋਣੇ ਸ਼ੁਰੂ ਹੋ ਗਏ। ਇਸ ਘਟਨਾ ਬਾਅਦ ਮਈ 2016 ਵਿੱਚ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਸ਼ਾਟ ਸਰਕਟ ਹੋਣ ਕਰਕੇ ਪਾਵਨ ਸਰੂਪਾਂ ਦੀ ਬੇਅਦਬੀ ਹੋਣ ਦੀ ਘਟਨਾ ਵੀ ਸਾਹਮਣੇ ਆਈ ਜਿਸ ਦੇ ਦੋਸ਼ੀਆਂ ਨੂੰ ਵੀ ਸਜ਼ਾ ਦਿਵਾਉਣ ਦੀ ਮੰਗ ਕੀਤੀ ਜਾਣ ਲੱਗੀ। ਦੱਸ ਦੇਈਏ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਕੀਤੀ ਜਾਂਦੀ ਹੈ।

ਇਸ ਦੇ ਨਾਲ ਹੀ ਕੈਨੇਡਾ ਦੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਨੂੰ ਭੇਜੇ 450 ਦੇ ਕਰੀਬ ਸਰੂਪਾਂ ਦਾ ਮਾਮਲਾ ਵੀ ਭਖ ਗਿਆ। ਇਲਜ਼ਾਮ ਹੈ ਕਿ SGPC ਵੱਲੋਂ ਕੈਨੇਡਾ ’ਚ 400 ਤੋਂ ਵੱਧ ਪਾਵਨ ਸਰੂਪ ਭੇਜੇ ਗਏ ਸਨ। ਪਰ ਸਰੂਪਾਂ ਨੂੰ ਸਮੁੰਦਰ ਕੰਢੇ ਜ਼ਿਆਦਾ ਦੇਰ ਤਕ ਰੋਕੇ ਰੱਖਣ ਕਰਕੇ ਸਰੂਪ ਸਲਾਭੇ ਗਏ। ਇਸ ਨੂੰ ਸਰੂਪਾਂ ਦੀ ਬੇਅਦਬੀ ਕਰਾਰ ਦਿੱਤਾ ਗਿਆ ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਵੱਡੇ ਪੱਧਰ ’ਤੇ SGPC ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਤੇ ਇਨਸਾਫ਼ ਦੀ ਮੰਗ ਕੀਤੀ।

ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਦੇ ਸਾਬਕਾ ਸੁਪਰਵਾਈਜ਼ਰ ਦਾ ਖ਼ੁਲਾਸਾ

ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਦੇ ਸਾਬਕਾ ਸੁਪਰਵਾਈਜ਼ਰ ਕੰਵਲਜੀਤ ਸਿੰਘ ਨੇ ਖ਼ੁਲਾਸਾ ਕੀਤਾ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਅਧਿਕਾਰੀਆਂ ਦੀ ਸਿੱਧੀ ਸ਼ਮੂਲੀਅਤ ਸੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਮਈ 2016 ਵਿੱਚ 14 ਨਹੀਂ ਸਗੋਂ 80 ਸਰੂਪ ਨੁਕਸਾਨੇ ਗਏ ਸੀ ਤੇ ਰਿਕਾਰਡ ਵਿੱਚ ਘਟੇ ਸਰੂਪ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦੇ ਕਹਿਣ ’ਤੇ ਹੀ ਅਗਾਂਹ ਦਿੱਤੇ ਜਾਂਦੇ ਸਨ।

ਕੰਵਲਜੀਤ ਸਿੰਘ ਨੇ ਇੱਕ ਲਿਖਤੀ ਬਿਆਨ ਵਿੱਚ ਦਾਅਵਾ ਕੀਤਾ ਹੈ ਕਿ ਉਸ ਨੇ ਅਜਿਹੀਆਂ ਕੱਚੀਆਂ ਪਰਚੀਆਂ ਦਾ ਰਿਕਾਰਡ ਸੰਭਾਲ ਕੇ ਰੱਖਿਆ ਹੋਇਆ ਹੈ। ਉਸ ਨੇ ਆਪਣੇ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਕਈ ਉੱਚ ਅਧਿਕਾਰੀਆਂ ਦੇ ਨਾਂਵਾਂ ਦਾ ਵੀ ਖੁਲਾਸਾ ਕੀਤਾ ਹੈ ਜਿਨ੍ਹਾਂ ਦੀ ਸਿਫਾਰਸ਼ ’ਤੇ ਪਾਵਨ ਸਰੂਪ ਅਗਾਂਹ ਦਿੱਤੇ ਸਨ। ਇਨ੍ਹਾਂ ਵਿੱਚ ਸਾਬਕਾ ਤੇ ਮੌਜੂਦਾ ਅਧਿਕਾਰੀਆ ਦੇ ਨਾਂ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜਦੋਂ ਪਬਲੀਕੇਸ਼ਨ ਵਿਭਾਗ ਵਿੱਚ ਅੱਗ ਲਗੀ ਸੀ, ਉਸ ਵੇਲੇ ਉਨ੍ਹਾਂ ਨੂੰ ਵੀ ਮਾਮਲੇ ਤੋਂ ਪਛਾਂਹ ਰੱਖਿਆ ਗਿਆ ਸੀ।

ਲੌਂਗੋਵਾਲ ਦਾ ਹੈਰਾਨੀਜਨਕ ਦਾਅਵਾ- ਪਾਵਨ ਸਰੂਪ ਗੁੰਮ ਨਹੀਂ ਹੋਏ

ਇੱਕ ਨਿਊਜ਼ ਚੈਨਲ ‘ਤੇ ਗੱਲਬਾਤ ਕਰਦਿਆਂ SGPC ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਪਾਵਨ ਸਰੂਪ ਗੁੰਮ ਨਹੀਂ ਹੋਏ ਹਨ। ਪਾਵਨ ਸਰੂਪ ਗੁੰਮ ਨਹੀਂ ਹੋਏ ਤੇ ਰਿਕਾਰਡ ਨਾਲ ਹੇਰਾ-ਫੇਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ, ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ।

ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਸੰਬੰਧੀ ਰਿਪੋਰਟ ਦੇ ਪਹਿਲੇ ਪੰਨੇ ‘ਚ ਸਾਫ਼-ਸਾਫ਼ ਲਿਖਿਆ ਹੈ ਕਿ “ਇਹ ਸਰੂਪ ਸੰਗਤਾਂ ਨੂੰ ਦਿੱਤੇ ਗਏ ਹਨ ਤੇ ਬਣਦੀ ਭੇਟਾਂ ਜਮਾਂ ਨਹੀਂ ਕਰਵਾਈ ਗਈ। ਇਸ ਤੋਂ ਸਪੱਸ਼ਟ ਹੈ ਕਿ ਸਰੂਪ ਕੋਈ ਗੁੰਮੇ ਨਹੀਂ ਹਨ, ਉਹ ਸੰਗਤਾਂ ਕੋਲ ਗਏ ਹਨ ਅਤੇ ਸਿਰਫ ਭੇਟਾਂ ਜਾਂ ਪੈਸੇ ਖਾਣ ਪਿੱਛੇ ਸਾਰਾ ਕੁੱਝ ਵਾਪਰਿਆ ਹੈ। ਸੋ, ਸੰਗਤਾਂ ਵਿੱਚ ਸਰੂਪ ਗੁੰਮਣ ਦੀ ਗੱਲ ਵਿਰੋਧੀਆਂ ਵੱਲੋ ਜਾਣ ਬੁੱਝ ਕੇ ਫੈਲਾਈ ਜਾ ਰਹੀ ਹੈ”।

