ਬਿਉਰੋ ਰਿਪੋਰਟ: ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ 29 ਤੋਂ 31 ਅਕਤੂਬਰ ਤੱਕ ਸਿਰਫ਼ ਤਿੰਨ ਦਿਨ ਹੀ ਪਟਾਕਿਆਂ ਦੀ ਵਿਕਰੀ ਦੀ ਇਜਾਜ਼ਤ ਹੋਵੇਗੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਬਣਾਈ ਗਈ ਕਮੇਟੀ ਨੇ ਅੱਜ ਪਟਾਕੇ ਵੇਚਣ ਲਈ 44 ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਰਾਅ ਕੱਢਿਆ। ਇਸ ਡਰਾਅ ਵਿੱਚ 1600 ਯੋਗ ਅਰਜ਼ੀਆਂ ਵਿੱਚੋਂ 44 ਵਿਅਕਤੀਆਂ ਨੂੰ ਲਾਇਸੈਂਸ ਦਿੱਤੇ ਗਏ। ਇਸ ਕਾਰਵਾਈ ਨੂੰ ਵਧੀਕ ਡਿਪਟੀ ਕਮਿਸ਼ਨਰ ਵਿਰਾਜ ਐਸ ਤਿਡਕੇ, ਐਸ.ਡੀ.ਐਮ ਮੁਹਾਲੀ ਦਮਨਦੀਪ ਕੌਰ ਅਤੇ ਹੋਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ।
ਹਾਈ ਕੋਰਟ ਦੇ ਹੁਕਮਾਂ ਅਨੁਸਾਰ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਸਿਰਫ਼ 20 ਫ਼ੀਸਦੀ ਲਾਇਸੈਂਸ ਜਾਰੀ ਹੋਏ ਹਨ। ਮੁਹਾਲੀ, ਖਰੜ, ਬਨੂੜ ਅਤੇ ਹੋਰ ਖੇਤਰਾਂ ਲਈ ਲਾਇਸੈਂਸ ਜਾਰੀ ਕੀਤੇ ਗਏ ਹਨ। ਸਿਰਫ 13 ਥਾਵਾਂ ’ਤੇ ਪਟਾਕਿਆਂ ਦੀ ਵਿਕਰੀ ਦੀ ਇਜਾਜ਼ਤ ਹੋਵੇਗੀ। ਇਸ ਤੋਂ ਇਲਾਵਾ ਕਿਤੇ ਵੀ ਪਟਾਕੇ ਵੇਚਣ ਦੀ ਮਨਾਹੀ ਹੋਵੇਗੀ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਪੱਸ਼ਟ ਕੀਤਾ ਕਿ 31 ਅਕਤੂਬਰ ਦੀਵਾਲੀ ਵਾਲੇ ਦਿਨ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਦੇ ਹਨ। ਇਸੇ ਤਰ੍ਹਾਂ 15 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਤੋਂ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ। ਕ੍ਰਿਸਮਸ ਅਤੇ ਨਵੇਂ ਸਾਲ ਦੇ ਮੌਕੇ ’ਤੇ ਵੀ ਪਟਾਕੇ ਨਿਰਧਾਰਿਤ ਸਮੇਂ ਦੇ ਅੰਦਰ ਹੀ ਚਲਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬਿਨਾਂ ਲਾਇਸੈਂਸ ਤੋਂ ਪਟਾਕੇ ਵੇਚਣਾ ਜਾਂ ਸਟੋਰ ਕਰਨਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੋਵੇਗਾ।