ਮਾਨਸਾ : ਮੁੱਖ ਮੰਤਰੀ ਭਗਵੰਤ ਮਾਨ ( CM Bhagwant Singh Mann ) ਆਪਣੀ ਪਤਨੀ ਦੀ ਸੁਰੱਖਿਆ ਨੂੰ ਲੈ ਕੇ ਸਵਾਲਾਂ ਦੇ ਘੇਰੇ ਵਿੱਚ ਹਨ। ਜਿੱਥੇ ਸੋਸ਼ਲ ਮੀਡੀਆ ਉੱਪਰ ਅਤੇ ਪੰਜਾਬ ਦੀ ਸਿਆਸਤ ਵਿੱਚ ਸੀਐਮ ਮਾਨ ਦੀ ਪਤਨੀ ਨੂੰ 40 ਦੇ ਕਰੀਬ ਸੁਰੱਖਿਆ ਮੁਲਾਜ਼ਮ ਦੇਣ ਨੂੰ ਲੈ ਕੇ ਸਿਆਸੀ ਹਲਚਲ ਮਚੀ ਹੋਈ ਹੋਈ ਉੱਥੇ ਹੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ( Sidhu Moosewala’s father Balkaur Singh ) ਨੇ ਵੀ ਇਸ ਮਾਮਲੇ ਵਿੱਚ ਤਿੱਖੇ ਸਵਾਲ ਕੀਤੇ ਹਨ।
ਆਪਣੇ ਪਿੰਡ ਵਿਖੇ ਇੱਕ ਇੱਕਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੁੱਤ ਦੇ ਕਤਲ ਨੂੰ 10 ਮਹੀਨਿਆਂ ਦਾ ਸਮਾਂ ਹੋਣ ਵਾਲਾ ਹੈ, ਪਰ ਅਜੇ ਤੱਕ ਅਸਲੀ ਕਾਤਲਾਂ ਦਾ ਪਤਾ ਨਹੀਂ ਲੱਗਿਆ ਜਦਕਿ ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਸਹੀ ਦੱਸਿਆ ਜਾ ਰਿਹਾ ਹੈ। ਇਸ ਦੇ ਉਲਟ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਲਈ 40-40 ਸੁਰੱਖਿਆ ਜਵਾਨ ਜੈਮਰ ਸਣੇ ਲਾਉਣ ਦੇ ਹੁਕਮ ਦਿੱਤੇ ਹਨ।
ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਪੁੱਤ ਦੀ ਪਹਿਲੀ ਬਰਸੀ ਮਨਾਉਣ ਜਾ ਰਹੇ ਹਨ ਅਤੇ ਸਰਕਾਰਾਂ ਤੋਂ ਜਦੋਂ ਇਨਸਾਫ਼ ਦੀ ਆਸ ਨਾ ਰਹੀ ਤਾਂ ਪੰਜਾਬ ਦੇ ਲੋਕਾਂ ਨੂੰ ਨਾਲ ਲੈ ਕੇ ਨਿਆਂ ਲੈਣ ਲਈ ਸੜਕਾਂ ’ਤੇ ਉਤਰਨਗੇ। ਉਨ੍ਹਾਂ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੀ ਤਸਵੀਰ ਗੋਲੀਆਂ ਨਾਲ ਛਲਣੀ ਕੀਤੀ ‘ਥਾਰ’ ਉਤੇ ਰੱਖ ਕੇ ਸੜਕਾਂ ’ਤੇ ਘੁੰਮਣਗੇ।
ਉਨ੍ਹਾਂ ਨੇ ਸਵਾਲ ਕੀਤਾ ਕਿ ਉਸ ਦੇ ਪੁੱਤ ਨੂੰ ਮਾਰਨ ਲਈ ਕਰੋੜਾਂ ਦੇ ਹਥਿਆਰ ਕਿਸ ਨੇ ਲੈ ਕੇ ਦਿੱਤੇ ਅਤੇ ਲਾਰੈਂਸ ਬਿਸ਼ਨੋਈ ਸਮੇਤ ਗੋਲਡੀ ਬਰਾੜ ਨੇ ਉਸ ਦੇ ਕਤਲ ਦੀ ਜ਼ਿੰਮੇਵਾਰੀ ਅਖ਼ਬਾਰਾਂ ਤੇ ਸੋਸ਼ਲ ਮੀਡੀਆ ’ਤੇ ਲਈ, ਜਿਸ ਤੋਂ ਵੱਡੇ ਪੁਲੀਸ ਕੋਲ ਹੋਰ ਕੀ ਸਬੂਤ ਹੋ ਸਕਦੇ ਹਨ।
ਉਨ੍ਹਾਂ ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਉਣ ਸਬੰਧੀ ਜਾਣਕਾਰੀ ਨਸ਼ਰ ਕਰਨ ਵਾਲੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਤੋਂ ਪੁੱਛ-ਪੜਤਾਲ ਕਰਨ ਲਈ ਸਰਕਾਰ ਨੂੰ 4-5 ਵਾਰ ਬੇਨਤੀ ਕਰ ਚੁੱਕੇ ਹਨ ਪਰ ਅਜਿਹਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵਿਦੇਸ਼ਾਂ ਨੂੰ ਜਾਣ ਦੇ ਰੁਝਾਨ ਦੇ ਹੱਲ ਲਈ ਮੁੱਖ ਮੰਤਰੀ ਅਤੇ ਉਸ ਦੀ ਕੈਬਨਿਟ ਅਜੇ ਤੱਕ ਗੰਭੀਰ ਨਹੀਂ ਹੋਈ।