SGPC ਅਹੁਦੇਦਾਰਾਂਤੇ ਕਾਰਵਾਈ 

2016 ਵਿੱਚ ਸਰੂਪਾਂ ਦੀ ਬੇਅਦਬੀ ਦੇ ਮਾਮਲੇ ਸਬੰਧੀ ਤਤਕਾਲੀ ਅੰਤ੍ਰਿਗ ਕਮੇਟੀ ਦੇ ਅਹੁਦੇਦਾਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤਲਬ ਕੀਤਾ ਗਿਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨ ਸੰਗਤਾਂ ਦੀ ਹਾਜ਼ਰੀ ਵਿੱਚ SGPC ਤਤਕਾਲੀ ਤੇ ਮੌਜੂਦਾ ਅਹੁਦੇਦਾਰਾਂ ਨੂੰ ਧਾਰਮਿਕ ਸਜ਼ਾ ਦਿੱਤੀ। ਸ਼੍ਰੋਮਣੀ ਕਮੇਟੀ ਦੇ ਮੁਖੀ ਅਤੇ ਕਾਰਜਕਾਰੀ ਮੈਂਬਰ ਆਪਣੀ ਲਾਪ੍ਰਵਾਹੀ ਲਈ ਮੁਆਫੀ ਮੰਗਣ ਲਈ ਹੱਥ ਜੋੜ ਕੇ ਸੰਗਤ ਅੱਗੇ ਪੇਸ਼ ਹੋਏ। ਇਸ ਮੌਕੇ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤ ਅੱਗੇ ਮੰਨਿਆ ਕਿ ਉਨ੍ਹਾਂ ਦੀ ਗ਼ਲਤੀ ਸੀ।

  • ਸਾਬਕਾ ਅੰਤ੍ਰਿਗ ਕਮੇਟੀ ਮੈਂਬਰਾਂ ਨੂੰਤਨਖ਼ਾਹ’ 

2016 ਦੀ ਘਟਨਾ ਦੇ ਮਾਮਲੇ ਵਿੱਚ ਤਤਕਾਲੀ ਅੰਤ੍ਰਿਗ ਕਮੇਟੀ ਦੇ ਮੈਂਬਰਾਂ ਨੂੰ ਤਨਖ਼ਾਹ (ਧਾਰਮਿਕ ਸਜ਼ਾ) ਲਾਉਂਦਿਆ ਜਥੇਦਾਰ ਹਰਪ੍ਰੀਤ ਸਿੰਘ ਨੇ ਇੱਕ ਮਹੀਨੇ ਦੇ ਅੰਦਰ ਇੱਕ ਸਹਿਜ ਪਾਠ ਆਪ ਕਰਨ ਲਈ ਕਿਹਾ। ਜਿਹੜੇ ਆਪ ਪਾਠ ਨਹੀਂ ਕਰ ਸਕਦੇ, ਉਹ ਆਪਣੇ ਘਰ ਦੇ ਵਿੱਚ ਗ੍ਰੰਥੀ ਸਿੰਘ ਪਾਸੋਂ ਪਾਠ ਆਰੰਭ ਕਰਵਾ ਕੇ ਵੱਧ ਤੋਂ ਵੱਧ ਸੁਣਨ। ਆਪਣੇ ਘਰ ਦੇ ਨੇੜੇ ਕਿਸੇ ਵੀ ਗੁਰਦੁਆਰਾ ਸਾਹਿਬ ਜਾ ਕੇ ਆਪਣੀ ਸਰੀਰਕ ਸਮਰੱਥਾ ਮੁਤਾਬਕ ਸੇਵਾ ਕਰਨ ਲਈ ਵੀ ਕਿਹਾ। ਇਸ ਤੋਂ ਇਲਾਵਾ ਜਥੇਦਾਰ ਹਰਪ੍ਰੀਤ ਸਿੰਘ ਨੇ ਕਮੇਟੀ ਦੇ ਮੈਂਬਰਾਂ ਨੂੰ ਇੱਕ ਸਾਲ ਤਕ SGPC ਦੇ ਅੰਦਰ ਕੋਈ ਵੀ ਅਹੁਦਾ ਪ੍ਰਾਪਤ ਕਰਨ ਤੋਂ ਰੋਕ ਲਾਈ ਤੇ SGPC ਨੂੰ ਵੀ ਇਸ ਹੁਕਮ ਦੀ ਪਾਲਣਾ ਕਰਨ ਦਾ ਆਦੇਸ਼ ਦਿੱਤਾ।

