Punjab

ਪੰਜਾਬ ‘ਚ ਅੱਜ ਤੋਂ ਸਰਗਰਮ ਹੋਵੇਗਾ ਮਾਨਸੂਨ: 15 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

ਮੁਹਾਲੀ : ਪੰਜਾਬ ਵਿੱਚ ਸਵੇਰ ਤੋਂ ਬੱਦਲ ਛਾਏ ਹੋਏ ਹਨ। ਕਈ ਜ਼ਿਲ੍ਹਿਆਂ ਵਿੱਚ ਕੱਲ ਦੇਰ ਰਾਤ ਤੋਂ ਕਿਤੇ ਹਲਕਾ ਤਾਂ ਕਿਤੇ ਭਾਰੀ ਮੀਂਹ ਪੈ ਰਿਹੈ ਹੈ। ਪਟਿਆਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ ਅਤੇ ਮੁਹਾਲੀ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ।

ਇਸ ਦੇ ਨਾਲ ਹੀ ਪੰਜਾਬ ‘ਚ ਅੱਜ ਤੋਂ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਲੰਬੇ ਸਮੇਂ ਤੋਂ ਸੁਸਤ ਰਹਿਣ ਵਾਲਾ ਮਾਨਸੂਨ ਅੱਜ ਸਰਗਰਮ ਹੋ ਸਕਦਾ ਹੈ। ਅੱਜ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਸੰਗਰੂਰ, ਮਾਨਸਾ ਅਤੇ ਬਠਿੰਡਾ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਵੀ ਤਾਪਮਾਨ ‘ਚ ਮਾਮੂਲੀ ਵਾਧਾ ਦੇਖਿਆ ਗਿਆ। ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 2.1 ਡਿਗਰੀ ਵੱਧ ਦਰਜ ਕੀਤਾ ਗਿਆ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਪਿਆ

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸੋਮਵਾਰ ਸ਼ਾਮ ਤੱਕ ਅੰਮ੍ਰਿਤਸਰ ਵਿੱਚ 0.7 ਮਿਲੀਮੀਟਰ, ਫ਼ਿਰੋਜ਼ਪੁਰ ਵਿੱਚ 0.5 ਮਿਲੀਮੀਟਰ, ਗੁਰਦਾਸਪੁਰ ਵਿੱਚ 4 ਮਿਲੀਮੀਟਰ ਅਤੇ ਪਠਾਨਕੋਟ ਵਿੱਚ 1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਦੋਂ ਕਿ ਦੇਰ ਰਾਤ ਪੂਰਬੀ ਮਾਲਵੇ ਵਿੱਚ ਮੀਂਹ ਦੇ ਅਲਰਟ ਤੋਂ ਇਲਾਵਾ ਮਾਨਸਾ, ਸੰਗਰੂਰ, ਬਰਨਾਲਾ, ਬਠਿੰਡਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਮੋਗਾ, ਜਲੰਧਰ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਲਈ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ।