ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਅੱਜ ਮੁਹਾਲੀ ਕੋਰਟ ਨੇ ਸਾਲ 2005 ਵਿਚ ਥਾਣਾ ਸਦਰ ਖਰੜ ਵਿਖੇ ਦਰਜ ਵਿਸਫੋਟਕ ਸਮੱਗਰੀ ਐਕਟ ਅਤੇ ਅਸਲਾ ਐਕਟ ਤਹਿਤ ਦਰਜ ਇਕ ਮਾਮਲੇ ਵਿਚ ਬਰੀ ਕਰ ਦਿੱਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਅੱਜ ਮੁਹਾਲੀ ਅਦਾਲਤ ਵਿਖੇ ਭਾਈ ਜਗਤਾਰ ਸਿੰਘ ਦੀ ਵੀਡਿਓ ਕਾਨਫਰੰਸ ਰਾਹੀਂ ਹੋਈ ਪੇਸ਼ੀ ਦੌਰਾਨ ਉਨ੍ਹਾਂ ਨੂੰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਤੇਜ ਪ੍ਰਤਾਪ ਸਿੰਘ ਰੰਧਾਵਾ ਨੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਨਾਲ ਅਸਲਾ ਐਕਟ ਦੀ ਧਾਰਾ 25, 54 ਅਤੇ 59 ਤਹਿਤ ਦਰਜ ਮਾਮਲੇ ਵਿਚ ਬਰੀ ਕਰ ਦਿੱਤਾ ਹੈ। ਇਸ ਮੌਕੇ ਮੌਜੂਦ ਭਾਈ ਜਗਤਾਰ ਸਿੰਘ ਹਵਾਰਾ ਦੇ ਸਾਥੀ ਜਸਵੰਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸੱਚ ਦੀ ਜਿੱਤ ਹੋਈ।