Punjab

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਹਰ ਵਾਅਦਾ ਪੂਰਾ ਕੀਤਾ ਹੈ : CM ਭਗਵੰਤ ਸਿੰਘ ਮਾਨ

ਲੁਧਿਆਣਾ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਵਾਅਦਾ ਪੁਗਾਉਂਦਿਆਂ ਅਤੇ ਦਿੱਲੀ ਮਾਡਲ ਲਾਗੂ ਕਰਦਿਆਂ ਲੁਧਿਆਣਾ ਵਿਖੇ 80 ਹੋਰ ਆਮ ਆਦਮੀ ਕਲੀਨਿਕਾਂ ਦੀ ਸੌਗਾਤ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਸੂਬੇ ਦੇ ਲੋਕਾਂ ਨੂੰ 80 ਹੋਰ ਆਮ ਆਦਮੀ ਕਲੀਨਿਕਾਂ ਦੇ ਮਰੀਜ਼ਾਂ ਦੇ ਲਈ ਦਰਵਾਜ਼ੇ ਖੋਲ ਦਿੱਤੇ ਹਨ।

ਮੁੱਖ ਮੰਤਰੀ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲੁਧਿਆਣਾ ਵਿਖੇ ਨਵੇਂ ਆਮ ਆਦਮੀ ਕਲੀਨਿਕ, ਲੋਕਾਂ ਨੂੰ ਸਮਰਪਿਤ ਕੀਤੇ। ਆਪਣੇ ਭਾਸ਼ਣ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਜੋ ਵਾਅਦਾ ਪੰਜਾਬ ਦੇ ਲੋਕਾਂ ਨਾਲ ਕੀਤਾ ਸੀ ਉਹ ਅੱਜ ਪੂਰਾ ਹੋਣ ਜਾ ਰਿਹਾ ਹੈ।

ਮਾਨ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਸਿਫ਼ਤਾਂ ਕਰਦਿਆਂ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਸਿੱਖਿਆ ਦਾ ਪੱਧਰ ਉੱਪਰ ਚੁੱਕਿਆ ਹੈ ਤੇ ਸਕੂਲਾਂ ਦੀ ਹਾਲਤ ਵਿੱਚ ਸੁਧਾਰ ਕੀਤਾ ਹੈ। ਮਾਨ ਨੇ ਕਿਹਾ ਕਿ ਉਸੇ ਸਕੂਲ ਦੇ ਵਿੱਚ ਹੁਣ ਇੱਕ ਮੰਤਰੀ ਦਾ ਪੁੱਤਰ ਵੀ ਪੜ੍ਹ ਰਿਹਾ ਹੈ ਅਤੇ ਇੱਕ ਮਜ਼ਦੂਰ ਦਾ ਵੀ।

ਮਾਨ ਨੇ ਕਿਹਾ ਜੇਕਰ ਨੀਅਤ ਸਾਫ਼ ਹੋਵੇ ਤਾਂ ਸਭ ਕੁਝ ਕੀਤਾ ਜਾ ਸਕਦਾ ਹੈ। ਆਪ ਸਰਕਾਰ ਨੇ ਉਹ ਕੰਮ ਵੀ ਕੀਤੇ ਹਨ,ਜਿਨ੍ਹਾਂ ਦੀ ਉਨ੍ਹਾਂ ਨੇ ਕੋਈ ਗਾਰੰਟੀ ਵੀ ਨੀ ਸੀ ਦਿੱਤੀ। ਪਿਛਲੀਆਂ ਸਰਕਾਰਾਂ ‘ਤੇ ਤੰਜ ਕੱਸਦਿਆਂ ਮਾਨ ਨੇ ਕਿਹਾ ਕਿ ਉਹ ਜਿੱਤਣ ਸਾਰ ਹੀ ਕਹਿਣ ਲੱਗ ਜਾਂਦੀਆਂ ਸਨ ਕਿ ਖ਼ਜ਼ਾਨਾ ਖਾਲੀ ਹੋ ਗਿਆ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿੱਚ ਕਦੇ ਵੀ ਖਜ਼ਾਨਾ ਖਾਲੀ ਨਹੀਂ ਹੋਵੇਗਾ ਕਿਉਂਕਿ ਉਨ੍ਹਾਂ ਦੀ ਸਰਕਾਰ ਇੱਕ ਇਮਾਨਦਾਰ ਸਰਕਾਰ ਹੈ।

ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 25 ਲੱਖ 25 ਹਜ਼ਾਰ ਤੋਂ ਜ਼ਿਆਦਾ ਲੋਕ ਇਲਾਜ਼ ਕਰਵਾ ਕੇ ਠੀਕ ਹੋ ਚੁੱਕੇ ਹਨ। ਉਨ੍ਹਾਂ ਨੇ ਦੱਸਿਆ ਕਿ ਇਹ ਕਲੀਨਿਕ ਲੋਕਾਂ ਨੂੰ 41 ਦੀ ਕਰੀਬ ਟੈਸਟ ਅਤੇ ਦਵਾਈਆਂ ਮੁਫਤ ਪ੍ਰਦਾਨ ਕਰ ਰਹੇ ਹਨ।
ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਤੱਕ 29 ਹਜ਼ਾਰ ਤੋਂ ਵੱਧ ਨੌਕਰੀਆਂ ਦੇ ਚੁੱਕੀ ਹੈ ਤੇ ਇਹ ਕੋਈ ਸ਼ਕਤੀ ਪ੍ਰਦਰਸ਼ਨ ਨਹੀਂ ਇਹ ਗਾਰੰਟੀ ਪ੍ਰਦਰਸ਼ਨ ਹੈ।ਇਸ ਤੋਂ ਇਲਾਵਾ ਉਹਨਾਂ ਆਪਣੀ ਸਰਕਾਰ ਦੀਆਂ ਹੋਰ ਪ੍ਰਾਪਤੀਆਂ ਵੀ ਗਿਣਵਾਈਆਂ।