The Khalas Tv Blog Punjab ਪੰਜਾਬ ‘ਚ 15 ਅਗਸਤ ਤੋਂ ਖੋਲ੍ਹੇ ਜਾਣਗੇ ਮੁਹੱਲਾ ਕਲੀਨਿਕ
Punjab

ਪੰਜਾਬ ‘ਚ 15 ਅਗਸਤ ਤੋਂ ਖੋਲ੍ਹੇ ਜਾਣਗੇ ਮੁਹੱਲਾ ਕਲੀਨਿਕ

ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮੁਹੱਲਾ ਕਲੀਨਿਕ 15 ਅਗਸਤ ਤੋਂ ਸ਼ੁਰੂ ਹੋਣਗੇ। ਮੁੱਢਲੇ ਤੌਰ ’ਤੇ 75 ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਨੂੰ ਪਾਰਟੀ ਨਾਲ ਜੋੜਦਿਆਂ ਉਨ੍ਹਾਂ ਦਾ ਨਾਂ ‘ਆਮ ਆਦਮੀ ਕਲੀਨਿਕ’ ਰੱਖਿਆ ਗਿਆ ਹੈ, ਜਿਸ ਦੀਆਂ ਪਹਿਲੀਆਂ ਤਸਵੀਰਾਂ ਵੀ ਸਾਹਮਣੇ ਆ ਚੁੱਕੀਆਂ ਹਨ। ਪੰਜਾਬ ਦੀ ‘ਆਪ’ ਸਰਕਾਰ ਦਾ ਦਾਅਵਾ ਹੈ ਕਿ ਇਨ੍ਹਾਂ ‘ਚ ਲੋਕਾਂ ਨੂੰ ਘਰ ਨੇੜੇ ਇਲਾਜ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ।

ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਵਾਅਦਾ ਕੀਤਾ ਸੀ ਕਿ ਦਿੱਲੀ ਦੀ ਤਰਜ਼ ’ਤੇ ਪੰਜਾਬ ਵਿੱਚ ਵੀ ਮੁਹੱਲਾ ਕਲੀਨਿਕ ਬਣਾਏ ਜਾਣਗੇ। ਸ਼ਹਿਰਾਂ ਵਿੱਚ ਵਾਰਡ ਕਲੀਨਿਕ ਅਤੇ ਪਿੰਡਾਂ ਵਿੱਚ ਮੁਹੱਲਾ ਕਲੀਨਿਕ ਬਣਾਏ ਜਾਣਗੇ। ਸ਼ੁਰੂ ਵਿੱਚ ਹਰੇਕ ਵਿਧਾਨ ਸਭਾ ਹਲਕੇ ਵਿੱਚ ਇੱਕ ਮੁਹੱਲਾ ਕਲੀਨਿਕ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ ਇਸ ਨੂੰ 15 ਅਗਸਤ ਤੋਂ ਸ਼ੁਰੂ ਕਰਨ ਕਰਕੇ ਇਸ ਵੇਲੇ 75 ਕਲੀਨਿਕ ਬਣਾਏ ਜਾ ਰਹੇ ਹਨ। ਇਹ ਅਕਾਲੀ ਸਰਕਾਰ ਦੇ ਸਮੇਂ ਬਣੇ ਸੇਵਾ ਕੇਂਦਰਾਂ ਦੀਆਂ ਖਾਲੀ ਪਈਆਂ ਇਮਾਰਤਾਂ ਵਿੱਚ ਬਣ ਰਹੇ ਹਨ, ਜਿਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਬੰਦ ਕਰ ਦਿੱਤਾ ਸੀ।

ਵਿਰੋਧੀਆਂ ਦੇ ਨਿਸ਼ਾਨੇ ‘ਤੇ ਵੀ AAP

ਮੁਹੱਲਾ ਕਲੀਨਿਕ ਨੂੰ ਲੈ ਕੇ ਆਮ ਆਦਮੀ ਪਾਰਟੀ ਵੀ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੁਹੱਲਾ ਕਲੀਨਿਕ ਇੱਕ ਮੁਹੱਲੇ ਲਈ ਹੋਣਾ ਚਾਹੀਦਾ ਹੈ। ‘ਆਪ’ ਸਰਕਾਰ ਪੂਰੇ ਵਿਧਾਨ ਸਭਾ ਹਲਕੇ ਲਈ ਕਲੀਨਿਕ ਖੋਲ੍ਹ ਰਹੀ ਹੈ। ਜਿਸ ਦਾ ਬਹੁਤਾ ਫਾਇਦਾ ਨਹੀਂ ਹੋਵੇਗਾ। ਦੂਜੇ ਪਾਸੇ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ। ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾਵੇਗਾ।

ਇਸ ਸਬੰਧੀ ਮੁੱਖ ਭਗਵੰਤ ਸਿੰਘ ਮਾਨ ਨੇ ਟਵੀਟ ਵੀ ਕੀਤਾ ਸੀ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਵਾਅਦੇ ਮੁਤਾਬਿਕ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਅਸੀਂ ਕੰਮ ਕਰ ਰਹੇ ਹਾਂ…15 ਅਗਸਤ ਨੂੰ 75ਵੇਂ ਆਜ਼ਾਦੀ ਦਿਹਾੜੇ ਮੌਕੇ 75 ‘ਆਮ ਆਦਮੀ ਕਲੀਨਿਕ’ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ… ਅਫ਼ਸਰਾਂ ਨਾਲ ‘ਆਮ ਆਦਮੀ ਕਲੀਨਿਕ’ ਲਈ ਚੱਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਜਲਦ ਹੀ ਮੈਂ ਮੌਕੇ ‘ਤੇ ਜਾ ਕੇ ਇਹਨਾਂ ਕੰਮਾਂ ਦਾ ਜਾਇਜ਼ਾ ਲਵਾਂਗਾ.।

Exit mobile version