  • ਮੌਜੂਦਾ ਅੰਤ੍ਰਿਗ ਕਮੇਟੀ ਨੂੰ ਤਨਖ਼ਾਹ 

ਮੌਜੂਦਾ ਅੰਤ੍ਰਿਗ ਕਮੇਟੀ ਵੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਈ। ਜਥੇਦਾਰ ਵੱਲੋਂ ਇੰਨ੍ਹਾਂ ਨੂੰ ਵੀ ਤਨਖ਼ਾਹ ਲਾਈ ਗਈ। ਤਨਖਾਹ ਲਾਉਣ ਤੋਂ ਪਹਿਲਾਂ ਜਥੇਦਾਰ ਹਰਪ੍ਰੀਤ ਸਿੰਘ ਨੇ ਕਮੇਟੀ ਦੇ ਸਾਰੇ ਅਹੁਦੇਦਾਰਾਂ ਨੂੰ ਸ਼੍ਰੀ ਦਰਬਾਰ ਸਾਹਿਬ ਦੀਆਂ ਪਰਿਕਰਮਾ ਕਰਕੇ ਆਉਣ ਨੂੰ ਕਿਹਾ। ਫਿਰ ਮੌਜੂਦਾ ਅੰਤ੍ਰਿਗ ਕਮੇਟੀ ਨੂੰ ਇੱਕ ਸ਼੍ਰੀ ਅਖੰਡ ਪਾਠ ਸਾਹਿਬ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਅਤੇ ਇੱਕ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਉਣ ਦੀ ਤਨਖ਼ਾਹ ਲਾਈ। ਉਨ੍ਹਾਂ ਕਿਹਾ ਕਿ ਜਦੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਏ ਤਾਂ ਤਿੰਨ ਦਿਨ ਜ਼ਿੰਮੇਵਾਰ ਸਮੁੱਚੇ ਮੈਂਬਰ ਅਹੁਦੇਦਾਰ ਸਾਰਾਗੜ੍ਹੀ ਨਿਵਾਸ ਤੋਂ ਲੈ ਕੇ ਡਿਉੜੀ ਤੱਕ ਇੱਕ ਘੰਟਾ ਰੋਜ਼ ਝਾੜੂ ਮਾਰਨ ਦੀ ਸੇਵਾ ਕਰਨ।

ਇਸ ਦੇ ਨਾਲ ਹੀ ਜਥੇਦਾਰ ਨੇ ਕਿਹਾ ਕਿ SGPC ਦੇ ਅਹੁਦੇਦਾਰ ਸਿਰਫ 28 ਤਰੀਕ ਦੇ ਇਜਲਾਸ ਵਾਲੇ ਦਿਨ ਨੂੰ ਛੱਡ ਕੇ ਇੱਕ ਮਹੀਨੇ ਤੱਕ ਕਿਸੇ ਵੀ ਜਨਤਕ ਸਮਾਗਮ ਵਿੱਚ ਭਾਸ਼ਣ ਨਹੀਂ ਦੇ ਸਕਦੇ। SGPC ਨੂੰ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਵਿਦਵਾਨਾਂ, ਚਿੰਤਕਾਂ ਨਾਲ ਸਲਾਹ-ਮਸ਼ਵਰਾ ਕਰਨਾ ਪਵੇਗਾ।

