Punjab

ਅੱਜ ਪੰਜਾਬ ‘ਚ ਦਾਖਲ ਹੋ ਸਕਦਾ ਹੈ ਮੌਨਸੂਨ, 16 ਜ਼ਿਲ੍ਹਿਆਂ ਵਿੱਚ ਮੀਂਹ ਲਈ ਪੀਲਾ ਅਲਰਟ

ਮੁਹਾਲੀ : ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਨੂੰ ਲੈ ਕੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ, ਦੱਖਣ-ਪੱਛਮੀ ਮਾਨਸੂਨ ਹੁਣ ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਦੇ ਕਈ ਹਿੱਸਿਆਂ ਵਿੱਚ ਪਹੁੰਚ ਗਿਆ ਹੈ। ਜੇਕਰ ਮਾਨਸੂਨ ਇਸੇ ਰਫ਼ਤਾਰ ਨਾਲ ਜਾਰੀ ਰਿਹਾ ਤਾਂ ਉਮੀਦ ਹੈ ਕਿ ਇਹ ਅੱਜ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਦਾਖਲ ਹੋਵੇਗਾ।

ਮੌਸਮ ਵਿਭਾਗ ਅਨੁਸਾਰ, ਅਗਲੇ 3 ਦਿਨਾਂ ਲਈ ਮਾਨਸੂਨ ਪੰਜਾਬ ਵਿੱਚ ਦਾਖਲ ਹੋਣ ਲਈ ਅਨੁਕੂਲ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਰਾਤ ਨੂੰ ਰੁਕ-ਰੁਕ ਕੇ ਮੀਂਹ ਪਿਆ ਹੈ। ਜਿਸ ਤੋਂ ਬਾਅਦ ਸਵੇਰੇ ਦਿਨ ਸੁਹਾਵਣਾ ਰਿਹਾ।

ਪੰਜਾਬ ਵਿੱਚ ਅੱਜ ਮੀਂਹ ਲਈ ਪੀਲਾ ਅਲਰਟ

ਅੱਜ ਮੀਂਹ ਨੂੰ ਲੈ ਕੇ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਨਸਾ ਅਤੇ ਬਰਨਾਲਾ ਵਿੱਚ ਮੀਂਹ ਦੀ ਅਲਰਟ ਜਾਰੀ ਕੀਤਾ ਗਿਆ ਹੈ।

26 ਜੂਨ ਤੱਕ ਭਾਰੀ ਮੀਂਹ ਦੀ ਚੇਤਾਵਨੀ

ਮੌਸਮ ਵਿਭਾਗ ਨੇ ਅਗਲੇ ਹਫ਼ਤੇ ਲਈ ਇੱਕ ਵਿਸ਼ੇਸ਼ ਚੇਤਾਵਨੀ ਜਾਰੀ ਕੀਤੀ ਹੈ। 26 ਜੂਨ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। 22 ਜੂਨ ਨੂੰ ਚੰਡੀਗੜ੍ਹ ਅਤੇ ਉੱਤਰੀ ਹਰਿਆਣਾ ਵਿੱਚ ਕੁਝ ਥਾਵਾਂ ‘ਤੇ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।