  • ਧਰਨੇ ਦੌਰਾਨ ਨਿਹੰਗ ਸਿੰਘ ਦੀ ਦਸਤਾਰ ਲਾਹੁਣ ਦਾ ਮਾਮਲਾ 

16 ਸਤੰਬਰ ਨੂੰ ਦਰਬਾਰ ਸਾਹਿਬ ਦੇ ਬਾਹਰ ਧਰਨੇ ਪ੍ਰਦਰਸ਼ਨ ਦੌਰਾਨ SGPC ਟਾਸਕ ਫੋਰਸ ਅਤੇ ਸਿੱਖ ਜਥੇਬੰਦੀਆਂ ਵਿਚਾਲੇ ਹੋਈ ਝੜਪ ਵਿੱਚ ਇੱਕ ਨਿਹੰਗ ਸਿੰਘ ਦੀ ਦਸਤਾਰ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਥੇਦਾਰ ਹਰਪ੍ਰੀਤ ਸਿੰਘ ਨੇ ਇਹ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਬੇਹੱਦ ਮੰਦਭਾਗੀ ਘਟਨਾ ਸੀ। ਉਨ੍ਹਾਂ ਇਸ ਮਾਮਲੇ ਵਿੱਚ SGPC ਨੂੰ ਆਦੇਸ਼ ਦਿੱਤਾ ਕਿ ਨਿਹੰਗ ਸਿੰਘ ਦੀ ਦਸਤਾਰ ਉਤਾਰਨ ਵਾਲੇ ਜ਼ਿੰਮੇਵਾਰ ਮੁਲਾਜ਼ਮਾਂ ਨੂੰ ਪੰਜ ਪਿਆਰਿਆਂ ਦੇ ਸਨਮੁੱਖ ਖਿਮਾ ਯਾਚਨਾ ਲਈ ਅੰਮ੍ਰਿਤ ਸੰਚਾਰ ਵਾਲੇ ਦਿਨ ਭੇਜਿਆ ਜਾਵੇ।

ਹਾਲਾਂਕਿ, ਸਿੱਖ ਜਥੇਬੰਦੀਆਂ ਨੇ ਵੱਲੋਂ ਧਰਨਾ ਸਮਰਥਕਾਂ ਦੀ ਕੁੱਟਮਾਰ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੇ ਕਰਮਚਾਰੀਆਂ ਨੂੰ ਮੁਅੱਤਲ ਕਰਨ ਦੀ ਮੰਗ ਕਰਨ ਅਤੇ ਉਨ੍ਹਾਂ ਦੇ ਖਿਲਾਫ ਪੁਲਿਸ ਕੇਸ ਦਰਜ ਕਰਵਾਉਣ ਦੀ ਮੰਗ ਕੀਤੀ ਗਈ ਸੀ।

ਦੂਜੇ ਪਾਸੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਤਿਕਾਰ ਕਮੇਟੀਆਂ ‘ਤੇ ਗੁੰਡਾਗਰਦੀ ਦੇ ਇਲਜ਼ਾਮ ਲਗਾਏ ਸਨ। SGPC ਨੇ ਇੱਕ ਵੀਡੀਓ ਜਾਰੀ ਕਰਕੇ ਇਹ ਦਾਅਵਾ ਕੀਤਾ ਸੀ ਕਿ ਪਹਿਲਾਂ ਪ੍ਰਦਰਸ਼ਨਕਾਰੀਆਂ ਨੇ ਹਮਲਾ ਕੀਤਾ ਸੀ ਜਿਸ ਦੇ ਜਵਾਬ ਵਿੱਚ SGPC ਦੀ ਟਾਸਕ ਫੋਰਸ ਨੇ ਜਵਾਬੀ ਕਾਰਵਾਈ ਕੀਤੀ ਸੀ।

  • ਸਿੱਖ ਜਥੇਬੰਦੀਆਂ ਵੱਲੋਂ ਮੁਲਜ਼ਮਾਂ ਖ਼ਿਲਾਫ਼ ਪਰਚਾ 

ਸਤਿਕਾਰ ਕਮੇਟੀ ਤੇ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਬਲੀਕੇਸ਼ਨ ਵਿਭਾਗ  ‘ਚੋਂ ਲਾਪਤਾ ਹੋਏ ਸਰੂਪਾਂ ਦੇ ਮਾਮਲੇ ਦੇ ਸਬੰਧ ਵਿੱਚ 16 ਸਤੰਬਰ ਨੂੰ ਪੁਲਿਸ ਕਮਿਸ਼ਨਰ ਨੂੰ ਇੱਕ ਦਰਖ਼ਾਸਤ ਦੇ ਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਸਤਿਕਾਰ ਕਮੇਟੀ ਦੇ ਬਲਬੀਰ ਸਿੰਘ ਮੁੱਛਲ, ਸਿਰਲੱਥ ਖ਼ਾਲਸਾ ਦੇ ਦਿਲਬਾਗ ਸਿੰਘ, ਲੋਕ ਇਨਸਾਫ਼ ਪਾਰਟੀ ਦੇ ਜਗਜੋਤ ਸਿੰਘ ਖ਼ਾਲਸਾ ਤੇ ਵਕੀਲ ਸਿਮਰਨਜੀਤ ਸਿੰਘ ’ਤੇ ਆਧਾਰਿਤ ਵਫ਼ਦ ਨੇ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਅਤੇ ਲਾਪਤਾ ਸਰੂਪ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

ਆਗੂਆਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਫ਼ੌਜਦਾਰੀ ਕਾਰਵਾਈ ਕਰਨ ਦੇ ਫ਼ੈਸਲੇ ਤੋਂ ਪਿਛਾਂਹ ਹਟ ਗਈ ਹੈ। ਪੁਲਿਸ ਕਮਿਸ਼ਨਰ ਨੇ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਸਬੰਧੀ ਦਰਖ਼ਾਸਤ ਆਉਣ ਤੋਂ ਬਾਅਦ ਲੋੜੀਂਦੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।

ਸ਼੍ਰੋਮਣੀ ਕਮੇਟੀ ਦੇ ਸੀਨੀਅਰ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਦਾ ਅਸਤੀਫ਼ਾ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। 2016 ‘ਚ ਰਜਿੰਦਰ ਸਿੰਘ ਮਹਿਤਾ ਅੰਤ੍ਰਿਗ ਕਮੇਟੀ ਮੈਂਬਰ ਸਨ। ਸ਼੍ਰੀ ਅਕਾਲ ਤਖ਼ਤ ਸਾਹਿਬ ਦੁਆਰਾ 2016 ਦੀ ਅੰਤ੍ਰਿਮ ਕਮੇਟੀ ਨੂੰ ਸੁਣਾਈ ਗਈ ਧਾਰਮਿਕ ਦ੍ਰਿੜ੍ਹਤਾ ਮੁਤਾਬਕ ਕਮੇਟੀ ਦਾ ਕੋਈ ਵੀ ਮੈਂਬਰ ਇੱਕ ਸਾਲ ਤੱਕ ਕੋਈ ਅਹੁਦਾ ਨਹੀਂ ਸੰਭਾਲ ਸਕੇਗਾ। ਇਸੇ ਕਾਰਨ ਭਾਈ ਰਜਿੰਦਰ ਸਿੰਘ ਮਹਿਤਾ ਹੁਣ ਅੰਤ੍ਰਿਗ ਕਮੇਟੀ ਵਿੱਚ ਸੀਨੀਅਰ ਮੁਖੀ ਵਜੋਂ ਸੇਵਾ ਨਿਭਾਅ ਰਹੇ ਹਨ, ਜੋ ਕਿ ਹੁਣ ਉਨ੍ਹਾਂ ਨੇ ਇਹ ਅਹੁਦਾ ਛੱਡ ਦਿੱਤਾ ਹੈ।

ਮੁੱਖ ਸਕੱਤਰ (SGPC) ਡਾ. ਰੂਪ ਸਿੰਘ ਦਾ ਅਸਤੀਫ਼ਾ 

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ SGPC ਦੇ ਮੁੱਖ ਸਕੱਤਰ ਰੂਪ ਸਿੰਘ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਸਬੰਧੀ ਸਪੱਸ਼ਟੀਕਰਨ ਦਿੰਦਆਂ ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਹੋਣ ਕਰਕੇ ਉਨ੍ਹਾਂ ਇਖ਼ਲਾਕੀ ਜ਼ਿੰਮੇਵਾਰੀ ਮੰਨ ਕੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ ਪਰ ਇਸ ਦਾ ਮਤਲਬ ਇਹ ਨਹੀਂ ਕਿ ਉਹ ਦੋਸ਼ੀ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਹਰ ਤਰ੍ਹਾਂ ਦੀ ਪੜਤਾਲ ’ਚ ਸਹਿਯੋਗ ਦਿੱਤਾ ਹੈ ਤੇ ਅੱਗੇ ਵੀ ਦੇਣਗੇ। ਕੈਨੇਡਾ ਜਾਣਾ ਉਨ੍ਹਾਂ ਦੀ  ਪਰਿਵਾਰਿਕ ਮਜਬੂਰੀ ਸੀ ਜਿਸ ਲਈ ਮਾਰਚ ਮਹੀਨੇ ਤੋਂ ਯਤਨਸ਼ੀਲ ਸਨ। ਉਨ੍ਹਾਂ ਕਿਹਾ ਕਿ ਇਕਾਂਤਵਾਸ ਖ਼ਤਮ ਹੁੰਦਿਆ ਉਹ ਸਭ ਕੁੱਝ ਸਪੱਸ਼ਟ ਕਰਨਗੇ ਤੇ ਜਲਦੀ ਹੀ ਸੱਚ ਸਭ ਦੇ ਸਾਹਮਣੇ ਆਵੇਗਾ।

ਸਾਬਕਾ ਜਨਰਲ ਸਕੱਤਰ ਬੀਬੀ ਕਿਰਨਜੋਤ ਕੌਰ ਦਾ ਲੌਂਗੋਵਾਲਤੇ ਨਿਸ਼ਾਨਾ

ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ‘ਤੇ SGPC ਦੀ ਸਾਬਕਾ ਜਨਰਲ ਸਕੱਤਰ ਬੀਬੀ ਕਿਰਨਜੋਤ ਕੌਰ ਨੇ SGPC ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਅੰਤ੍ਰਿਗ ਕਮੇਟੀ ਉੱਪਰ ਵੱਡੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਿਰਫ ਮੁੱਖ ਸਕੱਤਰ ਜਾਂ ਹੋਰ ਅਹੁਦੇਦਾਰਾਂ ਦੇ ਅਸਤੀਫ਼ੇ ਨਾਲ ਗੱਲ ਨਹੀਂ ਬਣਨੀ, ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ‘ਚ ਪ੍ਰਧਾਨ ਲੌਂਗੋਵਾਲ ਤੇ ਅੰਤ੍ਰਿਗ ਕਮੇਟੀ ਦੀ ਜ਼ਿੰਮੇਵਾਰੀ ਵੀ ਬਣਦੀ ਹੈ। ਉਨ੍ਹਾਂ ਨੂੰ ਸੰਗਤ ਸਾਹਮਣੇ ਆ ਕੇ ਇਸ ਮੁੱਦੇ ‘ਤੇ ਜਵਾਬ ਦੇਣਾ ਪਵੇਗਾ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਿੱਚ ਹਰ ਫ਼ੈਸਲਾ ਲੌਂਗੋਵਾਲ ਦੇ ਹੁਕਮ ਨਾਲ ਹੁੰਦਾ ਹੈ ਜਦਕਿ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਹੁਕਮ ਨੂੰ ਲਾਗੂ ਕਰਵਾਉਂਦੇ ਹਨ। ਅਜਿਹੇ ਵਿੱਚ ਮੁੱਖ ਸਕੱਤਰ ‘ਤੇ ਕਾਰਵਾਈ ਕਰਕੇ ਪ੍ਰਧਾਨ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੇ। ਸ਼੍ਰੋਮਣੀ ਕਮੇਟੀ ਕੋਲ ਗੁਰੂ ਗ੍ਰੰਥ ਸਾਹਿਬ ਦੀ ਹਰ ਬੀੜ ਦਾ ਰਿਕਾਰਡ ਮੌਜੂਦ ਹੁੰਦਾ ਹੈ। ਪ੍ਰਧਾਨ ਨੂੰ ਸੰਗਤ ਨੂੰ ਇਹ ਗੱਲ ਦੱਸਣੀ ਪਵੇਗੀ ਕਿ ਇਹ ਪਾਵਨ ਸਰੂਪ ਆਖਰ ਕਿੱਥੇ ਗਏ?

Exit mobile version